ਸੁਨਾਮ, ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਜੋਨ ਉਭਾਵਾਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਜੀਤ ਸਿੰਘ ਸਾਬਕਾ ਸਰਪੰਚ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਰਾਜਾ ਬੀਰਕਲਾਂ ਨੇ ਆਖਿਆ ਕਿ ਸੂਬੇ ਦੇ ਵੋਟਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਫਤਵਾ ਦੇਣਗੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਕਿਹਾ ਕਿ ਝੂਠੇ ਇਨਕਲਾਬ ਦੀ ਦੁਹਾਈ ਦੇਕੇ ਸਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਨੇ ਸੂਬੇ ਨੂੰ ਕਰਜ਼ੇ ਦੀ ਦਲਦਲ ਵਿੱਚ ਡੋਬ ਦਿੱਤਾ ਹੈ। ਚੋਣਾਂ ਤੋਂ ਪਹਿਲਾਂ ਰਾਜ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਸਰਕਾਰੀ ਨੌਕਰੀਆਂ ਦੇਣ ਦਾ ਝੂਠ ਪਰੋਸਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਪਿਛਲੀਆਂ ਸਰਕਾਰਾਂ ਵੱਲੋਂ ਦਿੱਤੀਆਂ ਗਈਆਂ ਹਨ। ਉਨ੍ਹਾਂ ਚੰਗੇ ਲੋਕ ਰਾਜ ਲਈ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ। ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਆਖਿਆ ਕਿ ਸੂਬੇ ਦੀ ਜਨਤਾ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਭਵਿੱਖ ਵਿੱਚ ਲੋਕ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਯੂਥ ਕਾਂਗਰਸ ਆਗੂ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ, ਜਸਵਿੰਦਰ ਸਿੰਘ ਧੀਮਾਨ, ਮਲਕੀਤ ਸਿੰਘ ਗੁਰਾਇਆ, ਬਲਵਿੰਦਰ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।