ਕਿਹਾ ਸੀਵਰੇਜ਼ ਪ੍ਰਾਜੈਕਟ ਵਿੱਚ ਕੇਂਦਰ ਸਰਕਾਰ ਦਾ ਨਹੀਂ ਕੋਈ ਹਿੱਸਾ
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਸੁਨਾਮ ਵਿਖੇ 29.54 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪ੍ਰੋਜੈਕਟ ਵਿੱਚ ਕੇਂਦਰ ਸਰਕਾਰ ਦੀ ਕੋਈ ਹਿੱਸੇਦਾਰੀ ਨਹੀਂ ਹੈ। ਇਹ ਪ੍ਰੋਜੈਕਟ ਸਿਰਫ਼ ਪੰਜਾਬ ਸਰਕਾਰ ਦਾ ਹੈ। ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਦਾ 15 ਪ੍ਰਤੀਸ਼ਤ ਯੋਗਦਾਨ ਪਾਇਆ ਹੈ, ਬਾਕੀ ਰਕਮ ਦਾ ਪ੍ਰਬੰਧ ਕਰਜ਼ੇ ਰਾਹੀਂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਪਵਿੱਤਰ ਸ਼ਹਿਰ ਸੁਨਾਮ ਨੂੰ ਪੂਰੀ ਤਰ੍ਹਾਂ ਵਿਕਸਤ ਕਰਨਾ ਉਨ੍ਹਾਂ ਦੀ ਦਿਲੀ ਇੱਛਾ ਹੈ। ਉਹ ਇਸ ਪਹਿਲਕਦਮੀ ਲਈ ਕੋਈ ਸਿਹਰਾ ਨਹੀਂ ਮੰਗਦੇ, ਸਗੋਂ ਇਸਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹਨ। ਸੁਨਾਮ ਦੇ ਹਰ ਨਾਗਰਿਕ ਨੇ ਉਨ੍ਹਾਂ ਨੂੰ ਇਸ ਅਹੁਦੇ 'ਤੇ ਪਹੁੰਚਾਇਆ ਹੈ। ਉਨ੍ਹਾਂ ਦਾ ਟੀਚਾ ਸੁਨਾਮ ਦਾ ਵਿਕਾਸ ਕਰਨਾ ਹੈ। ਅਰੋੜਾ ਨੇ ਕਿਹਾ ਕਿ ਸੁਨਾਮ ਦੇ ਹਰ ਕੋਨੇ ਵਿੱਚ ਸੀਵਰੇਜ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਅਤੇ ਗਲੀਆਂ ਦੀ ਮੁਰੰਮਤ ਤੁਰੰਤ ਸ਼ੁਰੂ ਹੋ ਜਾਵੇਗੀ। ਉਨ੍ਹਾਂ ਆਖਿਆ ਕਿ ਇਸ ਤੀਹ ਕਿਲੋਮੀਟਰ ਲੰਬੀ ਸੀਵਰੇਜ ਪਾਈਪ ਲਾਈਨ ਨਾਲ 35 ਸੌ ਘਰਾਂ ਨੂੰ ਜੋੜਿਆ ਜਾਵੇਗਾ। ਸੂਬਾ ਸਰਕਾਰ ਰਾਜ ਦੇ ਹਰ ਵਸ਼ਿੰਦੇ ਨੂੰ ਲੋੜੀਂਦੀ ਬੁਨਿਆਦੀ ਸੁਵਿਧਾ ਦੇਣ ਲਈ ਵਚਨਬੱਧ ਹੈ। ਇਸ ਪ੍ਰੋਜੈਕਟ ਨੂੰ ਨੌਂ ਮਹੀਨਿਆਂ ਦੇ ਅੰਦਰ ਪੂਰਾ ਕਰਨ ਦਾ ਟੀਚਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਸਮੇਤ ਹੋਰ ਮੈਂਬਰ ਹਾਜ਼ਰ ਸਨ।