ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿਲ ਦੇ ਖਿਲਾਫ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਬਿਜਲੀ ਸੋਧ ਬਿਲ ਭਗਵੰਤ ਮਾਨ ਸਰਕਾਰ ਨੂੰ ਭੇਜਿਆ ਗਿਆ ਹੈ, ਜਿਸ ਦਿਨ ਪੰਜਾਬ ਸਰਕਾਰ ਵੱਲੋਂ ਬਿਲ ਨੂੰ ਪ੍ਰਵਾਨਗੀ ਦਿੱਤੀ ਗਈ ਤਾਂ ਉਸਤੋਂ ਅਗਲੇ ਦਿਨ ਰੇਲਾਂ ਰੋਕੀਆਂ ਜਾਣਗੀਆਂ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਪ੍ਰਧਾਨਗੀ ਹੇਠ ਸੁਨਾਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਆਖਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿਲ ਪਿਛਲੇ ਦਿਨੀ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ ਜਿਸ ਦਿਨ ਇਹ ਬਿਲ ਭਗਵੰਤ ਮਾਨ ਸਰਕਾਰ ਵੱਲੋਂ ਪਾਸ ਕੀਤਾ ਜਾਵੇਗਾ ਉਸ ਤੋਂ ਅਗਲੇ ਦਿਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸੰਗਰੂਰ ਵਿਖੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਟੋਲ ਪਲਾਜੇ ਵੀ ਫਰੀ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਤਰਫੋਂ ਜੋ ਲੇਬਰ ਕੋਡ ਅਤੇ ਸੀਡ ਬਿਲ ਲਿਆਂਦੇ ਗਏ ਹਨ ਇਹ ਬਿਲ ਕਿਸਾਨ ,ਮਜ਼ਦੂਰ, ਮੁਲਾਜ਼ਮ ਵਿਰੋਧੀ ਹਨ ਇੰਨਾਂ ਬਿਲਾਂ ਨੂੰ ਜਥੇਬੰਦੀਆਂ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦੇਣਗੀਆਂ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੀ ਕੇਂਦਰ ਸਰਕਾਰ ਦੀ ਪਿਛਲੱਗ ਬਣਕੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਨੂੰ ਲਾਗੂ ਕਰਨ ਦੇ ਰਾਹ ਪਈ ਹੋਈ ਹੈ। ਆਮ ਆਦਮੀ ਪਾਰਟੀ ਦਾ ਕਿਸਾਨ ਮਜ਼ਦੂਰ ਵਿਰੋਧੀ ਰਵਈਆ ਸਾਹਮਣੇ ਆ ਰਿਹਾ ਹੈ। ਮੀਟਿੰਗ ਦਰਸ਼ਨ ਸਿੰਘ ਚੰਗਾਲੀਵਾਲਾ, ਬਹਾਲ ਸਿੰਘ ਢੀਂਡਸਾ , ਅਮਨਦੀਪ ਸਿੰਘ ਮਹਿਲਾਂ ,ਕਰਨੈਲ ਸਿੰਘ ਗਨੌਟਾ , ਸੁਖਦੇਵ ਸਿੰਘ ਕੜੈਲ , ਮਨਜੀਤ ਸਿੰਘ ਘਰਾਚੋਂ, ਜਸਵੰਤ ਸਿੰਘ ਤੋਲਾਵਾਲ, ਹਰਬੰਸ ਸਿੰਘ ਲੱਡਾ, ਹਰਜੀਤ ਸਿੰਘ ਮਹਿਲਾ ,ਰਣਜੀਤ ਸਿੰਘ ਲੌਂਗੋਵਾਲ, ਜਗਤਾਰ ਸਿੰਘ ਲੱਡੀ ਸਮੇਤ ਹੋਰ ਆਗੂ ਹਾਜ਼ਰ ਸਨ ।