ਬੀਕੇਯੂ ਆਜ਼ਾਦ ਨੇ ਗ੍ਰਿਫ਼ਤਾਰੀਆਂ ਕੀਤੀ ਨਿੰਦਾ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੀ ਹੈ। ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਹਿਰਾਸਤ ਵਿੱਚ ਲੈ ਲੈਂਦਾ ਹੈ। ਐਤਵਾਰ ਨੂੰ ਲੌਂਗੋਵਾਲ ਵਿਖੇ ਇਕੱਤਰ ਹੋਏ ਜਥੇਬੰਦੀ ਦੇ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਸਿੰਘ ਲੌਂਗੋਵਾਲ ਨੇ ਆਖਿਆ ਕਿ ਐਤਵਾਰ ਨੂੰ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਕਿਸਾਨਾਂ ਨੇ ਮੁੱਖ ਮੰਤਰੀ ਨੂੰ ਸਵਾਲ ਕਰਨ ਲਈ ਮਜੀਠਾ ਵਿਖੇ ਜਾਣਾ ਸੀ ਪਰੰਤੂ ਪ੍ਰਸ਼ਾਸਨ ਨੇ ਪਹਿਲਾਂ ਹੀ ਥਾਂ ਥਾਂ ਤੇ ਕਿਸਾਨਾਂ ਨੂੰ ਰੋਕਣ ਲਈ ਨਾਕਾਬੰਦੀ ਕੀਤੀ ਹੋਈ ਹੈ। ਅਜਿਹਾ ਕਰਕੇ ਸਰਕਾਰ ਜਬਰੀ ਜ਼ੁਬਾਨਬੰਦੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੈਂਕੜੇ ਕਿਸਾਨ ਆਗੂਆਂ ਨੂੰ ਘਰਾਂ ਚੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਂਝ ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਰੋਕਾਂ ਦੇ ਬਾਵਜੂਦ ਸੈਂਕੜੇ ਕਿਸਾਨ ਮਜੀਠਾ ਪੁੱਜ ਗਏ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਨੇ ਆਖਿਆ ਕਿ ਹਿਰਾਸਤ ਚ ਲਏ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।
ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਇਸ ਮੌਕੇ ਜ਼ਿਲਾ ਆਗੂ ਹੈਪੀ ਨਮੋਲ, ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਹਰਦੇਵ ਸਿੰਘ ਕੁਲਾਰ, ਦਰਬਾਰਾ ਸਿੰਘ ਲੋਹਾਖੇੜਾ, ਕਰਮਜੀਤ ਕੌਰ ਭਿੰਡਰਾਂ, ਸੁਖਦੇਵ ਲੌਂਗੋਵਾਲ, ਸ਼ਿੰਦਰ ਬਡਰੁੱਖਾਂ, ਮਹਿੰਦਰ ਮੰਗਵਾਲ , ਗੁਰਚਰਨ ਸਿੰਘ ਬਿਗੜਵਾਲ, ਮਤਵਾਲ ਨਮੋਲ,ਜੱਗਰ ਸ਼ਾਹਪੁਰ, ਰੂਪ ਲੌਂਗੋਵਾਲ, ਬਲਜਿੰਦਰ ਲੌਂਗੋਵਾਲ, ਨੈਬੀ ਲੌਂਗੋਵਾਲ, ਕਰਨੈਲ ਸਿੰਘ ਲੌਂਗੋਵਾਲ ਸਮੇਤ ਹੋਰ ਆਗੂ ਹਾਜ਼ਰ ਸਨ।