ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਖੁਲਾਸਾ ਕੀਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਪ੍ਰਤੀਨਿਧੀ ਮੰਡਲ ਨੇ ਅੱਜ ਇੱਥੇ ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਵੱਲੋਂ ਕੀਤੀਆਂ ਗਈਆਂ ਅਸੰਵੇਦਨਸ਼ੀਲ ਅਤੇ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਉਠਾਇਆ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਜਦੋਂ ਪੂਰਾ ਦੇਸ਼ ਧਰਮ ਦੀ ਰੱਖਿਆ ਲਈ ਆਪਣੀ ਅਮੋਲ ਸ਼ਹਾਦਤ ਦੇਣ ਵਾਲੇ ਧਰਮ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕਰ ਰਿਹਾ ਹੈ, ਉਸ ਸਮੇਂ ਅਜਿਹੀਆਂ ਟਿੱਪਣੀਆਂ ਕਰਨਾ ਨਿੰਦਣਯੋਗ ਹੈ ਅਤੇ ਇਹ ਗੁਰੂ ਸਾਹਿਬ ਪ੍ਰਤੀ ਗੰਭੀਰ ਅਦਬਹੀਣਤਾ ਦਾ ਪ੍ਰਗਟਾਵਾ ਹੈ, ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕਰਦੀ ਹੈ, ਤਾਂ ਜੋ ਭਵਿੱਖ ਵਿੱਚ ਕੋਈ ਵੀ ਗੁਰੂ ਸਾਹਿਬਾਨ ਅਤੇ ਧਾਰਮਿਕ ਭਾਵਨਾਵਾਂ ਦਾ ਅਪਮਾਨ ਕਰਨ ਦੀ ਜੁਰਅਤ ਨਾ ਕਰ ਸਕੇ।