ਸੁਨਾਮ : ਹੱਕੀ ਅਤੇ ਜਾਇਜ ਮੰਗਾਂ ਪੂਰੀਆਂ ਕਰਨ ਦੀ ਮੰਗ ਨੂੰ ਲੈਕੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਬੁੱਧਵਾਰ ਨੂੰ ਸੁਨਾਮ ਵਿਖੇ ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਨੂੰ ਮੰਗ ਪੱਤਰ ਸੌਂਪਿਆ। ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਰਾਂਹੀ ਸਰਕਾਰ ਨੂੰ ਭੇਜੇ ਮੰਗ ਪੱਤਰ ਵਿੱਚ ਐਸੋਸੀਏਸ਼ਨ ਦੀ ਪ੍ਰਧਾਨ ਗੁਰਵਿੰਦਰ ਕੌਰ, ਇੰਚਾਰਜ਼ ਤ੍ਰਿਸਨਜੀਤ ਕੌਰ, ਜਸਵਿੰਦਰ ਕੌਰ, ਗੁਰਰਾਜ ਕੌਰ, ਲਛਮੀ ਦੇਵੀ, ਰਮਿੰਦਰ ਕੌਰ ਅਤੇ ਲਖਵਿੰਦਰ ਕੌਰ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਤੁਰੰਤ ਕਦਮ ਚੁੱਕੇ। ਉਨ੍ਹਾਂ ਆਖਿਆ ਕਿ ਮੁਲਕ ਦੀ ਸਿਖਰਲੀ ਅਦਾਲਤ ਦੇ ਹੁਕਮਾਂ ਦੀ ਤਾਮੀਲ ਕਰਦਿਆਂ ਆਂਗਨਵਾੜੀ ਵਰਕਰ ਨੂੰ ਦਰਜ਼ਾ ਤਿੰਨ ਅਤੇ ਹੈਲਪਰ ਨੂੰ ਦਰਜ਼ਾ ਚਾਰ ਕਰਮਚਾਰੀ ਮੰਨਕੇ ਪੂਰੇ ਗਰੇਡ ਅਨੁਸਾਰ ਤਨਖਾਹ ਦੇਣ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਅਦਾਲਤ ਦੇ ਹੁਕਮ ਲਾਗੂ ਨਹੀਂ ਕੀਤੇ ਜਾਂਦੇ ਉਦੋਂ ਤੱਕ ਘੱਟੋ ਘੱਟ ਉਜਰਤ 26 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਆਖਿਆ ਕਿ ਜੇਕਰ ਸਰਕਾਰ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਜਥੇਬੰਦੀ ਸਰਕਾਰ ਵਿਰੁੱਧ ਜ਼ੋਰਦਾਰ ਸੰਘਰਸ਼ ਵਿੱਢੇਗੀ।