ਬਠਿੰਡਾ : ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਐਸਡੀਐਮ ਦਫ਼ਤਰ ਵਿਖੇ ਪਿੰਡ ਪੱਧਰ ਦੇ ਵੀਡੀਸੀ ਮੈਂਬਰਾਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਬੈਠਕ ਦਾ ਮੁੱਖ ਉਦੇਸ਼ ਕਿਲੀ ਚਾਹਲਾਂ (ਮੋਗਾ) ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਰਣਨੀਤੀ ਤੈਅ ਕਰਨਾ ਸੀ, ਤਾਂ ਜੋ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਮਜ਼ਬੂਤੀ ਮਿਲ ਸਕੇ।ਬੈਠਕ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਸਮੂਹ ਸਮਾਜ ਦੀ ਸਾਂਝੀ ਭਾਗੀਦਾਰੀ ਨਾਲ ਹੀ ਇਸ ਬੁਰਾਈ ਨੂੰ ਜੜੋਂ ਸਮੇਤ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਪੱਧਰ ’ਤੇ ਵੀਡੀਸੀ ਮੈਂਬਰ, ਪੰਚਾਇਤ ਨੁਮਾਇੰਦੇ ਅਤੇ ਸਮਾਜਿਕ ਆਗੂ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।
ਵਿਧਾਇਕ ਸਿੱਧੂ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਇਸ ਮੌਕੇ ਡੀਐਸਪੀ ਮਨੋਜ ਕੁਮਾਰ ਅਤੇ ਐਸਡੀਐਮ ਸੁਨੀਲ ਫੋਗਾਟ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ। ਹਲਕੇ ਦੇ ਸਮੂਹ ਥਾਣਾ ਮੁਖੀਆਂ ਨੂੰ ਪਿੰਡ ਪੱਧਰ ’ਤੇ ਨਿਗਰਾਨੀ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।ਬੈਠਕ ਵਿੱਚ ਆਮ ਆਦਮੀ ਪਾਰਟੀ ਦੇ “ਯੁੱਧ ਨਸ਼ਿਆਂ ਵਿਰੁੱਧ” ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਬਾਂਡੀ ਹਲਕਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਬੀਡੀਸੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ। ਸਭ ਨੇ ਇਕਸੁਰ ਹੋ ਕੇ ਕਿਲੀ ਚਾਹਲਾਂ ਵਿਖੇ ਹੋਣ ਵਾਲੀ ਰੈਲੀ ਨੂੰ ਕਾਮਯਾਬ ਬਣਾਉਣ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਸੰਕਲਪ ਕੀਤਾ।
ਅੰਤ ਵਿੱਚ ਵਿਧਾਇਕ ਸਿੱਧੂ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਸਿਰਫ਼ ਇਕ ਸਰਕਾਰੀ ਅਭਿਆਨ ਨਹੀਂ, ਸਗੋਂ ਪੰਜਾਬ ਦੇ ਭਵਿੱਖ ਦੀ ਰੱਖਿਆ ਲਈ ਚਲਾਈ ਗਈ ਲੋਕ ਲਹਿਰ ਹੈ, ਜਿਸ ਵਿੱਚ ਹਰ ਵਰਗ ਦੀ ਸਰਗਰਮ ਭਾਗੀਦਾਰੀ ਲਾਜ਼ਮੀ ਹੈ।