Tuesday, December 16, 2025

Chandigarh

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

October 31, 2025 09:50 PM
SehajTimes

ਫਲਾਇੰਗ ਸਕੁਐਡ ਟੀਮਾਂ ਵੱਲੋਂ ਸੱਤ ਜ਼ਿਲ੍ਹਿਆਂ ਵਿੱਚ ਨਵੀਨੀਕਰਨ ਕਾਰਜਾਂ ਦਾ ਜਾਇਜ਼ਾ

ਚੰਡੀਗੜ੍ਹ  : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗਠਿਤ ਕੀਤੀ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਸੂਬੇ ਭਰ ਵਿੱਚ ਪੰਜਾਬ ਮੰਡੀ ਬੋਰਡ ਅਤੇ ਪੀ.ਡਬਲਿਊ.ਡੀ. ਵੱਲੋਂ ਦਿਹਾਤੀ ਲਿੰਕ ਸੜਕਾਂ ਦੇ ਕਰਵਾਏ ਜਾ ਰਹੇ ਨਵੀਨੀਕਰਨ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਹ ਨਿਗਰਾਨੀ ਸੂਬਾ ਸਰਕਾਰ ਵੱਲੋਂ 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਸਬੰਧੀ ਸ਼ੁਰੂ ਕੀਤੇ ਵਿਆਪਕ ਪ੍ਰੋਜੈਕਟ ਦਾ ਹਿੱਸਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੜਕਾਂ ਦੇ ਨਵੀਨੀਕਰਨ ਲਈ ਬਿਹਤਰੀਨ ਗੁਣਵੱਤਾ ਵਾਲੀ ਸਮੱਗਰੀ ਵਰਤੀ ਜਾ ਰਹੀ ਹੈ, ਪਰ ਉਨ੍ਹਾਂ ਨੇ ਨਾਲ ਹੀ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਠੇਕੇਦਾਰ ਸਮੱਗਰੀ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੀ.ਐਮ. ਫਲਾਇੰਗ ਸਕੁਐਡ ਟੀਮਾਂ ਫ਼ੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਹੁਣ ਤੱਕ ਸੱਤ ਜ਼ਿਲ੍ਹਿਆਂ ਵਿੱਚ ਕਾਰਜਾਂ ਦਾ ਨਿਰੀਖਣ ਕਰ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਜ਼ਿਲ੍ਹਿਆਂ ਵਿੱਚ ਫਰੀਦਕੋਟ, ਐਸ.ਬੀ.ਐਸ. ਨਗਰ, ਤਰਨ ਤਾਰਨ, ਸ੍ਰੀ ਮੁਕਤਸਰ ਸਾਹਿਬ, ਜਲੰਧਰ, ਪਟਿਆਲਾ ਅਤੇ ਗੁਰਦਾਸਪੁਰ ਸ਼ਾਮਲ ਹਨ।

ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 30,237 ਲਿੰਕ ਸੜਕਾਂ ਹਨ ਜਿਨ੍ਹਾਂ ਦੀ ਕੁੱਲ ਲੰਬਾਈ 64,878 ਕਿਲੋਮੀਟਰ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਵਿੱਚੋਂ 33492 ਕਿਲੋਮੀਟਰ ਸੜਕਾਂ ਪੰਜਾਬ ਮੰਡੀ ਬੋਰਡ ਅਧੀਨ ਹਨ ਅਤੇ 31,386 ਕਿਲੋਮੀਟਰ ਸੜਕਾਂ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਅਧੀਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ 19,491.56 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੀਆਂ 7,373 ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਸਬੰਧੀ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ 'ਤੇ 4,150.42 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚ ਪੰਜ ਸਾਲਾਂ ਦੇ ਰੱਖ-ਰਖਾਅ ਦਾ ਖਰਚਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 3,424.67 ਕਰੋੜ ਰੁਪਏ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਖਰਚ ਕੀਤੇ ਜਾਣਗੇ ਜਦੋਂ ਕਿ 725.75 ਕਰੋੜ ਰੁਪਏ ਪੰਜ ਸਾਲਾਂ ਦੇ ਰੱਖ-ਰਖਾਅ ਲਈ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਲਈ ਕੀਤੇ ਗਏ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਸਰਵੇਖਣ ਦੇ ਨਤੀਜੇ ਵਜੋਂ 383.53 ਕਰੋੜ ਰੁਪਏ ਦੀ ਬੱਚਤ ਹੋਈ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧੁੰਦ ਜਾਂ ਹਨੇਰੇ ਦੌਰਾਨ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਮੁਰੰਮਤ ਅਤੇ ਅੱਪਗ੍ਰੇਡ ਕੀਤੀਆਂ ਲਿੰਕ ਸੜਕਾਂ 'ਤੇ 91.83 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵਿਸ਼ੇਸ਼ ਸੜਕ ਸੁਰੱਖਿਆ ਪ੍ਰੋਜੈਕਟ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧੁੰਦ ਜਾਂ ਹਨੇਰੇ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿੰਕ ਸੜਕਾਂ ਦੇ ਦੋਵੇਂ ਪਾਸੇ ਤਿੰਨ ਇੰਚ ਚੌੜੀ ਚਿੱਟੀ ਪੱਟੀ ਪੇਂਟ ਕੀਤੀ ਜਾਵੇਗੀ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ