ਅੰਮ੍ਰਿਤਸਰ, (ਜਗਤਾਰ ਸਿੰਘ ਮਾਹਲਾ) : ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਸਖ਼ਤ ਕਾਰਵਾਈ ਜਾਰੀ ਹੈ। ਇਸ ਤਹਿਤ 72 ਘੰਟਿਆਂ ਦਾ ਵਿਸ਼ੇਸ਼ ਆਪ੍ਰੇਸ਼ਨ ‘ਪ੍ਰਹਾਰ’ ਸ਼ੁਰੂ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਿਛਲੇ ਦਿਨੀ ਦੱਸਿਆ ਕਿ ਇਸ ਆਪ੍ਰੇਸ਼ਨ ਵਿੱਚ ਕਰੀਬ 12 ਹਜ਼ਾਰ ਪੁਲਿਸ ਮੁਲਾਜ਼ਮ ਮੈਦਾਨ ਵਿੱਚ ਉਤਾਰੇ ਗਏ ਹਨ। ਇਨ੍ਹਾਂ ਵਿੱਚੋਂ ਲਗਭਗ 2,000 ਪੁਲਿਸ ਕਰਮਚਾਰੀ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਰਿਵਾਰਕ ਮੈਂਬਰਾਂ ਦੀ ਗਹਿਰਾਈ ਨਾਲ ਜਾਂਚ ਕਰ ਰਹੇ ਹਨ। ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸੁਹੇਲ ਮੀਰ ਨੇ ਮੀਡੀਆ ਨੂੰ ਦੱਸਿਆ ਕਿ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ‘ਆਪ੍ਰੇਸ਼ਨ ਪ੍ਰਹਾਰ’ ਨੂੰ ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਪੂਰੀ ਤਾਕਤ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਹਰ ਇਕ ਨੈੱਟਵਰਕ ’ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ।ਐਸਐਸਪੀ ਨੇ ਦੱਸਿਆ ਕਿ ਬੀਤੇ ਦਿਨ ਅੰਮ੍ਰਿਤਸਰ ਦਿਹਾਤੀ ਵਿੱਚ ਵੱਖ-ਵੱਖ ਗੈਂਗਸਟਰ ਗਿਰੋਹਾਂ ਨਾਲ ਸੰਬੰਧਿਤ ਕਰੀਬ 90 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਉਹ ਵਿਅਕਤੀ ਵੀ ਸ਼ਾਮਲ ਹਨ ਜੋ ਗੈਂਗਸਟਰਾਂ ਨੂੰ ਲੋਜਿਸਟਿਕ ਸਹਾਇਤਾ, ਪਨਾਹ ਜਾਂ ਹੋਰ ਤਰ੍ਹਾਂ ਦਾ ਸਹਿਯੋਗ ਦਿੰਦੇ ਸਨ। ਉਨ੍ਹਾਂ ਕਿਹਾ ਕਿ ਅੱਜ ਵੀ ਲਗਭਗ 50 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿਸੇ ਨਾ ਕਿਸੇ ਰੂਪ ਵਿੱਚ ਗੈਂਗਸਟਰ ਗਤੀਵਿਧੀਆਂ ਨਾਲ ਜੁੜੇ ਹੋਏ ਸਨ। ਐਸਐਸਪੀ ਸੁਹੇਲ ਮਹੀਰ ਨੇ ਸਪਸ਼ਟ ਕੀਤਾ ਕਿ ਗੈਂਗਸਟਰ ਨੈੱਟਵਰਕ ਕਈ ਪੱਧਰਾਂ ’ਤੇ ਕੰਮ ਕਰਦੇ ਹਨ, ਜਿਨ੍ਹਾਂ ਵਿੱਚ ਮਾਸਟਰਮਾਈਂਡ, ਲੋਜਿਸਟਿਕਸ ਸਹਾਇਕ ਅਤੇ ਸ਼ੂਟਰ ਸ਼ਾਮਲ ਹੁੰਦੇ ਹਨ। ਪੰਜਾਬ ਪੁਲਿਸ ਇਨ੍ਹਾਂ ਸਾਰੇ ਮੋਡੀਊਲਾਂ ਨੂੰ ਤੋੜਨ ਲਈ ਵਚਨਬੱਧ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।