ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ : ਕਪਤਾਨ ਪੁਲਿਸ ਇੰਨਵੈਸਟੀਗੇਸ਼ਨ
ਮਾਲੇਰਕੋਟਲਾ (ਮਹਿਬੂਬ, ਡ. ਸ਼ਹਿਬਾਜ਼): ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਲੇਰਕੋਟਲਾ ਸੱਤਪਾਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਵਿਸ਼ੇਸ਼ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਥਾਨਕ ਪੁਲਿਸ ਵੱਲੋਂ ਸਿਵਲ ਹਸਪਤਾਲ ਦੇ ਨੇੜਲੇ ਮੈਡੀਕਲ ਸਟੋਰਾਂ ਦੀ ਡਰੱਗ ਇੰਸਪੈਕਟਰ ਨਵਪ੍ਰੀਤ ਸਿੰਘ ਦੀ ਹਾਜ਼ਰੀ ਵਿੱਚ ਅਚਾਨਕ ਚੈਕਿੰਗ ਕੀਤੀ ਗਈ । ਇਸ ਮੌਕੇ ਉਪ ਕਪਤਾਨ ਪੁਲਿਸ ਮਾਲੇਰਕੋਟਲਾ ਮਾਨਵਜੀਤ ਸਿੰਘ, ਉਪ- ਕਪਤਾਨ ਪੁਲਿਸ ਐੱਨ.ਡੀ.ਪੀ.ਐਸ.–ਕਮ–ਨਾਰਕੋਟਿਕਸ ਮਾਲੇਰਕੋਟਲਾ ਯਾਦਵਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਸਿਟੀ–1 ਇੰਸਪੈਕਟਰ ਬਲਜੀਤ ਸਿੰਘ, ਮੁੱਖ ਅਫ਼ਸਰ ਥਾਣਾ ਸਾਇਬਰ ਕਰਾਇਮ ਇੰਸਪੈਕਟਰ ਮਨਜੋਤ ਸਿੰਘ ਸਮੇਤ ਭਾਰੀ ਪੁਲਿਸ ਫੋਰਸ ਮੌਜੂਦ ਸੀ। ਚੈਕਿੰਗ ਦੌਰਾਨ ਸਮੂਹ ਮੈਡੀਕਲ ਸਟੋਰਾਂ ਦੇ ਲਾਇਸੰਸਾਂ ਦੀ ਜਾਂਚ ਕੀਤੀ ਗਈ ਅਤੇ ਮੈਡੀਕਲ ਸਟੋਰਾਂ ’ਤੇ ਮੌਜੂਦ ਸਟਾਫ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਕਿਸੇ ਵੀ ਕਿਸਮ ਦੀ ਦਵਾਈ ਦੀ ਵਿਕਰੀ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ।
ਇਸੇ ਤਰ੍ਹਾਂ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਅਮਰਗੜ੍ਹ ਸੰਜੀਵ ਕਪੂਰ ਅਤੇ ਇੰਸਪੈਕਟਰ ਦਲਜੀਤ ਸਿੰਘ ਵੱਲੋਂ ਅਮਰਗੜ੍ਹ ਸਹਿਰ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ। ਉਪ ਕਪਤਾਨ ਪੁਲਿਸ ਸਬ ਡਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ ਦੀ ਅਗਵਾਈ ਹੇਠ ਥਾਣੇਦਾਰ ਗੁਰਵਿੰਦਰ ਸਿੰਘ ਵੱਲੋਂ ਅਹਿਮਦਗੜ੍ਹ ਸਹਿਰ ਦੇ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦ੍ਰਿੜਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਅਤੇ ਗੈਰਕਾਨੂੰਨੀ ਦਵਾਈ ਵਿਕਰੇਤਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਭਵਿੱਖ ਵਿੱਚ ਵੀ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਅਜਿਹੀਆਂ ਅਚਾਨਕ ਚੈਕਿੰਗਾਂ ਅਤੇ ਸਖ਼ਤ ਕਾਰਵਾਈਆਂ ਜਾਰੀ ਰਹਿਣਗੀਆਂ। ਆਮ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਮਾਲੇਰਕੋਟਲਾ ਪੁਲਿਸ ਨਸ਼ਿਆਂ ਖ਼ਿਲਾਫ਼ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਦਾ ਪੂਰਾ ਸਾਥ ਦੇਣ, ਤਾਂ ਜੋ ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।