ਫਤਹਿਗੜ੍ਹ ਸਾਹਿਬ, (ਰਵਿੰਦਰ ਕੌਰ) : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਕੂਲਾਂ ਦੇ ਸਰਵਪੱਖੀ ਵਿਕਾਸ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਸਰਕਾਰੀ ਸਕੂਲਾਂ ਵਿਖੇ 'ਮੈਗਾ ਪੀ.ਟੀ.ਐਮ.' (ਮਾਪੇ-ਅਧਿਆਪਕ ਮਿਲਣੀ) ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਅਤੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਫਤਹਿਗੜ੍ਹ ਸਾਹਿਬ ਵਿੱਚ ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਦਾ ਮੁੱਖ ਮਕਸਦ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਮਾਪਿਆਂ ਨੂੰ ਸਕੂਲ ਦੀ ਹਰ ਗਤੀਵਿਧੀ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨਿਰੰਤਰ ਤਾਲਮੇਲ ਨਾਲ ਮਾਪਿਆਂ ਨੂੰ ਇਹ ਸਮਝਣ ਵਿੱਚ ਮਦਦ ਮਿਲਦੀ ਹੈ ਕਿ ਉਨ੍ਹਾਂ ਦਾ ਬੱਚਾ ਸਕੂਲ ਵਿੱਚ ਕਿਵੇਂ ਪੜ੍ਹ ਰਿਹਾ ਹੈ ਅਤੇ ਅਧਿਆਪਕਾਂ ਨੂੰ ਬੱਚੇ ਦੇ ਘਰੇਲੂ ਮਾਹੌਲ ਬਾਰੇ ਜਾਣਕਾਰੀ ਮਿਲਦੀ ਹੈ। ਸ਼ੰਕਰ ਸ਼ਰਮਾ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਕੂਲ ਅਤੇ ਘਰ ਦੇ ਵਿਚਕਾਰ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਸਕੂਲ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਨ।
ਸ਼੍ਰੀ ਸ਼ਰਮਾ ਨੇ ਵਿਦਿਆਰਥੀਆਂ ਵੱਲੋਂ ਬਣਾਏ ਗਏ ਮਾਡਲਾਂ ਅਤੇ ਪ੍ਰਦਰਸ਼ਨੀਆਂ ਦਾ ਨਿਰੀਖਣ ਕੀਤਾ। ਉਨ੍ਹਾਂ ਬੱਚਿਆਂ ਨੂੰ ਆਧੁਨਿਕ ਸਿੱਖਿਆ ਤਕਨੀਕਾਂ ਨਾਲ ਜੁੜਨ ਅਤੇ ਜੀਵਨ ਵਿੱਚ ਵੱਡੇ ਟੀਚੇ ਮਿੱਥਣ ਲਈ ਪ੍ਰੇਰਿਤ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 'ਸਕੂਲ ਆਫ ਐਮੀਨੈਂਸ' ਵਿੱਚ ਬਦਲਿਆ ਜਾ ਰਿਹਾ ਹੈ, ਜਿੱਥੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਇਸ ਮਿਲਣੀ ਦੌਰਾਨ ਮਾਪਿਆਂ ਨੇ ਵੀ ਆਪਣੇ ਸੁਝਾਅ ਦਿੱਤੇ, ਜਿਸ 'ਤੇ ਸ਼ੰਕਰ ਸ਼ਰਮਾ ਨੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਅਤੇ ਸੁਧਾਰ ਯਕੀਨੀ ਬਣਾਏ ਜਾਣਗੇ। ਇਸ ਮੌਕੇ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਰਿਸੋਰਸ ਪਰਸਨ ਹਰਿੰਦਰਜੀਤ ਸਿੰਘ, ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਹਾਜ਼ਰ ਸਨ।