ਸੁਨਾਮ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਖਜ਼ਾਨਚੀ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਪ ਚੋਣਾਂ ਦੇ ਨਤੀਜੇ ਜਨਤਾ ਦੀਆਂ ਭਾਵਨਾਵਾਂ ਦਾ ਪੈਮਾਨਾ ਨਹੀਂ ਹੋ ਸਕਦੇ। ਤਰਨ ਤਾਰਨ ਉਪ ਚੋਣ ਵਿੱਚ ਸੱਤਾਧਾਰੀ ਪਾਰਟੀ ਨੇ "ਪਰਚਿਆਂ ਦੀ ਰਾਜਨੀਤੀ" ਅਤੇ ਹੋਰ ਵੀ ਚਿੰਤਾਜਨਕ ਗੱਲ ਇਹ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਗੈਂਗਸਟਰਾਂ ਦੀਆਂ ਧਮਕੀਆਂ ਦੀ ਵਰਤੋਂ ਕਰਕੇ ਵੋਟਾਂ ਹਾਸਲ ਕਰਨ ਦੀਆਂ ਚਾਲਾਂ ਨੇ ਸੂਬੇ ਦੀ ਰਾਜਨੀਤੀ ਨੂੰ ਸ਼ਰਮਸਾਰ ਕਰ ਦਿੱਤਾ ਹੈ। ਉਨ੍ਹਾਂ ਆਖਿਆ ਪਹਿਲਾਂ ਧਨਾਢ ਲੋਕਾਂ ਨੂੰ ਪਾਰਟੀ ਚ ਸ਼ਾਮਿਲ ਕਰਕੇ ਅੱਗੇ ਲਿਆਉਣ ਦੀ ਚਾਲ ਚੱਲੀ। ਵੀਰਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੋਸ਼ ਲਗਾਇਆ ਕਿ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਰਾਜਨੀਤੀ ਨੂੰ ਡੇਰਾਵਾਦ, ਪੂੰਜੀਪਤੀਆਂ ਦੀ ਦਖਲਅੰਦਾਜ਼ੀ ਅਤੇ ਹੁਣ ਵੋਟਾਂ ਹਾਸਲ ਕਰਨ ਲਈ ਗੈਂਗਸਟਰਾਂ ਦੀ ਵਰਤੋਂ ਵਰਗੀਆਂ ਗਲਤ ਪਰੰਪਰਾਵਾਂ ਵੱਲ ਧੱਕ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅਜਿਹੀ ਰਾਜਨੀਤੀ ਨਾਲ ਇੱਕ ਬਿਹਤਰ ਸਮਾਜ ਅਤੇ ਇੱਕ ਬਿਹਤਰ ਪੰਜਾਬ ਦੀ ਕਦੇ ਕਲਪਨਾ ਨਹੀਂ ਕੀਤੀ ਜਾ ਸਕਦੀ। ਰਾਜਨੀਤੀ ਦਾ ਟੀਚਾ ਸਿਰਫ਼ ਸੱਤਾ ਹਾਸਲ ਕਰਨਾ ਨਹੀਂ ਹੋਣਾ ਚਾਹੀਦਾ, ਸਗੋਂ ਸਮਾਜ ਅਤੇ ਰਾਜ ਦੇ ਹਿੱਤਾਂ ਦੀ ਰੱਖਿਆ ਕਰਨਾ ਹੋਣਾ ਚਾਹੀਦਾ ਹੈ। ਇੱਕ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਕਿਹਾ ਕਿ ਬਾਦਲ ਦਲ ਸਮੇਤ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਏਕਤਾ ਸਿਰਫ ਸਿਧਾਂਤਾਂ ਦੇ ਆਧਾਰ 'ਤੇ ਹੀ ਵਿਚਾਰੀ ਜਾ ਸਕਦੀ ਹੈ; ਸਿਰਫ਼ ਸੱਤਾ ਦੀ ਖ਼ਾਤਰ ਗੱਠਜੋੜ ਬਣਾਉਣਾ ਕਿਸੇ ਵੀ ਹਾਲਤ ਵਿੱਚ ਅਸਵੀਕਾਰਨ ਯੋਗ ਹੈ।
ਪੰਜਾਬ ਯੂਨੀਵਰਸਿਟੀ ਬਾਰੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੂੰ ਸਟੇਟ ਯੂਨੀਵਰਸਿਟੀ ਘੋਸ਼ਿਤ ਕਰਨ ਦਾ ਅਧਿਕਾਰ ਹੈ, ਕਿਉਂਕਿ ਪੰਜਾਬ ਪਹਿਲਾਂ ਹੋਏ 60:40 ਵੰਡ ਦੇ ਆਧਾਰ 'ਤੇ ਕੋਈ ਫੈਸਲਾ ਨਹੀਂ ਲੈ ਸਕਦਾ। ਉਨ੍ਹਾਂ ਕਿਹਾ ਕਿ ਪੀਯੂ ਨਾਲ ਸਬੰਧਤ ਸਾਰੇ ਅਧਿਕਾਰ ਕੇਂਦਰ ਸਰਕਾਰ ਕੋਲ ਹਨ, ਇਸ ਲਈ, ਇਸਨੂੰ ਪੰਜਾਬ ਨੂੰ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸੂਬੇ ਅੰਦਰ ਨਿੱਤ ਦਿਨ ਬਿਗੜ ਰਹੀ ਕਾਨੂੰਨ ਵਿਵਸਥਾ ਤੇ ਗੰਭੀਰ ਚਿੰਤਾ ਕਰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਅਜਿਹੇ ਹਾਲਾਤਾਂ ਵਿੱਚ ਸੂਬੇ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਸ ਮੌਕੇ ਨੌਜਵਾਨ ਆਗੂ ਅਮਨਬੀਰ ਸਿੰਘ ਚੈਰੀ, ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਧਾਲੀਵਾਲ, ਨਰੇਸ਼ ਜਿੰਦਲ, ਪ੍ਰਿਤਪਾਲ ਸਿੰਘ ਕਾਲਾ ਕੋਕੋ ਮਾਜਰੀ, ਚਮਕੌਰ ਸਿੰਘ ਮੋਰਾਂਵਾਲੀ ਅਤੇ ਅਧਿਆਪਕ ਆਗੂ ਰਣਜੀਤ ਸਿੰਘ ਛਾਜਲਾ ਸਮੇਤ ਹੋਰ ਆਗੂ ਹਾਜ਼ਰ ਸਨ।