ਕਿਹਾ ਕੇਂਦਰ ਤੇ ਸੂਬਾ ਸਰਕਾਰ ਨਹੀਂ ਕਿਸਾਨ ਮਜ਼ਦੂਰ ਹਿਤੈਸ਼ੀ
ਸੁਨਾਮ : ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਦੇ ਖਿਲਾਫ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜ ਫ਼ਰਵਰੀ ਨੂੰ ਪੰਜਾਬ ਦੇ ਮੰਤਰੀ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕਰਨਗੇ। ਸੀਐਮ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ ਨੂੰ ਲੈਕੇ ਭਾਕਿਯੂ ਏਕਤਾ ਅਜ਼ਾਦ ਨੇ ਸ਼ਨਿੱਚਰਵਾਰ ਨੂੰ ਸੁਨਾਮ ਨੇੜਲੇ ਪਿੰਡਾਂ ਬਿਗੜਵਾਲ, ਮੈਦੇਵਾਸ ਅਤੇ ਛਾਜਲੀ ਵਿਖੇ ਲਾਮਬੰਦੀ ਮੀਟਿੰਗਾਂ ਕੀਤੀਆਂ।
ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਕਾਰਜਕਾਰੀ ਕਨਵੀਨਰ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ , ਜ਼ਿਲ੍ਹਾ ਆਗੂ ਹੈਪੀ ਨਮੋਲ, ਸੰਤ ਰਾਮ ਛਾਜਲੀ ਅਤੇ ਜਸਵੀਰ ਸਿੰਘ ਮੈਦੇਵਾਸ, ਨੇ ਕਿਹਾ ਹੈ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਲਗਾਤਾਰ ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਸੂਬੇ ਦੀ ਭਗਵੰਤ ਮਾਨ ਸਰਕਾਰ ਵੀ ਕੇਂਦਰੀ ਨੀਤੀਆਂ ਦਾ ਡਟਵਾਂ ਵਿਰੋਧ ਕਰਨ ਦੀ ਬਜਾਏ ਲੁਕਵੇਂ ਢੰਗ ਨਾਲ ਕੇਂਦਰ ਦੀ ਹਾਂਅ ਵਿਚ ਹਾਂਅ ਮਿਲਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿਲ 2025, ਸੀਡ ਬਿਲ, ਕਿਰਤ ਕਾਨੂੰਨ ਅਤੇ ਮਨਰੇਗਾ ਵਿੱਚ ਤਬਦੀਲੀਆਂ ਨੂੰ ਕਿਸਾਨ ਮਜ਼ਦੂਰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਆਖਿਆ ਕਿ ਨਵੇਂ ਕਾਨੂੰਨ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਦੀ ਹਾਮੀ ਭਰ ਰਹੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਦਾ ਇਜਲਾਸ ਸੱਦਕੇ ਕੇਂਦਰੀ ਕਾਨੂੰਨਾਂ ਨੂੰ ਮਤਾ ਪਾਸ ਕਰਕੇ ਮੁੱਢੋਂ ਰੱਦ ਕਰਨ ਨੂੰ ਯਕੀਨੀ ਬਣਾਵੇ। ਬੁਲਾਰਿਆਂ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤੇ 5 ਫਰਵਰੀ ਨੂੰ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਇੱਕ ਦਿਨ ਦੇ ਘਿਰਾਓ ਦੇ ਪ੍ਰੋਗਰਾਮ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਵੱਡਾ ਇਕੱਠ ਕਰਕੇ ਘਿਰਾਓ ਕੀਤਾ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਸੂਬੇ ਦੀ ਸਰਕਾਰ ਨੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਦਿੱਤਾ ਹੈ ਅਜਿਹੇ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਇੱਕਜੁੱਟ ਹੋਕੇ ਸੰਘਰਸ਼ ਕਰਨ ਦੀ ਲੋੜ ਹੈ।