ਮਾਨ ਸਰਕਾਰ ਤੇ ਵਾਅਦਾ ਖਿਲਾਫੀ ਦੇ ਲਾਏ ਇਲਜ਼ਾਮ
ਸੁਨਾਮ : ਮੁਲਕ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤਹਿਤ ਬੁੱਧਵਾਰ ਨੂੰ ਸੁਨਾਮ ਵਿਖੇ ਬਿਜਲੀ ਵਿਭਾਗ ਦੇ ਪੈਨਸ਼ਨਰਾਂ ਨੇ ਸੁਰਿੰਦਰ ਸਿੰਘ ਸੁਨਾਮ ਦੀ ਅਗਵਾਈ ਹੇਠ 66 ਕੇਵੀ ਗਰਿੱਡ ਪੁਰਾਣਾ ਬਿਜਲੀ ਘਰ ਵਿਖੇ, ਕੇਂਦਰ ਸਰਕਾਰ, ਕਾਰਪੋਰੇਟ ਘਰਾਣਿਆਂ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕਕੇ ਕਾਲੇ ਕਾਨੂੰਨਾਂ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਗਈਆਂ। ਪ੍ਰਦਰਸ਼ਨਕਾਰੀਆਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਬਿਜਲੀ ਬੋਰਡ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਨਹੀਂ ਵੇਚਣ ਦਿੱਤੀਆਂ ਜਾਣਗੀਆਂ। ਪਾਵਰਕੌਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਦੇ ਸੂਬਾਈ ਆਗੂ ਜਗਦੇਵ ਸਿੰਘ ਬਾਹੀਆ, ਸੁਰਿੰਦਰ ਸਿੰਘ ਸੁਨਾਮ ਅਤੇ ਕੇਪੀ ਸਿੰਘ ਨੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਮਾਰੂ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਵਿੱਚ ਹਨ ਅਜਿਹੇ ਕਾਨੂੰਨਾਂ ਨੂੰ ਲਾਗੂ ਕਰਨ ਤੋਂ ਰੋਕਣ ਲਈ ਸੰਘਰਸ਼ ਕਰਨਾ ਪਵੇਗਾ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਬਿਜਲੀ ਵਿਭਾਗ ਦੀਆਂ ਬੇਸ਼ਕੀਮਤੀ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਲਈ ਪੱਬਾਂ ਭਾਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਰਤਾਰੇ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ । ਪੈਨਸ਼ਨਰਜ਼ ਆਗੂਆਂ ਨੇ ਕਿਹਾ ਕਿ ਸੂਬੇ ਦੀ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈਕੇ ਸੰਜੀਦਾ ਨਹੀਂ ਹੈ, ਟਾਲਮਟੋਲ ਦੀ ਨੀਤੀ ਅਪਣਾਕੇ ਡੰਗ ਟਪਾਈ ਕਰ ਰਹੀ ਹੈ। ਇਸ ਮੌਕੇ ਪ੍ਰਿਤਪਾਲ ਸਿੰਘ, ਬਰਖਾ ਸਿੰਘ, ਕੁਲਦੀਪ ਰਾਮ ਸ਼ਰਮਾ, ਰਾਮ ਸਿੰਘ, ਗੁਰਦੀਪ ਸਿੰਘ ਦਿਓਸੀ, ਲਖਵਿੰਦਰ ਸਿੰਘ, ਅਜੇ ਕੁਮਾਰ, ਵਾਰਸ ਅਲੀ, ਜਗਸੀਰ ਸਿੰਘ ਨੇ ਵੀ ਸੰਬੋਧਨ ਕੀਤਾ।