ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ-ਮੁਕਤ ਪੰਜਾਬ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਸੋਮਵਾਰ ਨੂੰ ਬਲਾਕ ਸੁਨਾਮ ਦੇ ਪਿੰਡ ਲਖਮੀਰਵਾਲਾ, ਭਰੂਰ, ਚੱਠੇ ਨਕਟੇ ਅਤੇ ਅਕਾਲਗੜ੍ਹ ਵਿਖੇ ਨਸ਼ਾ ਮੁਕਤੀ ਪੈਦਲ ਯਾਤਰਾ ਦਾ ਆਯੋਜਨ ਕੀਤਾ ਗਿਆ। ਲਖਮੀਰਵਾਲਾ ਵਿਖੇ ਕੀਤੀ ਪੈਦਲ ਯਾਤਰਾ ਵਿੱਚ ਸਿਹਤ ਵਿਭਾਗ, ਪੁਲਿਸ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਪਿੰਡ ਲਖਮੀਰਵਾਲਾ ਦੇ ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਬਲਾਕ ਸੰਮਤੀ ਮੈਬਰ ਸੋਨੀ ਵਿਰਕ, ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਨੇੜਲੇ ਪਿੰਡਾਂ ਦੇ ਸਰਪੰਚਾਂ, ਸਕੂਲੀ ਵਿਦਿਆਰਥੀਆਂ, ਨੌਜਵਾਨਾਂ, ਆਂਗਨਵਾੜੀ ਵਰਕਰਾਂ ,ਪਿੰਡ ਦੇ ਪਤਵੰਤਿਆਂ ਅਤੇ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਪੈਦਲ ਯਾਤਰਾ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਭਗਵੰਤ ਮਾਨ ਸਰਕਾਰ ਦੀ ਮੁੱਢਲੀ ਤਰਜੀਹ ਹੈ। ਨਸ਼ਾ ਰੋਕਥਾਮ ਲਈ ਸਿਹਤ ਵਿਭਾਗ, ਪੁਲਿਸ ਵਿਭਾਗ ਅਤੇ ਪਿੰਡ ਪੱਧਰ ਦੀ ਸਾਂਝ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨਸ਼ਾ ਮੁਕਤੀ ਇਲਾਜ, ਕੌਂਸਲਿੰਗ ਅਤੇ ਮੁਫ਼ਤ ਸਹਾਇਤਾ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ, ਜਦਕਿ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਸਰਪੰਚਾਂ ਵੱਲੋਂ ਆਪਣੇ ਪਿੰਡਾਂ ਨੂੰ ਨਸ਼ਾ-ਮੁਕਤ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਪਿੰਡਾਂ ਦੇ ਪਹਿਰੇਦਾਰ ਵਲੰਟੀਅਰ ਬਣਕੇ ਰਾਖੀ ਰੱਖਣ ਦਾ ਵਿਸਵਾਸ ਦੁਆਇਆ।