ਸੁਨਾਮ : ਮੁਲਕ ਅੰਦਰ ਸਜਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਅਤੇ ਸਮਾਜਿਕ ਕਾਰਕੁੰਨਾ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 13 ਨਵੰਬਰ ਨੂੰ ਸੰਗਰੂਰ ਵਿਖੇ ਲਗਾਏ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਨੂੰ ਲੈਕੇ ਜਥੇਬੰਦੀ ਦੀ ਬਲਾਕ ਪੱਧਰੀ ਮੀਟਿੰਗ ਪਿੰਡ ਉਗਰਾਹਾਂ ਵਿਖੇ ਡੇਰਾ ਟੀਕਮ ਦਾਸ ਵਿੱਚ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਧਰਨੇ ਵਿੱਚ ਕਿਸਾਨਾਂ, ਨੌਜਵਾਨਾਂ ਅਤੇ ਮਹਿਲਾਵਾਂ ਦੀ ਭਰਵੀਂ ਸ਼ਮੂਲੀਅਤ ਕਰਨ ਲਈ ਵਿਚਾਰ ਚਰਚਾ ਕੀਤੀ ਗਈ। ਸੋਮਵਾਰ ਨੂੰ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ, ਰਾਮ ਸ਼ਰਨ ਸਿੰਘ ਉਗਰਾਹਾਂ, ਯਾਦਵਿੰਦਰ ਸਿੰਘ ਨਕਟੇ ਅਤੇ ਬਲਜੀਤ ਸਿੰਘ ਨੇ ਕਿਹਾ ਕਿ ਦੇਸ਼ ਭਰ ਅੰਦਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਬਹੁਤ ਵੱਡੀ ਗਿਣਤੀ ਹੈ ਜਿਨਾਂ ਨੂੰ ਅਜੇ ਤੱਕ ਵੀ ਜੇਲ੍ਹਾਂ ਵਿੱਚ ਕੈਦ ਰੱਖਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਪੰਜਾਬ ਅੰਦਰ ਚੱਲੀ ਖ਼ਾਲਸਤਾਨੀ ਲਹਿਰ ਨਾਲ ਸੰਬੰਧਿਤ ਕੈਦੀ ਵੀ ਹਨ। ਮੁਸਲਿਮ ਭਾਈਚਾਰੇ ਅਤੇ ਆਦਿਵਾਸੀ ਲੋਕਾਂ ਦੀ ਵੀ ਬਹੁਤਾਤ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਰਤਾਰਾ ਲੋਕਾਂ ਦੇ ਮਨੁੱਖੀ ਤੇ ਕਾਨੂੰਨੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਦੇਸ਼ ਭਰ ਅੰਦਰ ਮੋਦੀ ਸਰਕਾਰ ਦੇ ਫਿਰਕੂ ਫਾਸ਼ੀ ਜਬਰ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਬੁੱਧੀਜੀਵੀਆਂ ਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ਨੂੰ ਝੂਠੇ ਬਣਾਏ ਗਏ ਸੰਗੀਨ ਮੁਕੱਦਮਿਆਂ ਤਹਿਤ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਜਿੰਨਾਂ ਦੇ ਮੁਕੱਦਮਿਆਂ ਦਾ ਸਾਲਾਂ ਤੋਂ ਅਦਾਲਤਾਂ ਵਿੱਚ ਟਰਾਇਲ ਵੀ ਸ਼ੁਰੂ ਨਹੀਂ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਅੰਦਰ ਲੋਕਾਂ ਦੀ ਜਮਹੂਰੀ ਆਵਾਜ਼ ਦੀ ਸੰਘੀ ਘੁੱਟਣ ਵਾਲੇ ਜਾਬਰ ਕਾਲ਼ੇ ਕਾਨੂੰਨਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਉਹਨਾਂ ਦੱਸਿਆ ਕਿ 13 ਨਵੰਬਰ ਨੂੰ ਸੰਗਰੂਰ ਮੁਜ਼ਾਹਰੇ ਦੌਰਾਨ ਇਹ ਆਵਾਜ਼ ਉਠਾਈ ਜਾਵੇਗੀ ਕਿ ਪੰਜਾਬ ਦੇ ਖਾਲਿਸਤਾਨੀ ਕੈਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਕੈਦੀਆਂ ਨੂੰ ਫੌਰੀ ਰਿਹਾਅ ਕੀਤਾ ਜਾਵੇ, ਬੁੱਧੀਜੀਵੀਆਂ ਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ 'ਤੇ ਦਰਜ ਝੂਠੇ ਕੇਸ ਰੱਦ ਕੀਤੇ ਜਾਣ, ਬਿਨਾਂ ਮੁਕੱਦਮਾ ਚਲਾ ਕੇ ਸਾਲਾਂ ਤੋਂ ਜੇਲ੍ਹੀਂ ਡੱਕੇ ਕਾਰਕੁਨਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ।