Tuesday, December 16, 2025

Malwa

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

October 30, 2025 08:26 PM
SehajTimes
ਭਵਾਨੀਗੜ੍ਹ : ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ ’ਤੇ ਖੇਡਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ “ਹਰ ਪਿੰਡ ਖੇਡ ਮੈਦਾਨ”ਮੁਹਿੰਮ ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਖੁਰਦ ਵਿੱਚ 55 ਲੱਖ ਰੁਪਏ ਦੀ ਲਾਗਤ ਨਾਲ ਤੇ ਪਿੰਡ ਬਾਲਦ ਕਲਾਂ ਵਿੱਚ 31 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਖੇਡ ਮੈਦਾਨਾਂ ਵਿੱਚ ਨੌਜਵਾਨਾਂ ਲਈ ਵੱਖ ਵੱਖ ਖੇਡਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਕਦਮ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਬਤੀਤ ਕਰ ਸਕਣਗੇ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਪਿੰਡ ਵਿੱਚ ਸ਼ਾਨਦਾਰ ਖੇਡ ਮੈਦਾਨ ਬਣਾਉਣਾ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਘਰ ਦੇ ਨੇੜੇ ਹੀ ਖੇਡਾਂ ਲਈ ਉੱਚ ਪੱਧਰੀ ਢਾਂਚਾ ਪ੍ਰਾਪਤ ਹੋਵੇ। ਉਨ੍ਹਾਂ ਨੇ ਕਿਹਾ ਕਿ ਇਹ ਮੈਦਾਨ ਸਿਰਫ਼ ਖੇਡਾਂ ਤੱਕ ਹੀ ਸੀਮਤ ਨਹੀਂ ਰਹਿਣਗੇ, ਸਗੋਂ ਇਹ ਪਿੰਡਾਂ ਵਿੱਚ ਸਮਾਜਕ ਇਕਜੁੱਟਤਾ ਅਤੇ ਸਿਹਤਮੰਦ ਜੀਵਨ ਦੀ ਪ੍ਰੇਰਣਾ ਦੇਣਗੇ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਅਤੇ ਹਲਕਾ ਸੰਗਰੂਰ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਲੋਕ ਇਹਨਾਂ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ, ਜੇਕਰ ਕਿਤੇ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਉਹਨਾਂ ਧਿਆਨ ਵਿੱਚ ਲਿਆਂਦੀ ਜਾਵੇ। ਇਸ ਮੌਕੇ ਜਤਿੰਦਰ ਸਿੰਘ ਵਿੱਕੀ ਬਾਜਵਾ ਪ੍ਰਧਾਨ ਟਰੱਕ ਯੂਨੀਅਨ ਭਵਾਨੀਗੜ੍ਹ, ਜਗਸੀਰ ਸਿੰਘ ਝਨੇੜੀ ਚੇਅਰਮੈਨ ਮਾਰਕੀਟ ਕਮੇਟੀ ਭਾਨੀਗੜ੍ਹ, ਲਖਵਿੰਦਰ ਸਿੰਘ ਲੱਖਾ ਫੱਗੂਵਾਲਾ, ਦੋਵੇਂ ਪਿੰਡਾਂ ਦੀਆਂ ਪੰਚਾਇਤਾਂ, ਆਮ ਆਦਮੀ ਪਾਰਟੀ ਦੇ ਆਗੂ, ਸਮਾਜ ਸੇਵੀ, ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਰਹੇ, ਜਿਨ੍ਹਾਂ ਨੇ ਇਸ ਕਦਮ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
 
 
 

Have something to say? Post your comment

 

More in Malwa