ਸੁਨਾਮ : ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ। ਸੰਗਰੂਰ ਵਿਖੇ ਤਾਇਨਾਤ ਐਸ ਪੀ ਨਵਰੀਤ ਸਿੰਘ ਵਿਰਕ ਦੀ ਅਗਵਾਈ ਹੇਠ ਪ੍ਰਸ਼ਾਸਨ ਵੱਲੋਂ ਇੰਦਰਾ ਬਸਤੀ ਸੁਨਾਮ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨ, ਜਿਸ ਨੂੰ ਸਿਵਲ ਪ੍ਰਸ਼ਾਸਨ ਵੱਲੋਂ ਨਾਜਾਇਜ਼ ਕਰਾਰ ਦਿੱਤਾ ਗਿਆ ਸੀ, ਨੂੰ ਢਾਹਿਆ ਗਿਆ, ਪੁਲਿਸ ਨੇ ਦਾਅਵਾ ਕੀਤਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਬਣੀ ਅਜਿਹੀ ਇਹ 32ਵੀਂ ਇਮਾਰਤ ਸੀ। ਐਸ ਪੀ ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਇੰਦਰਾ ਬਸਤੀ, ਸੁਨਾਮ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੇ ਜਿਹੜੇ ਨਾਜਾਇਜ਼ ਮਕਾਨ ਨੂੰ ਢਾਹਿਆ ਗਿਆ ਹੈ, ਉਸ ਪਰਿਵਾਰ ਦੇ 03 ਮੈਬਰਾਂ ਖਿਲਾਫ 16 ਕੇਸ ਦਰਜ ਹਨ। ਮੁਲਜ਼ਮ ਕੁਲਬੀਰ ਸਿੰਘ ਖਿਲਾਫ ਐਨ.ਡੀ.ਪੀ.ਐੱਸ. ਐਕਟ ਦੇ 03 ਕੇਸ, ਉਸ ਦੇ ਪਿਤਾ ਦੁੱਲਾ ਸਿੰਘ ਖਿਲਾਫ ਵੀ ਐਨ.ਡੀ.ਪੀ.ਐੱਸ. ਐਕਟ ਦੇ 03 ਕੇਸ ਅਤੇ ਕੁਲਬੀਰ ਸਿੰਘ ਦੀ ਪਤਨੀ ਬਲਜਿੰਦਰ ਕੌਰ ਖਿਲਾਫ ਐਨ.ਡੀ.ਪੀ.ਐੱਸ. ਐਕਟ ਦੇ 07 ਅਤੇ ਆਬਕਾਰੀ ਐਕਟ ਦੇ 03 ਕੇਸ ਦਰਜ ਹਨ। ਐੱਸ.ਪੀ. ਵਿਰਕ ਨੇ ਕਿਹਾ ਕਿ ਸੂਬੇ ਦੀ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ, ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰ ਰਹੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁਡਾਊ ਤੇ ਮੁੜਵਸੇਵਾ ਕੇਂਦਰ ਕਾਰਜਸ਼ੀਲ ਹਨ। ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ। ਇਸ ਮੌਕੇ ਡੀ.ਐੱਸ.ਪੀ. ਹਰਵਿੰਦਰ ਸਿੰਘ ਖਹਿਰਾ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।