ਚੰਡੀਗੜ੍ਹ : ਸਮੁੱਚੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਰਮਾਣ ਅਧੀਨ 3100 ਮਾਡਲ ਖੇਡ ਮੈਦਾਨਾਂ ਅਤੇ ਨਿਰਮਾਣ ਅਧੀਨ 500 ਪੰਚਾਇਤ ਘਰਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਨਿਰਮਾਣ ਅਧੀਨ 1100 ਆਂਗਣਵਾੜੀ ਕੇਂਦਰਾਂ ਦੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਸ. ਸੌਂਦ ਨੇ ਚੱਲ ਰਹੇ ਕਈ ਹੋਰ ਵੱਡੇ ਅਤੇ ਛੋਟੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ, ਜੁਆਇੰਟ ਵਿਕਾਸ ਕਮਿਸ਼ਨਰ ਸ਼ੇਨਾ ਅਗਰਵਾਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਇੰਜੀਨੀਅਰ ਕਰਨਪਾਲ ਸਿੰਘ ਚਾਹਲ ਮੌਜੂਦ ਸਨ।