ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਨਵ-ਨਿਯੁਕਤ ਵਾਈਸ-ਚੇਅਰਪਰਸਨ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਨਿਰੰਤਰ ਯਤਨ ਕਰਨ ਲਈ ਆਖਿਆ ਤਾਂ ਕਿ ਲੋਕਾਂ ਦੀ ਭਲਾਈ ਨੂੰ ਵੱਧ ਤੋਂ ਵੱਧ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਵਾਈਸ-ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਤਰੱਕੀ ਲਈ ਯੋਜਨਾਬੰਦੀ ਬਣਾਉਣ, ਵੱਖ-ਵੱਖ ਸੈਕਟਰਾਂ ਦੇ ਵਿਕਾਸ ਲਈ ਯੋਜਨਾਵਾਂ ਤਿਆਰ ਕਰਨ ਸਮੇਤ ਹੋਰ ਰਣਨੀਤੀਆਂ ਘੜਨ ਵਿੱਚ ਆਰਥਿਕ ਨੀਤੀ ਤੇ ਯੋਜਨਾ ਬੋਰਡ ਵੱਲੋਂ ਸੂਬਾ ਸਰਕਾਰ ਨੂੰ ਸਹਿਯੋਗ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਆਮ ਲੋਕਾਂ ਲਈ ਕਲਿਆਣਕਾਰੀ ਸਕੀਮਾਂ ਤਿਆਰ ਕਰ ਰਹੀ ਹੈ ਜਿਸ ਲਈ ਬੋਰਡ ਨੂੰ ਸਹਿਯੋਗ ਕਰਦੇ ਰਹਿਣਾ ਚਾਹੀਦਾ ਹੈ।