10 ਦਸੰਬਰ ਨੂੰ ਚਿੱਪ ਵਾਲੇ ਮੀਟਰ ਪੁੱਟਣ ਦਾ ਦਿੱਤਾ ਸੱਦਾ
ਸੁਨਾਮ : ਕਿਸਾਨੀ ਮੰਗਾਂ ਦੀ ਪੂਰਤੀ ਲਈ ਵਿੱਢੇ ਜਾਣ ਵਾਲੇ ਸੰਘਰਸ਼ਾਂ ਦੀ ਤਿਆਰੀ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵੱਲੋਂ ਪਿੰਡ ਕਿਲ੍ਹਾ ਭਰੀਆਂ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਸ਼ੁੱਕਰਵਾਰ ਨੂੰ ਭਾਕਿਯੂ ਏਕਤਾ ਆਜ਼ਾਦ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂਆਂ ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਨਿਆਲ ਅਤੇ ਬਲਜੀਤ ਕੌਰ ਕਿਲਾ ਭਰੀਆਂ ਨੇ ਆਖਿਆ ਕਿ ਕੇਂਦਰ ਅਤੇ ਸੂਬਾ ਸਰਕਾਰ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣ ਲਈ ਪੱਬਾਂ ਭਾਰ ਹੋ ਰਹੀਆਂ ਹਨ। ਅਜਿਹੇ ਵਰਤਾਰੇ ਨੂੰ ਕਦਾਚਿੱਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਬਿਲ ਦੇ ਖਰੜੇ ਵਿਚਲੀਆਂ ਮਦਾਂ ਤੋਂ ਸਪਸ਼ਟ ਹੁੰਦਾ ਹੈ ਕਿ ਅਗਰ ਇਹ ਬਿੱਲ ਕਾਨੂੰਨ ਦਾ ਰੂਪ ਧਾਰਨ ਕਰ ਜਾਂਦਾ ਹੈ ਤਾਂ ਬਿਜਲੀ ਵਰਗੀ ਅਤਿ ਜਰੂਰੀ ਚੀਜ਼ ਬੇਹੱਦ ਮਹਿੰਗੀ ਹੋ ਜਾਵੇਗੀ ਕਿਉਕਿ ਬਿਜਲੀ ਉਤਪਾਦਨ ਪਹਿਲਾਂ ਹੀ ਪ੍ਰਾਈਵੇਟ ਕੰਪਨੀਆਂ ਦੇ ਹਵਾਲੇ ਹੋ ਚੁੱਕਾ ਹੈ ਨਵੇਂ ਕਾਨੂੰਨ ਰਾਹੀਂ ਬਿਜਲੀ ਵੰਡਣ ਅਤੇ ਬਿੱਲ ਵਸੂਲਣ ਦੇ ਅਧਿਕਾਰ ਵੀ ਪ੍ਰਾਈਵੇਟ ਘਰਾਣਿਆਂ ਨੂੰ ਦਿੱਤੇ ਜਾ ਰਹੇ ਹਨ। ਬਿਜਲੀ ਤੇ ਦਿੱਤੀ ਜਾਣ ਵਾਲੀ ਹਰ ਤਰ੍ਹਾਂ ਦੀ ਸਬਸਿਡੀ ਬੰਦ ਹੋਵੇਗੀ। ਉਨ੍ਹਾਂ ਕਿਹਾ ਕਿ ਮੂਲ ਰੂਪ ਵਿੱਚ ਬਿਜਲੀ ਰਾਜਾਂ ਦਾ ਅਧਿਕਾਰ ਖੇਤਰ ਸੀ ਜਿਸ ਨੂੰ ਫਿਰ ਸਾਂਝੀ ਸੂਚੀ ਵਿੱਚ ਸ਼ਾਮਿਲ ਕਰ ਦਿੱਤਾ ਗਿਆ , ਹੁਣ ਇਸ ਕਾਨੂੰਨ ਰਾਹੀਂ ਕੇਂਦਰ ਸਰਕਾਰ ਬਿਜਲੀ ਨੂੰ ਪੂਰੇ ਤਰੀਕੇ ਨਾਲ ਕੇਂਦਰ ਦੇ ਹੱਥਾਂ ਵਿੱਚ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਤਾਕਤਾਂ ਦੇ ਕੇਂਦਰੀਕਰਨ ਤੇ ਜੋਰ ਲਗਾ ਰਹੀ ਹੈ ਅਤੇ ਇਸੇ ਤਹਿਤ ਹੀ ਡੈਮ ਪ੍ਰਬੰਧਨ ਸਿੱਖਿਆ ਦੇ ਖੇਤਰ, ਖੇਤੀਬਾੜੀ ਸਬੰਧੀ ਕਾਨੂੰਨ ਬਣਾਉਣ ਅਤੇ ਹੁਣ ਬਿਜਲੀ ਪ੍ਰਬੰਧ ਨੂੰ ਲੈਕੇ ਕੇਂਦਰ ਸਰਕਾਰ ਪੂਰੀਆਂ ਤਾਕਤਾਂ ਆਪਣੇ ਹੱਥਾਂ ਵਿੱਚ ਲੈਣ ਲਈ ਕੋਸ਼ਿਸ਼ ਕਰ ਰਹੀ ਹੈ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ 10 ਦਸੰਬਰ ਨੂੰ ਚਿੱਪ ਵਾਲੇ ਮੀਟਰ ਪੁੱਟਕੇ ਬਿਜਲੀ ਬੋਰਡ ਦੇ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਏ ਜਾਣਗੇ।ਸਰਕਾਰ ਨਿੱਜੀਕਰਨ ਦੀ ਨੀਤੀ ਤਹਿਤ ਲਿਆਂਦਾ ਗਿਆ ਬਿਜਲੀ ਸੋਧ ਬਿੱਲ 2025 ਦਾ ਖਰੜਾ ਰੱਦ ਕਰਕੇ 1948 ਦਾ ਲੋਕ ਪੱਖੀ ਬਿਜਲੀ ਐਕਟ ਲਾਗੂ ਕਰੇ। ਉਨ੍ਹਾਂ ਆਖਿਆ ਕਿ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ਤਹਿਤ ਮੰਗਾਂ ਨੂੰ ਲਾਗੂ ਕਰਵਾਉਣ ਲਈ 17,18 ਦਸੰਬਰ ਨੂੰ ਡੀ ਸੀ ਦਫਤਰਾਂ ਤੇ ਧਰਨੇ ਦਿੱਤੇ ਜਾਣਗੇ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ 19 ਦਸੰਬਰ ਨੂੰ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।ਇਸ ਮੌਕੇ, ਜ਼ਿਲਾ ਪ੍ਰਧਾਨ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ, ਹੈਪੀ ਨਮੋਲ, ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਸੁਖਦੇਵ ਸ਼ਰਮਾ,ਰਾਜ ਥੇੜੀ,ਅਮਰ ਲੌਂਗੋਵਾਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।