ਕਿਹਾ ਸੂਬੇ ਦੀ ਕਾਨੂੰਨ ਵਿਵਸਥਾ ਵਿਗੜੀ
ਸੁਨਾਮ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕੇ ਦੇ ਪਿੰਡਾਂ ਵਿੱਚ ਸੱਥਾਂ ਚ ਬੈਠੇ ਲੋਕਾਂ ਨੂੰ ਮਿਲਣਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਸਰਕਾਰਾਂ ਸਮੇਂ ਕੀਤੇ ਗਏ ਵਿਕਾਸ ਕਾਰਜਾਂ ਤੇ ਚਰਚਾ ਕੀਤੀ ਜਾ ਰਹੀ ਹੈ। ਸ਼ਨਿੱਚਰਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਅੱਧੀ ਦਰਜਨ ਪਿੰਡਾਂ ਵਿੱਚ ਲੋਕਾਂ ਨੂੰ ਮਿਲ਼ਣ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਆਖਿਆ ਕਿ ਸੂਬੇ ਅੰਦਰ ਬਣੀਆਂ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੌਰਾਨ ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿੱਚ ਵੀ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਹਨ ਜਦਕਿ ਮੌਜੂਦਾ ਸਰਕਾਰ ਸੁਰਖੀਆਂ ਬਟੋਰਨ ਤੱਕ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਹਜ਼ਾਰਾਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ, ਮੌਜੂਦਾ ਭਗਵੰਤ ਮਾਨ ਸਰਕਾਰ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਪ੍ਰਕਿਰਿਆ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇਵਲ ਨਿਯੁਕਤੀ ਪੱਤਰ ਵੰਡਕੇ ਹਿੱਕ ਠੋਕ ਰਿਹਾ ਹੈ ਜਦਕਿ ਅਸਲ ਹਕੀਕਤ ਕੁੱਝ ਹੋਰ ਹੈ। ਰਾਜਾ ਬੀਰਕਲਾਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ। ਨਿੱਤ ਦਿਨ ਕਤਲ ਡਕੈਤੀਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਸੂਬੇ ਦਾ ਹਰ ਨਾਗਰਿਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਇਸ ਮੌਕੇ ਇੰਸਪੈਕਟਰ ਬਲਕਾਰ ਸਿੰਘ ਚੌਹਾਨ, ਬਲਵਿੰਦਰ ਸਿੰਘ ਧਾਲੀਵਾਲ ਤੇ ਹੋਰ ਆਗੂ ਹਾਜ਼ਰ ਸਨ।