ਸੁਨਾਮ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟ ਪਾਉਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਵੋਟਰਾਂ ਨੂੰ ਆਪਣੇ ਵੋਟ ਪਾਉਣ ਦੇ ਮਿਲੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਐਤਵਾਰ ਨੂੰ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਵੋਟ ਪਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਖਿਆ ਕਿ ਮੌਜੂਦਾ ਸਮੇਂ ਸਰਕਾਰਾਂ ਨੇ ਲੋਕਤੰਤਰ ਦਾ ਘਾਣ ਕੀਤਾ ਹੋਇਆ ਹੈ। ਸਿਆਸੀ ਪਾਰਟੀਆਂ ਨੂੰ ਅਜਿਹੇ ਵਰਤਾਰੇ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਭਾਜਪਾ ਨਾਲ ਸਮਝੌਤੇ ਨੂੰ ਮੁੱਢੋਂ ਖ਼ਾਰਜ ਕਰਦਿਆਂ ਕਿਹਾ ਕਿ ਜਿਹੜੀ ਪਾਰਟੀ ਬੀਜੇਪੀ ਨਾਲ ਸਮਝੌਤਾ ਕਰੇਗੀ ਉਸ ਲਈ ਸਮਝੌਤਾ ਆਤਮਘਾਤੀ ਸ਼ਾਬਤ ਹੋਵੇਗਾ। ਉਨ੍ਹਾਂ ਆਖਿਆ ਕਿ ਭਾਜਪਾ ਲਗਾਤਾਰ ਪੰਜਾਬ ਅਤੇ ਕਿਸਾਨ ਵਿਰੋਧੀ ਫ਼ੈਸਲੇ ਕਰ ਰਹੀ ਹੈ। ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦੀਆਂ ਖਬਰਾਂ ਨੂੰ ਆਪਣੇ ਵਿਰੋਧੀਆਂ ਦੀ ਸ਼ਰਾਰਤੀ ਚਾਲ ਕ਼ਰਾਰ ਦਿੰਦਿਆਂ ਕਿਹਾ ਕਿ ਅਜਿਹਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਪੰਥਕ ਧਿਰਾਂ ਦੇ ਉਮੀਦਵਾਰਾਂ ਨੂੰ ਨੁਕਸਾਨ ਪਹੁੰਚਾਉਣ ਲਈ ਕੂੜ ਪ੍ਰਚਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਇਹ ਸਾਬਤ ਕਰਕੇ ਦਿਖਾਵੇ ਕਿ ਮੈਂ ਕਾਂਗਰਸ ਦੇ ਕਿਸੇ ਆਗੂ ਨੂੰ ਮਿਲਿਆ ਤੱਕ ਹੋਵਾਂ। ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਹੋਏ ਲੋਕ ਦੂਜਿਆਂ ਖਿਲਾਫ ਕੂੜ ਪ੍ਰਚਾਰ ਕਰ ਰਹੇ ਹਨ ਜਦਕਿ ਪੰਜਾਬ ਦੇ ਲੋਕ ਸਭ ਕੁਝ ਜਾਣਦੇ ਹਨ। ਇਸ ਮੌਕੇ ਹਰਪ੍ਰੀਤ ਸਿੰਘ ਢੀਂਡਸਾ, ਵਰਿੰਦਰਪਾਲ ਸਿੰਘ ਟੀਟੂ ਅਤੇ ਗੁਰਮੀਤ ਸਿੰਘ ਜੌਹਲ ਸਮੇਤ ਹੋਰ ਆਗੂ ਹਾਜ਼ਰ ਸਨ।