ਸੁਨਾਮ : ਨਗਰ ਕੌਂਸਲ ਸੁਨਾਮ ਦੀ ਹਦੂਦ ਅੰਦਰ ਸ਼ੁਰੂ ਕੀਤੀ ਗਈ ਵਾਰਡਬੰਦੀ ਪ੍ਰਕਿਰਿਆ ਹੁਣ ਵਿਵਾਦਾਂ ਵਿੱਚ ਘਿਰੀ ਜਾਪਦੀ ਹੈ। ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਨੇ ਵਾਰਡਬੰਦੀ ਪ੍ਰਕਿਰਿਆ ਦੀ ਪਾਰਦਰਸ਼ਤਾ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਜਨਤਾ ਨੂੰ ਵਾਰਡਬੰਦੀ ਦੀ ਜਾਣਕਾਰੀ ਜਨਤਕ ਕਰਨ ਵਿੱਚ ਦੇਰੀ ਕੀਤੀ ਗਈ ਹੈ, ਜਿਸ ਨਾਲ ਜਨਤਾ ਨੂੰ ਜਮਹੂਰੀ ਅਧਿਕਾਰਾਂ ਦੀ ਵਰਤੋਂ ਅਤੇ ਇਤਰਾਜ਼ ਦਰਜ਼ ਕਰਨ ਲਈ ਸਮਾਂ ਘੱਟ ਮਿਲ ਰਿਹਾ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕਿਹਾ ਕਿ ਸਰਕਾਰ ਨੇ ਸੁਨਾਮ ਨਗਰ ਕੌਂਸਲ ਲਈ 22 ਦਸੰਬਰ ਨੂੰ ਵਾਰਡਬੰਦੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਪਰ ਨਗਰ ਕੌਂਸਲ ਨੇ ਇਸਨੂੰ 25 ਦਸੰਬਰ ਨੂੰ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ। ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਇਤਰਾਜ਼ ਦਾਇਰ ਕਰਨ ਦੀ ਆਖਰੀ ਮਿਤੀ 28 ਦਸੰਬਰ ਨਿਰਧਾਰਤ ਕੀਤੀ ਗਈ ਹੈ। ਨਤੀਜੇ ਵਜੋਂ, ਜਨਤਾ ਕੋਲ ਸਿਰਫ਼ ਤਿੰਨ ਦਿਨ ਬਾਕੀ ਹਨ, ਜੋ ਕਿ ਅਮਲੀ ਤੌਰ 'ਤੇ ਬਹੁਤ ਘੱਟ ਹੈ। ਬਾਜਵਾ ਨੇ ਸਵਾਲ ਕੀਤਾ ਕਿ ਇਸ ਪ੍ਰਕਿਰਿਆ ਨੂੰ ਜਨਤਕ ਕਰਨ ਵਿੱਚ ਇੰਨੀ ਦੇਰੀ ਕਿਉਂ ਹੋਈ, ਅਤੇ ਕੀ ਪ੍ਰਸ਼ਾਸਨ ਜਨਤਕ ਰਾਏ ਪ੍ਰਤੀ ਗੰਭੀਰ ਸੀ। ਦਾਮਨ ਬਾਜਵਾ ਨੇ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿੱਚ ਜਨਤਕ ਭਾਗੀਦਾਰੀ ਸਭ ਤੋਂ ਮਹੱਤਵਪੂਰਨ ਹੈ। ਵਾਰਡਬੰਦੀ ਦੀ ਜਾਣਕਾਰੀ ਪ੍ਰਦਾਨ ਕਰਨ ਵਿੱਚ ਦੇਰੀ ਨੇ ਜਨਤਾ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਗੁੱਸਾ ਜ਼ਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਪ੍ਰਕਿਰਿਆ ਜਨਤਕ ਅਧਿਕਾਰਾਂ ਦੀ ਉਲੰਘਣਾ ਕਰਦੀ ਹੈ ਅਤੇ ਜਨਤਾ ਇਸਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਜਨਤਾ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਢੁਕਵਾਂ ਸਮਾਂ ਅਤੇ ਮੌਕਾ ਪ੍ਰਦਾਨ ਕਰੇ।
ਦੂਜੇ ਪਾਸੇ, ਨਗਰ ਕੌਂਸਲ ਦੇ ਕਾਰਜ਼ ਸਾਧਕ ਅਫ਼ਸਰ ਬਾਲ ਕ੍ਰਿਸ਼ਨ ਨੇ ਆਪਣਾ ਪੱਖ ਪੇਸ਼ ਕਰਦੇ ਹੋਏ ਕਿਹਾ ਕਿ ਵਾਰਡਬੰਦੀ ਪ੍ਰਕਿਰਿਆ ਨਿਯਮਾਂ ਅਨੁਸਾਰ ਚੱਲ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਬੰਧਤ ਜਾਣਕਾਰੀ ਪਹਿਲਾਂ ਹੀ ਕੌਂਸਲ ਦੇ ਨੋਟਿਸ ਬੋਰਡ 'ਤੇ ਲਗਾਈ ਜਾ ਚੁੱਕੀ ਹੈ ਅਤੇ ਸ਼ਹਿਰ ਭਰ ਵਿੱਚ ਮੁਨਾਦੀ ਕੀਤੀ ਜਾ ਰਹੀ ਹੈ। ਨੋਟੀਫਿਕੇਸ਼ਨ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਹੋ ਚੁੱਕਾ ਹੈ, ਅਤੇ ਪ੍ਰਸ਼ਾਸਨ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਿਹਾ ਹੈ।