ਚੰਡੀਗੜ੍ਹ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਸਬੰਧੀ ਮਸਲਿਆਂ ਬਾਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਸਥਾਰ ਪੂਰਵਕ ਸਮੀਖਿਆ ਮੀਟਿੰਗ ਕੀਤੀ। ਇਸ ਵਿਸ਼ੇਸ਼ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਜੇ.ਐਮ. ਬਾਲਾਮੁਰੂਗਨ ਨੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਕੰਮਾਂ ਦੀ ਪ੍ਰਗਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮੰਤਰੀ ਨਾਲ ਸਾਂਝੀ ਕੀਤੀ। ਸਮੀਖਿਆ ਮੀਟਿੰਗ ਵਿੱਚ ਜੰਗੀ ਯਾਦਗਾਰਾਂ ਦੀ ਉਸਾਰੀ ਅਤੇ ਵਿਕਾਸ, ਸੈਨਿਕ ਸਕੂਲਾਂ ਦੀ ਕਾਰਗੁਜ਼ਾਰੀ, ਵਿਭਾਗੀ ਬਜਟ ਉਪਬੰਧ, ਸਾਬਕਾ ਸੈਨਿਕਾਂ ਦੀ ਪੈਨਸ਼ਨ ਨਾਲ ਜੁੜੇ ਮਾਮਲੇ ਅਤੇ ਰੈਸਟ ਹਾਊਸਾਂ ਦੀਆਂ ਸੁਵਿਧਾਵਾਂ ਬਾਰੇ ਵਿਸਤ੍ਰਿਤ ਚਰਚਾ ਕੀਤੀ ਗਈ।
ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਦੇ ਲੰਬਿਤ ਮਸਲਿਆਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਸਕੀਮਾਂ ਅਤੇ ਸੁਵਿਧਾਵਾਂ ਦਾ ਲਾਭ ਹਰ ਯੋਗ ਸਾਬਕਾ ਸੈਨਿਕ ਤੱਕ ਸਮੇਂ ਸਿਰ ਪਹੁੰਚਣਾ ਚਾਹੀਦਾ ਹੈ।
ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾ ਮੁਕਤ) ਅਤੇ ਓਐਸਡੀ ਕਰਨਲ ਜਰਨੈਲ ਸਿੰਘ (ਸੇਵਾ ਮੁਕਤ) ਵੀ ਹਾਜ਼ਰ ਸਨ।