ਨਸ਼ਾ ਮੁਕਤ ਕੈਂਪਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਫੈਕਲਟੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
'ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਸਰਕਾਰ ਨੇ ਕਾਲਜ ਪੱਧਰੀ ਸਿਖਲਾਈ ਪ੍ਰੋਗਰਾਮਾਂ ਰਾਹੀਂ ਰੋਕਥਾਮ ਯਤਨਾਂ ਨੂੰ ਮਜ਼ਬੂਤੀ ਦਿੱਤੀ
ਚੰਡੀਗੜ੍ਹ : ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਪਹਿਲਕਦਮੀ ਤਹਿਤ ਸੂਬੇ ਭਰ ਦੇ 200 ਸਰਕਾਰੀ ਅਤੇ ਸਹਾਇਤਾ ਪ੍ਰਾਪਤ ਕਾਲਜਾਂ ਦੇ ਫੈਕਲਟੀ ਮੈਂਬਰਾਂ ਲਈ ਸਮਰੱਥਾ ਨਿਰਮਾਣ ਅਤੇ ਜਾਗਰੂਕਤਾ ਵਰਕਸ਼ਾਪਾਂ ਦਾ ਆਯੋਜਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਾਗੂ ਕੀਤੇ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਦੇ ਹਿੱਸੇ ਵਜੋਂ ਪੰਜਾਬ ਭਰ ਦੇ ਲਗਭਗ 200 ਕਾਲਜਾਂ ਦੇ ਨੋਡਲ ਪ੍ਰੋਫੈਸਰਾਂ ਨੇ 20 ਜਨਵਰੀ ਤੋਂ 30 ਜਨਵਰੀ ਤੱਕ ਚਾਰ ਜ਼ਿਲ੍ਹਿਆਂ ਵਿੱਚ ਆਯੋਜਿਤ ਇੱਕ-ਰੋਜ਼ਾ ਵਰਕਸ਼ਾਪਾਂ ਵਿੱਚ ਹਿੱਸਾ ਲਿਆ। ਇਹ ਵਰਕਸ਼ਾਪਾਂ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੁਆਰਾ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਮੋਹਾਲੀ ਦੇ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਆਯੋਜਿਤ ਕੀਤੀਆਂ ਗਈਆਂ। ਇਹ ਵਰਕਸ਼ਾਪਾਂ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ, ਲੁਧਿਆਣਾ; ਮਹਿੰਦਰਾ ਕਾਲਜ, ਪਟਿਆਲਾ; ਰਾਜਿੰਦਰਾ ਕਾਲਜ, ਬਠਿੰਡਾ; ਅਤੇ ਜਲੰਧਰ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਈਆਂ ਗਈਆਂ।
ਮਹਿੰਦਰਾ ਕਾਲਜ, ਪਟਿਆਲਾ ਵਿਖੇ ਵਰਕਸ਼ਾਪ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ, ਜਿੱਥੇ ਉਨ੍ਹਾਂ ਨੇ ਨੌਜਵਾਨਾਂ ਵਿੱਚ ਨਸ਼ਿਆਂ ਦੇ ਸੇਵਨ ਦੀ ਸਮੱਸਿਆ ਦੇ ਹੱਲ ਅਤੇ ਮਾਨਸਿਕ ਸਿਹਤ ਸਹਾਇਤਾ ਪ੍ਰਣਾਲੀਆਂ ਦੀ ਮਜ਼ਬੂਤੀ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਨ੍ਹਾਂ ਸੈਸ਼ਨਾਂ ਦੌਰਾਨ ਨੌਜਵਾਨਾਂ ਵਿੱਚ ਨਸ਼ਿਆਂ ਦੇ ਸੇਵਨ ਬਾਰੇ ਚਰਚਾ ਕਰਨ ਅਤੇ ਕੈਂਪਸ ਵਿੱਚ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਰਣਨੀਤੀਆਂ 'ਤੇ ਸਹਿਯੋਗ ਵਾਸਤੇ ਮਨੋਰੋਗੀ ਮਾਹਿਰਾਂ ਅਤੇ ਮਾਨਸਿਕ ਸਿਹਤ ਪੇਸ਼ੇਵਰ ਵੱਲੋਂ ਨੋਡਲ ਪ੍ਰੋਫੈਸਰਾਂ ਨਾਲ ਚਰਚਾ ਕੀਤੀ ਗਈ। ਇਨ੍ਹਾਂ ਵਰਕਸ਼ਾਪਾਂ ਦੌਰਾਨ ਵਿਦਿਆਰਥੀਆਂ ਦੇ ਸਵੈ-ਨੁਕਸਾਨ ਅਤੇ ਨਸ਼ਿਆਂ ਦੇ ਸੇਵਨ ਨਾਲ ਸਬੰਧਤ ਸਮੱਸਿਆਵਾਂ ਨੂੰ ਉਜਾਗਰ ਕਰਦਿਆਂ ਅਧਿਆਪਕਾਂ ਅਤੇ ਪ੍ਰਸ਼ਾਸਕਾਂ ਨੂੰ ਇਨ੍ਹਾਂ ਦੀ ਸ਼ੁਰੂਆਤ ‘ਚ ਹੀ ਪਛਾਣ ਕਰਨ, ਹਮਦਰਦੀ ਨਾਲ ਵਿਚਰਨ ਅਤੇ ਢੁਕਵੀਂਆਂ ਸਹਾਇਤਾ ਪ੍ਰਣਾਲੀਆਂ ਬਾਰੇ ਜਾਗਰੂਕ ਕੀਤਾ ਗਿਆ। ਇਨ੍ਹਾਂ ਸਿਖਲਾਈ ਸੈਸ਼ਨਾਂ ਦੌਰਾਨ ਮਾਨਸਿਕ ਸਿਹਤ ਮਾਹਿਰਾਂ ਅਤੇ ਪ੍ਰੋਫੈਸਰਾਂ ਨੇ ਨੌਜਵਾਨਾਂ ਨੂੰ ਦਰਪੇਸ਼ ਚੁਣੌਤੀਆਂ ਅਤੇ ਸੈਸ਼ਨ ਦੌਰਾਨ ਪੇਸ਼ ਵੱਖ-ਵੱਖ ਸਵਾਲਾਂ ਦੇ ਹੱਲ ਲਈ ਆਪਣੀ ਸੂਝ, ਅਨੁਭਵ ਅਤੇ ਵਿਹਾਰਕ ਗਿਆਨ ਨੂੰ ਸਾਂਝਾ ਕੀਤਾ। ਇਸਦੇ ਨਾਲ ਹੀ ਇਸ ਦੌਰਾਨ ਪਿਛਲੇ ਸਾਲ ਦਸੰਬਰ ਵਿੱਚ ਐਸ.ਐਮ.ਐਚ.ਐਸ. ਸਰਕਾਰੀ ਕਾਲਜ, ਮੋਹਾਲੀ ਵਿਖੇ ਹੋਏ ਰਾਜ-ਪੱਧਰੀ ਸਿਖਲਾਈ ਸੈਸ਼ਨ ਦੌਰਾਨ ਪੇਸ਼ ਕੀਤੇ ਗਏ ਨੁਕਤਿਆਂ ਅਤੇ ਹੱਲਾਂ 'ਤੇ ਵੀ ਮੁੜ ਵਿਚਾਰ ਕੀਤਾ ਗਿਆ।
ਪੰਜਾਬ ਸਰਕਾਰ ਪਿਛਲੇ ਹਫ਼ਤੇ ਤੋਂ ਕਮਿਊਨਿਟੀ ਵਲੰਟੀਅਰਾਂ ਦੀ ਅਗਵਾਈ ਹੇਠ ਸੂਬੇ ਦੇ ਵੱਖ-ਵੱਖ ਹਲਕਿਆਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਪੈਦਲ ਮਾਰਚ ਵੀ ਕਰਵਾ ਰਹੀ ਹੈ ਅਤੇ ਇਨ੍ਹਾਂ ਪਹਿਲਕਦਮੀਆਂ ਨੂੰ ਲੋਕਾਂ ਵੱਲੋਂ ਵੱਡਾ ਹੁੰਗਾਰਾ ਵੀ ਮਿਲਿਆ ਹੈ।
ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਦੌਰਾਨ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਪਹਿਲਕਦਮੀਆਂ ਕਰ ਰਹੀ ਹੈ। ਇਸ ਲਈ ਅਜਿਹੇ ਵਿੱਚ ਅਜਿਹੀਆਂ ਸਮਰੱਥਾ ਨਿਰਮਾਣ ਸਿਖਲਾਈ ਵਰਕਸ਼ਾਪਾਂ ਜਾਂ ਸੈਸ਼ਨ ਨਸ਼ਿਆਂ ਦੀ ਮੰਗ ਨੂੰ ਘਟਾਉਣ, ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਰੋਕਥਾਮ ਦੇ ਯਤਨਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।