ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਪਿੰਡ ਬਿਗੜਵਾਲ ਦੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਆਮ ਆਦਮੀ ਪਾਰਟੀ ਛੱਡਣ ਵਾਲੇ ਨੌਜਵਾਨਾਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੀਆਂ ਆਮ ਚੋਣਾਂ ਤੋਂ ਪਹਿਲਾਂ ਰਾਜ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਅਤੇ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਲੇਕਿਨ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਬੀਤ ਗਏ ਹਨ, ਵਾਅਦੇ ਵਫ਼ਾ ਨਹੀਂ ਹੋਏ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਝੂਠ ਪਰੋਸਿਆ ਜਾ ਰਿਹਾ ਹੈ। ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਦੌਰਾਨ ਨੌਜਵਾਨਾਂ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਸਨ। ਪੁਲਿਸ ਅਤੇ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਭਰਤੀ ਕੀਤੀ ਗਈ ਸੀ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਛੱਡ ਕੇ ਆਏ ਨੌਜਵਾਨਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਰਮਨਦੀਪ ਸਿੰਘ ਰਾਣਾ ਬਾਲਟੀਆਂ ਤੇ ਹੋਰ ਆਗੂ ਹਾਜ਼ਰ ਸਨ।