Monday, November 03, 2025

Chandigarh

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

November 02, 2025 10:56 PM
SehajTimes

ਰੋਜ਼ਗਾਰ ਨੇ ਸੂਬੇ ’ਚੋਂ ਪ੍ਰਤਿਭਾ ਪਲਾਇਨ ਦੀ ਸਮੱਸਿਆ ਨੂੰ ਠੱਲ੍ਹ ਪਾਈ

ਸੂਬੇ ਅਤੇ ਇਸ ਦੇ ਨੌਜਵਾਨਾਂ ਨੂੰ ਅਣਗੌਲਿਆ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਨਿੰਦਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪਿਛਲੇ 3.5 ਸਾਲਾਂ ਵਿੱਚ ਨੌਜਵਾਨਾਂ ਨੂੰ 56856 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਨਵਾਂ ਰਿਕਾਰਡ ਬਣਾਇਆ ਹੈ, ਜਿਸ ਨਾਲ ਪ੍ਰਤਿਭਾ ਪਲਾਇਨ ਦੇ ਰੁਝਾਨ ਨੂੰ ਪੁੱਠਾ ਗੇੜ ਪੈ ਗਿਆ ਹੈ।

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ‘ਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਇਹ ਥਾਂ ਅਜਿਹੇ ਕਈ ਸਮਾਗਮਾਂ ਦੀ ਗਵਾਹ ਬਣੀ ਹੈ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਕੁਝ ਨੌਜਵਾਨਾਂ ਨੂੰ ਤਾਂ ਦੋ ਜਾਂ ਤਿੰਨ ਨੌਕਰੀਆਂ ਵੀ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਕਮਾਨ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਯੋਗ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਜਿਸ ਦੇ ਚਲਦਿਆਂ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅੱਜ 858 ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ ਅਤੇ ਹੁਣ ਉਹ ਸੂਬੇ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਨੌਜਵਾਨਾਂ ‘ਤੇ ਕੋਈ ਅਹਿਸਾਨ ਨਹੀਂ ਹੈ, ਬਲਕਿ ਉਹ ਆਪਣੀ ਯੋਗਤਾ ਨਾਲ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਬਣੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਪਾਸੇ ਵੱਲ ਧਿਆਨ ਦੇਣ ਦੀ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸਰਕਾਰ ਦਾ ਅਨਿੱਖੜਵਾਂ ਅੰਗ ਬਣਨ ਲਈ ਆਖਦਿਆਂ ਉਨ੍ਹਾਂ ਨੂੰ ਪੂਰੇ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਵੀ ਕਿਹਾ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਮੈਰਿਟ ਅਧਾਰ 'ਤੇ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਭਰਤੀਆਂ ਪੂਰੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਗਈਆਂ ਹਨ ਅਤੇ ਨੌਜਵਾਨਾਂ ਨੇ ਸਖ਼ਤ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਕੇ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇੱਕੋ ਇੱਕ ਏਜੰਡਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸਸ਼ਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਿਵਸ ਹੈ ਪਰ ਕੀ ਇਹ ਸੱਚਮੁੱਚ ਖੁਸ਼ੀ ਦਾ ਪਲ ਹੈ ਕਿਉਂਕਿ ਇਸ ਦਿਨ ਸੂਬੇ ਨੂੰ ਵੱਖ ਵੱਖ ਹਿੱਸਿਆਂ ਵਿੱਚ ਵੰਡਿਆ ਗਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਕਦੇ ਵੀ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਨ੍ਹਾਂ ਨੂੰ ਤਾਂ ਸਿਰਫ਼ ਆਪਣੇ ਪਰਿਵਾਰਾਂ ਦੀ ਭਲਾਈ ਦੀ ਚਿੰਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਰੁੱਧ ਕੋਈ ਠੋਸ ਮੁੱਦਾ ਨਾ ਮਿਲਣ ਕਰਕੇ ਨਿਰਾਸ਼ਾ ਦੇ ਆਲਮ ਵਿੱਚ ਘਿਰੀ ਵਿਰੋਧੀ ਧਿਰ ਆਪਣੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਉਨ੍ਹਾਂ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦੀਆਂ ਇਹ ਘਟੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ ਕਿਉਂਕਿ ਸੂਬੇ ਦੇ ਲੋਕ ਉਨ੍ਹਾਂ ਦੇ ਘਟੀਆ ਹੱਥਕੰਡਿਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ, ਜੇਈਈ ਅਤੇ ਜੇਈਈ ਐਡਵਾਂਸਡ ਵਰਗੀਆਂ ਵੱਕਾਰੀ ਪ੍ਰੀਖਿਆਵਾਂ ਪਾਸ ਕਰਕੇ ਜ਼ਮੀਨੀ ਪੱਧਰ 'ਤੇ ਬਦਲਾਅ ਦੇ ਯਤਨਾਂ ‘ਤੇ ਮੋਹਰ ਲਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਉਨ੍ਹਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ ਅਤੇ ਕਿਹਾ ਕਿ ਇਹ ਆਗੂ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੰਦੇ ਸਨ, ਸਗੋਂ ਸੁਣਨ ਵਿੱਚ ਇਹ ਵੀ ਆਇਆ ਹੈ ਕਿ ਉਹ ਆਪਣੀਆਂ ਸਰਕਾਰੀ ਸਰਕਾਰੀ ਗੱਡੀਆਂ ਵਿੱਚ ਵੀ ਨਸ਼ੇ ਵੇਚਦੇ/ਸਪਲਾਈ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖ਼ਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ, ਪਰ ਉਨ੍ਹਾਂ ਦੀ ਸਰਕਾਰ ਨੇ ਅਜਿਹਾ ਕਰ ਕੇ ਦਿਖਾਇਆ ਹੈ ਅਤੇ ਉਨ੍ਹਾਂ ਨੂੰ ਹੁਣ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਦੋਂ ਉਕਤ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਵਿਰੋਧੀ ਰਾਜਨੀਤਿਕ ਪਾਰਟੀਆਂ ਵਿਚਕਾਰ ਨਾਪਾਕ ਗਠਜੋੜ ਦਾ ਪਰਦਾਫਾਸ਼ ਹੋਇਆ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਰੌਲਾ ਪਾ ਕੇ ਮੁਲਜ਼ਮ ਲਈ ਵਿਸ਼ੇਸ਼ ਸੈੱਲਾਂ ਅਤੇ ਸਹੂਲਤਾਂ ਮੰਗਣ ਦੀ ਕੋਸ਼ਿਸ਼ ਕੀਤੀ।

ਮੁੱਖ ਮੰਤਰੀ ਨੇ ਇਸ ਗੱਲ ‘ਤੇ ਅਫ਼ਸੋਸ ਜਤਾਇਆ ਕਿ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦੂਸ਼ਣ ਲਈ ਪੰਜਾਬ ਨੂੰ ਪਰਾਲੀ ਸਾੜਨ ਦੇ ਨਾਂ ‘ਤੇ ਯੋਜਨਾਬੱਧ ਸਾਜ਼ਿਸ਼ ਤਹਿਤ ਬਦਨਾਮ ਕੀਤਾ ਜਾ ਰਿਹਾ ਹੈ ਜਦੋਂ ਕਿ ਅਸਲੀਅਤ ਇਸ ਤੋਂ ਕਿਤੇ ਵੱਖਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਲਈ ਪੰਜਾਬ ਨੂੰ ਦੋਸ਼ੀ ਠਹਿਰਾਉਣ ਵਾਲੇ ਭੁੱਲ ਜਾਂਦੇ ਹਨ ਕਿ ਹਰਿਆਣਾ ਸੂਬਾ ਪੰਜਾਬ ਅਤੇ ਰਾਸ਼ਟਰੀ ਰਾਜਧਾਨੀ ਦੇ ਵਿਚਕਾਰ ਪੈਂਦਾ ਹੈ, ਫਿਰ ਵੀ ਉਸ ‘ਤੇ ਕੋਈ ਉਂਗਲ ਨਹੀਂ ਉਠਾ ਰਿਹਾ। ਉਨ੍ਹਾਂ ਨੇ ਸਿਆਸਤ ਕਰਨ ਵਾਲੇ ਆਗੂਆਂ ਨੂੰ ਸਪੱਸ਼ਟ ਤੌਰ 'ਤੇ ਪੁੱਛਿਆ ਕਿ ਮੌਜੂਦਾ ਸਮੇਂ ਦਿੱਲੀ ਦਾ ਏਕਿਊਆਈ ਇੰਨਾ ਮਾੜਾ ਕਿਉਂ ਹੈ, ਜਦੋਂ ਕਿ ਪੰਜਾਬ ਵਿੱਚ ਤਾਂ ਪਰਾਲੀ ਸਾੜੀ ਹੀ ਨਹੀਂ ਜਾ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਸਿਹਤ ਪ੍ਰਣਾਲੀ ਨੂੰ ਬਦਲਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਨ੍ਹਾਂ ਨੂੰ ਬਹੁ-ਕੌਮੀ ਹਸਪਤਾਲ ਚੇਨਾਂ ਤੋਂ ਰਿਸ਼ਵਤ ਅਤੇ ਸਹੂਲਤਾਂ ਮਿਲਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਿਰਫ਼ ਨਿੱਜੀ ਸਿਹਤ ਅਤੇ ਸਿੱਖਿਆ ਸਹੂਲਤਾਂ ਨੂੰ ਉਤਸ਼ਾਹਿਤ ਕੀਤਾ ਜਿਸ ਕਾਰਨ ਸਰਕਾਰੀ ਸਹੂਲਤਾਂ ਇਨ੍ਹਾਂ ਖੇਤਰਾਂ ਵਿੱਚ ਪਛੜ ਗਈਆਂ। ਉਨ੍ਹਾਂ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਖੇਤਰਾਂ ਨੂੰ ਮੁੜ ਸੁਰਜੀਤ ਕਰਨ 'ਤੇ ਜ਼ੋਰ ਦਿੱਤਾ, ਜਿਸ ਸਦਕਾ ਇਨ੍ਹਾਂ ਖੇਤਰਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਦੇਖੇ ਜਾ ਸਕਦੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਵੀ ਮੌਜੂਦ ਸਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ

ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ