ਸੁਨਾਮ : ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਆਗੂਆਂ ਪ੍ਰਧਾਨ ਕੁਲਵਿੰਦਰ ਸਿੰਘ ਸਿੱਧੂ, ਦਵਿੰਦਰ ਸੁਨਾਮ, ਸੁਰਿੰਦਰ ਸਿੰਘ, ਹਰਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਕਿਲਾ ਨੇ ਕਿਹਾ ਕਿ ਜਥੇਬੰਦੀ ਨੇ ਸੂਬਾ ਪੱਧਰ ਤੇ ਗਣਤੰਤਰ ਦਿਵਸ ਮੌਕੇ ਸੂਬਾ ਸਰਕਾਰ ਰੋਸ ਪੱਤਰ ਭੇਜਣ ਦਾ ਫੈਸਲਾ ਕੀਤਾ ਹੈ। ਸੂਬੇ ਦੀ ਸਰਕਾਰ ਨੋਟੀਫਿਕੇਸ਼ਨ ਜਾਰੀ ਕਰਕੇ ਵਾਰ ਵਾਰ ਮੁਕਰ ਰਹੀ ਹੈ। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਆਗੂਆਂ ਕੁਲਵਿੰਦਰ ਸਿੰਘ ਸਿੱਧੂ, ਦਵਿੰਦਰ ਸੁਨਾਮ ਅਤੇ ਗੁਰਪ੍ਰੀਤ ਸਿੰਘ ਕਿਲ੍ਹਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 01-01-2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਕੀਤੀ ਜਾ ਰਹੀ ਟਾਲ ਮਟੋਲ ਦੀ ਨੀਤੀ ਦੇ ਰੋਸ ਵਜੋਂ ਗਣਤੰਤਰ ਦਿਵਸ ਮੌਕੇ ਸਾਰੇ ਜਿਲ੍ਹਿਆਂ ਵਿੱਚੋਂ ਤਿਰੰਗਾ ਝੰਡਾ ਲਹਿਰਾਉਣ ਸਮੇਂ ਪੰਜਾਬ ਸਰਕਾਰ ਦੇ ਨਾਮ ਰੋਸ ਪੱਤਰ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਨਾਲ਼ ਲਗਾਤਾਰ ਧੋਖਾ ਕਰਦੀ ਆ ਰਹੀ ਹੈ, ਆਮ ਆਦਮੀ ਪਾਰਟੀ ਵਲੋਂ 2021 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ 2 ਲੱਖ ਐਨ ਪੀ ਐਸ ਮੁਲਾਜ਼ਮਾਂ ਨਾਲ਼ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਬਣਨ ਤੋਂ ਬਾਅਦ 01-01-2004 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ਪਰ ਸਰਕਾਰ ਦੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲ੍ਹਿਆ ਹੈ। ਜਦਕਿ ਰਾਜਸਥਾਨ, ਛੱਤੀਸਗੜ੍ਹ, ਝਾੜਖੰਡ, ਹਿਮਾਚਲ ਪ੍ਰਦੇਸ਼ ਦੀਆਂ ਸੂਬਾ ਸਰਕਾਰਾਂ ਵੱਲੋਂ ਨਵੀਂਂ ਪੈਨਸ਼ਨ ਸਕੀਮ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੂਜੇ ਰਾਜਾਂ ਵਿੱਚ ਜਾ ਕੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਪ੍ਰਚਾਰ ਤਾਂ ਜ਼ੋਰ ਸ਼ੋਰ ਨਾਲ ਕਰਦੇ ਹਨ। ਪਰ ਦੂਜੇ ਪਾਸੇ ਪੰਜਾਬ ਦੇ ਐਨਪੀਐਸ ਮੁਲਾਜ਼ਮਾਂ ਨਾਲ ਬੇਈਮਾਨੀ ਵਾਲੀ ਨੀਤੀ ਤੇ ਚੱਲ ਰਹੇ ਹਨ। ਜਿਸ ਨਾਲ ਪੰਜਾਬ ਦੇ ਐਨਪੀਐਸ ਮੁਲਾਜ਼ਮਾਂ ਵਿੱਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ 18-11-2022 ਨੂੰ ਪੰਜਾਬ ਦੇ ਐਨਪੀਐਸ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਸੀ ਲੇਕਿਨ ਲਾਗੂ ਨਹੀਂ ਕੀਤਾ ਜਾ ਰਿਹਾ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਜਾ ਰਹੀ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਰੱਦ ਕਰਦੇ ਹੋਏ ਪੰਜਾਬ ਸਰਕਾਰ ਤੋਂ 1972 ਦੇ ਪੈਂਨਸ਼ਨ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ।