ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਕਾਨੂੰਨਾਂ ਦੇ ਖਿਲਾਫ ਅਵਾਜ਼ ਬੁਲੰਦ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਐਤਵਾਰ ਨੂੰ ਕਿਸਾਨ ਅਤੇ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਨੇ ਸੁਨਾਮ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੱਢਿਆ। ਸੁਨਾਮ ਵਿਖੇ ਅਨਾਜ਼ ਮੰਡੀ ਤੋਂ ਸ਼ੁਰੂ ਹੋਏ ਮੋਟਰਸਾਈਕਲ ਮਾਰਚ ਵਿੱਚ ਸ਼ਾਮਿਲ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨਾਂ ਅਤੇ ਬਿਜਲੀ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਰਾਮ ਸ਼ਰਨ ਸਿੰਘ ਉਗਰਾਹਾਂ ਅਤੇ ਸੁਖਪਾਲ ਸਿੰਘ ਮਾਣਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਕਾਲੇ ਕਾਨੂੰਨ ਜਿੱਥੇ ਸਰਕਾਰੀ ਨੌਕਰੀਆਂ ਲਈ ਖਤਰਾ ਪੈਦਾ ਕਰ ਰਹੇ ਹਨ ਉੱਥੇ ਖੇਤੀ ਖੇਤਰ ਅਤੇ ਮਜ਼ਦੂਰਾਂ ਦੇ ਹੱਕਾਂ ਨੂੰ ਕਾਰਪੋਰੇਟ ਘਰਾਣਿਆਂ ਕੋਲ਼ ਵੇਚਣ ਲਈ ਨਰਿੰਦਰ ਮੋਦੀ ਸਰਕਾਰ ਪੱਬਾਂ ਭਾਰ ਹੋ ਰਹੀ ਹੈ। ਅਜਿਹੇ ਕਾਨੂੰਨਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਇਨ੍ਹਾਂ ਕਾਲੇ ਕਾਨੂੰਨਾਂ ਵਿੱਚ ਬਿਜਲੀ ਐਕਟ 2025, ਲੇਬਰ ਕੋਡ ਬਿਲ, ਸੀਡ ਬਿੱਲ ਅਤੇ ਮਨਰੇਗਾ ਕਾਨੂੰਨ ਵਿੱਚ ਤਬਦੀਲੀ ਕੀਤੀ ਗਈ ਹੈ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਲਾਂ ਰਾਹੀਂ ਕੇਂਦਰ ਸਰਕਾਰ ਭਾਰਤ ਦੀ ਮੰਡੀ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕ ਇਹ ਕਾਲੇ ਕਾਨੂੰਨ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦੇਣਗੇ। ਇਸ ਮੌਕੇ ਬੀਕੇਯੂ ਡਕੌਂਦਾ ਦੇ ਬਲਾਕ ਪ੍ਰਧਾਨ ਬਿੰਦਰਪਾਲ ਛਾਜਲੀ, ਹਰਮੇਲ ਸਿੰਘ ਮਹਿਰੋਕ ਆਲ ਇੰਡੀਆ ਕਿਸਾਨ ਫੈਡਰੇਸ਼ਨ , ਮਲਕੀਤ ਸਿੰਘ ਲਖਮੀਰਵਾਲਾ, ਜਸਵੰਤ ਸਿੰਘ ਬਿਗੜਵਾਲ, ਬਿਜਲੀ ਬੋਰਡ ਵੱਲੋਂ ਅਜੇ ਕੁਮਾਰ ,ਨਰਿੰਦਰ ਕੁਮਾਰ ਸ਼ਰਮਾ, ਸੁਰਿੰਦਰ ਸਿੰਘ, ਗੱਜਣ ਸਿੰਘ ਬੌਕਸਰ, ਰਣਦੀਪ ਕੌਰ ਰਟੋਲਾਂ , ਜਸਵੀਰ ਕੌਰ ਉਗਰਾਹਾਂ, ਮਨਜੀਤ ਕੌਰ ਤੋਲਾਵਾਲ, ਬਲਜੀਤ ਕੌਰ ਖਡਿਆਲ ਯਾਦਵਿੰਦਰ ਸਿੰਘ ਚੱਠੇ ਨਕਟੇ , ਜੀਤ ਸਿੰਘ ਗੰਢੂਆਂ, ਨਛੱਤਰ ਸਿੰਘ ਗੰਢੂਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।