ਸੂਬੇ ਦੇ ਹਰ ਨਾਗਰਿਕ ਨੂੰ ਮਿਲੇਗਾ ਮੁਫ਼ਤ ਇਲਾਜ
ਕੈਬਨਿਟ ਮੰਤਰੀ ਅਮਨ ਅਰੋੜਾ ਸੁਨਾਮ ਵਿਖੇ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਂਦੇ ਹੋਏ
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕਰਨ ਦਾ ਕੰਮ ਖ਼ੁਦ ਘਰਾਂ ਵਿੱਚ ਜਾ ਕੇ ਸ਼ੁਰੂ ਕਰਵਾਇਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰੂਦੁਆਰਾ ਸਾਹਿਬ ਕੋਕੋ ਮਾਜਰੀ ਵਿਖੇ ਮੱਥਾ ਟੇਕਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ। ਉਨ੍ਹਾਂ ਆਖਿਆ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਹਰੇਕ ਸੂਬਾ ਵਾਸੀ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਵਿੱਚੋਂ ਇੱਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ। ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਲਗਭਗ 1,000 ਮੁਹੱਲਾ ਕਲੀਨਿਕ ਬਣਾਏ ਹਨ। ਪਿਛਲੇ 75 ਸਾਲਾਂ ਵਿੱਚ, ਸਾਰੀਆਂ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹੇ ਹਨ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 1,000 ਮੁਹੱਲਾ ਕਲੀਨਿਕ ਬਣਾਏ ਹਨ, ਅਤੇ ਹੋਰ 500 ਨਿਰਮਾਣ ਅਧੀਨ ਹਨ। ਅਗਲੇ ਚਾਰ ਤੋਂ ਪੰਜ ਮਹੀਨਿਆਂ ਵਿੱਚ, 2,500 'ਪਿੰਡ ਕਲੀਨਿਕ' ਖੋਲ੍ਹੇ ਜਾਣਗੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਹਿਲਾਂ, ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਡਾਕਟਰਾਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ। ਪਿਛਲੇ ਚਾਰ ਸਾਲਾਂ ਵਿੱਚ, 1100 ਮਾਹਰ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ। ਅਤੇ ਹੁਣ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ। ਉਹਨਾਂ ਕਿਹਾ ਕਿ ਇਹ ਕਾਰਡ ਸਾਰਿਆਂ ਲਈ ਹੈ, ਅਤੇ 65 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ। ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਕੁੱਲ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਸ ਸਕੀਮ ਵਿੱਚ 2356 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਕੀਤੇ ਗਏ ਹਨ, ਜਦੋਂ ਕਿ ਪਹਿਲਾਂ ਇਹ ਪੈਕੇਜ ਸਿਰਫ਼ 1600 ਸਨ। ਇਸ ਮੌਕੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਮਨਪ੍ਰੀਤ ਬਾਂਸਲ, ਕੌਂਸਲਰ ਸਨੀ ਕਾਂਸਲ ਆਦਿ ਹਾਜ਼ਰ ਸਨ।