ਪੱਤਰਕਾਰਾਂ ਦੇ ਸੰਘਰਸ਼ ਵਿਚ ਹਿੱਕ ਡਾਹਕੇ ਖੜ੍ਹਾਂਗੇ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਜਹਾਜ਼ ਦੇ ਗੇੜਿਆਂ ਦੀ ਜਾਣਕਾਰੀ ਮੰਗਣ ਵਾਲੇ ਪੱਤਰਕਾਰਾਂ ਅਤੇ ਆਰ ਟੀ ਆਈ ਐਕਟੀਵਿਸਟ ਖ਼ਿਲਾਫ਼ ਦਰਜ਼ ਕੀਤੇ ਮੁਕੱਦਮੇ ਸਰਕਾਰ ਦੀ ਤਾਨਾਸ਼ਾਹੀ ਦੀ ਗਵਾਹੀ ਭਰਦੇ ਹਨ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੱਤਰਕਾਰਾਂ ਦੇ ਸੰਘਰਸ਼ ਵਿੱਚ ਹਿੱਕ ਡਾਹਕੇ ਖੜ੍ਹਾਂਗੇ। ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਦੇ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਅਤੇ ਯਾਦਵਿੰਦਰ ਸਿੰਘ ਚੱਠੇ ਨਕਟੇ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਲੋਕਤੰਤਰ ਦਾ ਗਲਾ ਘੁੱਟਣ ਲਈ ਮੁੱਖ ਮੰਤਰੀ ਦੀ ਗੈਰ ਮੌਜੂਦਗੀ ਵਿੱਚ ਜਹਾਜ਼ ਦੇ ਗੇੜਿਆਂ ਦੀ ਜਾਣਕਾਰੀ ਮੰਗਣ ਵਾਲੇ ਪੱਤਰਕਾਰਾਂ ਮਿੰਟੂ ਗੁਰੂਸਰੀਆ, ਮਨਿੰਦਰਜੀਤ ਸਿੱਧੂ ਅਤੇ ਆਰ ਟੀ ਆਈ ਐਕਟੀਵਿਸਟ ਮਾਨਿਕ ਗੋਇਲ ਸਮੇਤ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰਕੇ ਲੋਕਤੰਤਰ ਦਾ ਗਲਾ ਘੁੱਟ ਰਹੀ ਹੈ, ਅਜਿਹੇ ਵਰਤਾਰੇ ਨੂੰ ਕਦਾਚਿੱਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦੁਆਰਾ ਦਰਜ਼ ਕੀਤੇ ਪਰਚਿਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਆਪ ਸਰਕਾਰ ਦੀ ਇਸ ਕਾਰਵਾਈ ਨੂੰ ਲੋਕਤੰਤਰ ਦਾ ਘਾਣ ਕ਼ਰਾਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿਚ ਸਰਕਾਰ ਨੂੰ ਸਵਾਲ ਕਰਨਾ ਹਰੇਕ ਨਾਗਰਿਕ ਦਾ ਹੱਕ ਹੁੰਦਾ ਹੈ ਪਰ ਮੌਜੂਦਾ ਭਗਵੰਤ ਮਾਨ ਸਰਕਾਰ ਇਨ੍ਹਾਂ ਪੱਤਰਕਾਰਾਂ ਤੇ ਸਮਾਜਿਕ ਕਾਰਕੁੰਨਾ ਦੀ ਆਵਾਜ਼ ਨੂੰ ਦਬਾਉਣ ਲਈ ਤਾਨਾਸ਼ਾਹੀ ਵਾਲਾ ਰਵਈਆ ਅਖ਼ਤਿਆਰ ਕਰ ਰਹੀ ਹੈ ਅਤੇ ਭੈਅ ਤੇ ਦਹਿਸ਼ਤ ਵਾਲਾ ਮਾਹੌਲ ਸਿਰਜ ਕੇ ਪੰਜਾਬ ਦੇ ਦਰਦੀ ਲੋਕਾਂ ਦਾ ਮੂੰਹ ਬੰਦ ਕਰਨਾ ਚਾਹ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਅਤੇ ਸਰਕਾਰ ਦਾ ਜਨਮ ਹੀ ਅੰਦੋਲਨ ਨਾਲ ਹੋਇਆ ਹੋਵੇ, ਹੁਣ ਓਹੀ ਪਾਰਟੀ ਅੰਦੋਲਨਕਾਰੀ ਤੇ ਆਪਣੇ ਹੱਕਾਂ ਲਈ ਸੰਘਰਸ਼ੀਲ ਲੋਕਾਂ ਨੂੰ ਪੁਲਿਸ ਤੰਤਰ ਦਾ ਡਰਾਵਾ ਦੇ ਰਹੀ ਹੈ, ਜਿਹੜਾ ਬਿਲਕੁਲ ਵੀ ਬਰਦਾਸ਼ਤ ਕਰਨਯੋਗ ਨਹੀਂ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਨ੍ਹਾਂ ਪੱਤਰਕਾਰਾਂ ਤੇ ਸਮਾਜਿਕ ਕਾਰਕੁੰਨਾ ਦੀ ਪੂਰੀ ਹਮਾਇਤ ਕਰਦੀ ਹੈ, ਪੱਤਰਕਾਰ ਭਾਈਚਾਰੇ ਵੱਲੋਂ ਜਿੱਥੇ ਵੀ ਕੋਈ ਇਕੱਠ ਕਰਨ ਦਾ ਸੱਦਾ ਦਿੱਤਾ ਜਾਵੇਗਾ ਉੱਥੇ ਪੰਜਾਬ ਦਾ ਬੱਚਾ ਬੱਚਾ ਝੋਕ ਦਿੱਤਾ ਜਾਵੇਗਾ।