ਨਵੀਂ ਦਿੱਲੀ : ਸਰਦਾਰ ਹਰਮੀਤ ਸਿੰਘ ਕਾਲਕਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਜਾਉਣ ਦਾ ਵਿਸ਼ਾਲ ਮੁਕਾਬਲਾ 26 ਜਨਵਰੀ 2026, ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਸਰੋਵਰ ਦੀ ਪਰਿਕਰਮਾ ਵਿੱਚ ਕਰਵਾਇਆ ਜਾ ਰਿਹਾ ਹੈ। ਸਰਦਾਰ ਕਾਲਕਾ ਨੇ ਕਿਹਾ ਕਿ ਦਸਤਾਰ ਸਿਰਫ਼ ਸਿੱਖ ਦੀ ਪਹਿਚਾਣ ਹੀ ਨਹੀਂ, ਸਗੋਂ ਸ਼ਹਾਦਤ, ਸਵੈਮਾਨ ਅਤੇ ਧਰਮ ਨਾਲ ਅਟੁੱਟ ਨਿਸ਼ਠਾ ਦਾ ਪ੍ਰਤੀਕ ਹੈ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂਆਂ ਦੀ ਵਿਰਾਸਤ ਨਾਲ ਜੋੜਨਾ ਅਤੇ ਸਿੱਖੀ ਮੁੱਲਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਵਿੱਚੋਂ ਜੇਤੂਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ ਤਾਂ ਜੋ ਬੱਚਿਆਂ ਵਿੱਚ ਆਤਮ ਵਿਸ਼ਵਾਸ ਅਤੇ ਸਿੱਖੀ ਪ੍ਰਤੀ ਗੌਰਵ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਪਾਵਨ ਮੁਕਾਬਲੇ ਵਿੱਚ ਸ਼ਾਮਿਲ ਕਰਵਾ ਕੇ ਉਨ੍ਹਾਂ ਨੂੰ ਸਿੱਖੀ ਨਾਲ ਜੋੜਨ ਅਤੇ ਗੁਰੂਆਂ ਦੀ ਮਹਾਨ ਵਿਰਾਸਤ ਨੂੰ ਅੱਗੇ ਵਧਾਉਣ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ।