ਪੁਲਿਸ ਟੀਮ 'ਤੇ ਤਾਬੜਤੋੜ ਫਾਇਰਿੰਗ ਕਰਨ ਵਾਲੇ ਸ਼ੂਟਰ ਦਾ ਅੰਤ; ਬੁਲੇਟ ਪ੍ਰੂਫ ਜੈਕਟ ਨੇ ਬਚਾਈ ਸਬ-ਇੰਸਪੈਕਟਰ ਦੀ ਜਾਨ
ਅੰਮ੍ਰਿਤਸਰ, (ਜਗਤਾਰ ਸਿੰਘ ਮਾਹਲਾ) : ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਇੱਕ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਕੀਤੇ ਗਏ ਮੁਕਾਬਲੇ ਵਿੱਚ ਨਾਮੀ ਗੈਂਗਸਟਰ ਮਨੀ ਪ੍ਰਿੰਸ ਉਰਫ਼ ਮਨੀ ਸੂਰਮਾ ਮਾਰਿਆ ਗਿਆ। ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀ.ਆਈ.ਜੀ. ਸੰਦੀਪ ਗੋਇਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਪੁਲਿਸ ਅਪਰਾਧਿਕ ਅਨਸਰਾਂ ਨੂੰ ਨੱਥ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮਨੀ ਸੂਰਮਾ ਮੂਲ ਰੂਪ ਵਿੱਚ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਉਸ ਵਿਰੁੱਧ ਕਤਲ (302), ਇਰਾਦਾ ਕਤਲ (307), ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਤਹਿਤ ਲਗਭਗ 50 ਕ੍ਰਿਮੀਨਲ ਕੇਸ ਦਰਜ ਸਨ। ਉਹ ਕਈ ਕੇਸਾਂ ਵਿੱਚ ਸਜ਼ਾਯਾਫ਼ਤਾ ਸੀ ਅਤੇ ਕਈ ਹੋਰਨਾਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਜ਼ਿਕਰਯੋਗ ਹੈ ਕਿ 12 ਜਨਵਰੀ ਨੂੰ ਇੱਕ ਮੁਕਾਬਲੇ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ 14 ਜਨਵਰੀ ਨੂੰ ਉਹ ਗੁਰੂ ਨਾਨਕ ਦੇਵ ਹਸਪਤਾਲ ਤੋਂ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਸੀ।
ਡੀ.ਆਈ.ਜੀ. ਨੇ ਦੱਸਿਆ ਕਿ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਦੀ ਅਗਵਾਈ ਹੇਠ ਬਣਾਈਆਂ ਗਈਆਂ ਵਿਸ਼ੇਸ਼ ਟੀਮਾਂ ਇਸ ਗੈਂਗਸਟਰ ਦਾ ਪਿੱਛਾ ਕਰ ਰਹੀਆਂ ਸਨ। ਅੱਜ ਘਰਿੰਡਾ ਥਾਣੇ ਦੇ ਇਲਾਕੇ ਵਿੱਚ ਜਦੋਂ ਪੁਲਿਸ ਨੇ ਉਸ ਨੂੰ ਘੇਰਿਆ, ਤਾਂ ਉਸ ਨੇ ਪੁਲਿਸ ਪਾਰਟੀ 'ਤੇ ਪੀ.ਐਫ.-9 ਕੈਲੀਬਰ ਦੇ ਵਿਦੇਸ਼ੀ ਪਿਸਤੌਲ ਨਾਲ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇੱਕ ਗੋਲੀ ਸਬ-ਇੰਸਪੈਕਟਰ ਸਤਵਿੰਦਰ ਸਿੰਘ ਦੀ ਬੁਲੇਟ ਪ੍ਰੂਫ ਜੈਕਟ 'ਤੇ ਲੱਗੀ, ਜਿਸ ਕਾਰਨ ਉਨ੍ਹਾਂ ਦੀ ਜਾਨ ਬਚ ਗਈ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਮਨੀ ਸੂਰਮਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਲੋਪੋਕੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਡੀ.ਆਈ.ਜੀ. ਗੋਇਲ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਬਦਮਾਸ਼ਾਂ ਨੂੰ ਵੱਡੇ-ਵੱਡੇ ਨਾਮ ਦੇ ਕੇ ਮਸ਼ਹੂਰ ਨਾ ਕੀਤਾ ਜਾਵੇ, ਕਿਉਂਕਿ ਇਸ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾਂਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜਾ ਵੀ ਵਿਅਕਤੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲਵੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਸਪਤਾਲ ਵਿੱਚੋਂ ਉਸ ਦੇ ਫਰਾਰ ਹੋਣ ਦੀ ਸਾਜ਼ਿਸ਼ ਵਿੱਚ ਸ਼ਾਮਲ ਵਿਅਕਤੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋ ਮੁਲਾਜ਼ਮਾਂ 'ਤੇ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ ਫੋਰੈਂਸਿਕ ਟੀਮਾਂ ਵੱਲੋਂ ਜਾਂਚ ਜਾਰੀ ਹੈ ਅਤੇ ਸ਼ਾਮ ਤੱਕ ਬਾਕੀ ਵੇਰਵੇ ਸਾਂਝੇ ਕੀਤੇ ਜਾਣਗੇ। ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।