ਹੜ੍ਹਾਂ ਦੇ ਮੱਦੇਨਜ਼ਰ ਫਸਲ ਦਾ ਝਾੜ ਘੱਟ ਨਿਕਲਣ ਕਰਕੇ ਪੰਜਾਬ ਦੇ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਜਾਰੀ ਕਰੇ ਕੇਂਦਰ ਸਰਕਾਰ : ਚੇਅਰਮੈਨ
ਕਿਸਾਨਾਂ ਨੂੰ ਫਸਲ ਦੀ 20,345 ਕਰੋੜ ਰੁਪਏ ਦੀ ਕੀਤੀ ਅਦਾਇਗੀ
ਮੋਹਾਲੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ਼ ਨਿਰਵਿਘਨ ਚੱਲ ਰਹੇ ਹਨ ਅਤੇ ਲਿਫਟਿੰਗ ਵੀ ਤੇਜੀ ਨਾਲ ਹੋ ਰਹੀ ਹੈ। ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚੋਂ ਖਰੀਦੀ ਗਈ ਫਸਲ ਦੀ ਲੱਗਭੱਗ 78 ਫੀਸਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 96.33 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ ਅਤੇ 93.24 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 93.05 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਹੁਣ ਤੱਕ ਮੰਡੀਆਂ ਵਿੱਚੋਂ ਲੱਗਭੱਗ 72.31 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਹੁਣ ਤੱਕ ਕਿਸਾਨਾਂ ਨੂੰ ਕਰੀਬ 20,345 ਕਰੋੜ ਰੁਪਏ ਦੀ ਅਦਾਇਗੀ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ 152 ਮੁੱਖ ਯਾਰਡ, 283 ਸਬ ਯਾਰਡ ਅਤੇ 1387 ਖ੍ਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਸਹੂਲਤ ਲਈ 713 ਆਰਜੀ ਖਰੀਦ ਕੇਂਦਰ ਵੀ ਬਣਾਏ ਗਏ ਹਨ। ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਬਾਰੇ ਦੱਸਦਿਆਂ ਸ. ਬਰਸਟ ਨੇ ਕਿਹਾ ਕਿ ਪਨਗ੍ਰੇਨ ਵੱਲੋਂ ਸਭ ਤੋਂ ਵੱਧ 39,06,227 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 23,91,000 ਮੀਟ੍ਰਿਕ ਟਨ, ਪਨਸਪ ਵੱਲੋਂ 19,05,121 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 10,75,930 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 26,653 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 19,572 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਪਟਿਆਲਾ ਜਿਲ੍ਹੇ ਵਿੱਚ ਸਭ ਤੋਂ ਵੱਧ 8,71,550 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ, ਜਦਕਿ ਦੂਜੇ ਨੰਬਰ ਤੇ ਤਰਨਤਾਰਨ ਵਿੱਚ 8,41,260 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਫਿਰੋਜਪੁਰ ਵਿੱਚ 7,22,910 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ। ਬੀਤੇ ਸੋਮਵਾਰ ਨੂੰ ਮੰਡੀਆਂ ਵਿੱਚ 6.22 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ, ਜਦਕਿ 6.06 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ਅਤੇ 6.07 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ।
ਚੇਅਰਮੈਨ ਨੇ ਕਿਹਾ ਕਿ ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਅਤੇ ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ। ਝੋਨੇ ਦੀ ਫਸਲ ਦਾ ਝਾੜ ਘੱਟ ਨਿਕਲ ਰਿਹਾ ਹੈ, ਜਿਸ ਕਰਕੇ ਕਿਸਾਨਾਂ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ। ਇਸਦੇ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਔਖੀ ਘੜੀ ਵਿੱਚ ਉਹ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਜਾਰੀ ਕਰੇ, ਤਾਂ ਜੋ ਕਿਸਾਨਾਂ ਦੇ ਨੁਕਸਾਨ ਦੀ ਭਰਭਾਈ ਹੋ ਸਕੇ। ਉਨ੍ਹਾਂ ਕਿਹਾ ਕਿ ਸਾਉਣੀ ਖਰੀਦ ਸੀਜਨ 2025-26 ਦੌਰਾਨ ਮੰਡੀਆਂ ਵਿੱਚ ਲਿਫਟਿੰਗ ਸੁਚੱਜੇ ਢੰਗ ਨਾਲ ਹੋ ਰਹੀ ਹੈ। ਇਸ ਦਾ ਕਾਰਨ ਝੋਨੇ ਦੇ ਮੰਡੀ ਲੇਬਰ ਰੇਟਾਂ ਵਿੱਚ ਕੀਤਾ ਗਿਆ 10 ਫੀਸਦੀ ਵਾਧਾ ਹੈ, ਜਿਸ ਤੋਂ ਮੰਡੀ ਮਜਦੂਰ ਅਤੇ ਉਨ੍ਹਾਂ ਦੇ ਪਰਿਵਾਰ ਬਹੁਤ ਖੁਸ਼ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੇ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਲਈ ਸੂਬੇ ਦੀਆਂ ਮੰਡੀਆਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਅਤੇ ਬੈਠਣ ਆਦਿ ਦੇ ਪੁਖਤਾਂ ਪ੍ਰਬੰਧ ਕੀਤੇ ਗਏ ਹਨ, ਤਾਂ ਕਿ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਦੇਰੀ ਤੋਂ ਵੇਚ ਸਕਣ।