ਇਸ ਵਾਰ ਫਿਰ ਪੰਜਾਬ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਨੂੰ ਖਤਮ ਕਰਨ ਲਈ 'ਝਾੜੂ' ਚੱਲੇਗਾ, ਜਿਨ੍ਹਾਂ ਨੇ ਵਾਰੋ-ਵਾਰੀ ਸੱਤਾ ਦਾ ਸੁਖ ਭੋਗਿਆ:ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਕਾਲੀ ਦਲ ਅਤੇ ਕਾਂਗਰਸ ਨੇ ਝਾਰਖੰਡ ਵਿੱਚ ਪੰਜਾਬ ਦੀ ਕੋਲਾ ਖਾਣ ਬੰਦ ਰੱਖੀ ਤਾਂ ਜੋ ਉਹ ਨਿੱਜੀ ਕੰਪਨੀਆਂ ਤੋਂ ਕੋਲਾ ਖਰੀਦ ਕੇ ਕਮਿਸ਼ਨ ਕਮਾ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਾਹਨੂੰਵਾਨ ਸ਼ਹਿਰ ਨੂੰ ਸਬ ਡਿਵੀਜ਼ਨ ਬਣਾਇਆ ਜਾਵੇਗਾ ਜਿੱਥੇ ਐਸ.ਡੀ.ਐਮ., ਤਹਿਸੀਲਦਾਰ, ਪਟਵਾਰੀ ਅਤੇ ਹੋਰ ਸਾਰੇ ਦਫ਼ਤਰ ਇਕੋ ਛੱਤ ਹੇਠ ਕੰਮ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨੇ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਕੀਤੇ ਹਨ ਜਿਸ ਨਾਲ 5.20 ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਦਾਸਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਚੱਲੇ ਆ ਰਹੇ ਸਿਆਸੀ ਸ਼ੋਸ਼ਣ ਤੋਂ ਵਿਕਾਸ, ਸਿੱਖਿਆ ਸੁਧਾਰ ਅਤੇ ਲੋਕ ਭਲਾਈ ਅਧਾਰਿਤ ਸ਼ਾਸਨ ਦੇ ਯੁੱਗ ਵੱਲ ਫੈਸਲਾਕੁੰਨ ਤਬਦੀਲੀ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਇਕ ਵਾਰ ਫਿਰ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਦਾ ਹੂੰਝਾ ਫੇਰਨ ਲਈ 'ਝਾੜੂ' ਦੀ ਵਰਤੋਂ ਕਰਨਗੇ, ਜਿਨ੍ਹਾਂ ਨੇ ਲੋਕ ਭਲਾਈ ਨੂੰ ਨਜ਼ਰਅੰਦਾਜ਼ ਕਰਦੇ ਹੋਏ ਵਾਰੋ-ਵਾਰੀ ਪੰਜਾਬ 'ਤੇ ਰਾਜ ਕੀਤਾ। ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਕਾਦੀਆਂ ਵਿੱਚ 168.44 ਕਰੋੜ ਰੁਪਏ ਦੀਆਂ 237 ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ, ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਰਹੀ ਹੈ, ਨਾਲ ਹੀ ਇਹ ਵੀ ਖੁਲਾਸਾ ਕੀਤਾ ਕਿ ਕਿਵੇਂ ਪਹਿਲੀਆਂ ਸਰਕਾਰਾਂ ਨੇ ਆਮ ਲੋਕਾਂ ਦੀਆਂ ਜ਼ਰੂਰਤਾਂ ਨਾਲੋਂ ਕਮਿਸ਼ਨਾਂ ਅਤੇ ਸੱਤਾ ਭੋਗਣ ਦੀ ਸਿਆਸਤ ਨੂੰ ਤਰਜੀਹ ਦਿੱਤੀ ਸੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲ ਬੰਦ ਕਰ ਦਿੱਤੇ ਸਨ ਅਤੇ ਸਰਹੱਦੀ ਖੇਤਰਾਂ ਨੂੰ ਅਣਗੌਲਿਆ ਕੀਤਾ ਸੀ, ਪਰ ਪੰਜਾਬ ਸਰਕਾਰ ਨਵੇਂ ਆਧੁਨਿਕ ਸਕੂਲ ਬਣਾ ਰਹੀ ਹੈ, ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੀ ਹੈ ਤਾਂ ਜੋ ਪੰਜਾਬ ਦੇ ਬੱਚਿਆਂ ਨੂੰ ਸਿੱਖਿਆ ਲਈ ਵਿਦੇਸ਼ ਨਾ ਜਾਣਾ ਪਵੇ, 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵਾਂ ਨੂੰ ਆਕਰਸ਼ਿਤ ਕੀਤਾ ਜਾ ਰਿਹਾ ਹੈ ਜਿਸ ਨਾਲ 5.20 ਲੱਖ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ ਤੇ ਪੰਜਾਬ ਦੇ ਹਰ ਕੋਨੇ ਵਿੱਚ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਹਨੂੰਵਾਨ ਨੂੰ ਸਬ ਡਿਵੀਜ਼ਨ ਬਣਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਾਰੇ ਮੁੱਖ ਸਰਕਾਰੀ ਦਫ਼ਤਰਾਂ ਨੂੰ ਇਕ ਛੱਤ ਹੇਠ ਲਿਆਂਦਾ ਜਾ ਸਕੇ।
ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੱਤਾ ਦੀ ਲਾਲਸਾ ਵਿੱਚ ਹਮੇਸ਼ਾ ਲੋਕਾਂ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਸੂਬੇ ਦਾ ਸਰਮਾਇਆ ਲੁੱਟਣ ਅਤੇ ਆਮ ਆਦਮੀ ਦਾ ਸ਼ੋਸ਼ਣ ਕਰਨ ਤੋਂ ਇਲਾਵਾ ਹੋਰ ਕੋਈ ਏਜੰਡਾ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਸੂਬੇ ਦੇ ਲੋਕ ਸਭ ਤੋਂ ਉੱਪਰ ਹਨ ਅਤੇ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮਾਝਾ ਖੇਤਰ ਦੀ ਲੰਬੇ ਸਮੇਂ ਤੋਂ ਨੁਮਾਇੰਦਗੀ ਕਰਨ ਵਾਲੇ ਤਸਕਰਾਂ ਨੇ ਸਾਡੀਆਂ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ, ਜਿਸ ਲਈ ਅਜਿਹੇ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕ ਬੇਕਰੀ ਦੇ ਬਣੇ ਹੋਏ ਬਿਸਕੁਟ ਖਾਂਦੇ ਹਾਂ ਜਦੋਂ ਕਿ ਪਹਾੜਾਂ ਦੇ ਕਾਨਵੈਂਟ ਸਕੂਲਾਂ ਤੋਂ ਪੜ੍ਹੇ ਹੋਏ ਇਨ੍ਹਾਂ ਆਗੂਆਂ ਨੇ ਹਮੇਸ਼ਾ ਆਪਣੇ ਪਿਤਾ ਦੇ ਤਸਕਰੀ ਕੀਤੇ ਹੋਏ ਸੋਨੇ ਦੇ ਬਿਸਕੁਟ ਵਰਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਆਮ ਆਦਮੀ ਦੀ ਸੇਵਾ ਕਰਨ ਦਾ ਕੋਈ ਏਜੰਡਾ ਨਹੀਂ ਹੈ ਅਤੇ ਸਿਰਫ਼ ਸੱਤਾ ਹਾਸਲ ਕਰਨ ਦੀ ਅੰਨ੍ਹੀ ਦੌੜ ਵਿੱਚ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਾਹੀ ਠਾਠ ਵਾਲੇ ਆਗੂਆਂ ਦਾ ਆਮ ਲੋਕਾਂ ਨਾਲ ਕੋਈ ਮੇਲ ਨਹੀਂ ਹੈ ਅਤੇ ਉਨ੍ਹਾਂ ਦੀਆਂ ਕਾਰਾਂ, ਓਵਰਕੋਟ, ਅਲਮਾਰੀ ਜਾਂ ਕੁਝ ਵੀ ਸਾਡੇ ਨਾਲ ਮੇਲ ਨਹੀਂ ਖਾਂਦਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵਿਧਾਨ ਸਭਾ, ਰਾਜ ਸਭਾ ਅਤੇ ਲੋਕ ਸਭਾ ਵਿੱਚ ਇਸ ਇਲਾਕੇ ਦੀ ਨੁਮਾਇੰਦਗੀ ਕੀਤੀ ਹੈ, ਉਨ੍ਹਾਂ ਨੇ ਕਦੇ ਵੀ ਇਸ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਅਤੇ ਇਸ ਦੇ ਉਲਟ ਸੜਕਾਂ 'ਤੇ ਟੋਲ ਸਥਾਪਤ ਕੀਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦਿੱਗਜ਼ ਆਗੂਆਂ ਦਾ ਘਰ ਵੀ ਦੋ ਪਾਰਟੀਆਂ ਵਿੱਚ ਵੰਡਿਆ ਹੋਇਆ ਹੈ ਕਿਉਂਕਿ ਇਨ੍ਹਾਂ ਆਗੂਆਂ ਦੇ ਘਰ 'ਤੇ ਦੋ ਪਾਰਟੀਆਂ ਦੇ ਝੰਡੇ ਲੱਗੇ ਹੋਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਚੋਣਾਂ ਵਿੱਚ ਕੰਮ ਕਰਨ ਲਈ ਆਮ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਚਿਹਰੇ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਇਸੇ ਕਾਰਨ ਹੀ ਉਨ੍ਹਾਂ ਦੇ ਚੋਟੀ ਦੇ ਆਗੂ ਨੇ ਸੂਬੇ ਵਿੱਚ ਹਾਲ ਹੀ ਵਿੱਚ ਸਮਾਪਤ ਹੋਈ ਇੱਕ ਰੈਲੀ ਦੌਰਾਨ ਇਨ੍ਹਾਂ ਆਗੂਆਂ ਨੂੰ ਸ਼ਰੇਆਮ ਨਜ਼ਰਅੰਦਾਜ਼ ਕੀਤਾ। ਕਾਂਗਰਸ ਆਗੂ ਵੱਲੋਂ ਸੂਬੇ ਵਿੱਚ ਸੱਤਾ ਸੰਭਾਲਣ ਦੇ ਸੁਪਨੇ ਦੇਖਣ 'ਤੇ ਚੁਟਕੀ ਲੈਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਵੰਡਿਆ ਹੋਇਆ ਘਰ ਹੈ ਜੋ ਅੰਦਰੂਨੀ ਲੜਾਈ ਕਾਰਨ ਹੀ ਢਹਿ-ਢੇਰੀ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸੱਤਾ ਲਈ ਝਗੜੇ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਇੱਕਜੁੱਟ ਕਰਨ ਲਈ ਆਉਣ ਵਾਲੇ ਚੋਟੀ ਦੇ ਕਾਂਗਰਸੀ ਆਗੂ ਨੂੰ ਉਹਨਾਂ ਦਾ ਨਾਂ ਵੀ ਉਚਾਰਨਾ ਨਹੀਂ ਆਉਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਾਂਗਰਸੀ ਆਗੂਆਂ ਕੋਲ ਸੂਬੇ ਦੇ ਵਿਕਾਸ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ਸੰਭਾਲ ਕੇ ਪੰਜਾਬ ਦੀ ਦੌਲਤ ਨੂੰ ਲੁੱਟਣਾ ਹੈ ਪਰ ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਰਵਾਇਤੀ ਪਾਰਟੀਆਂ ਸੱਤਾ ਹੜੱਪਣ ਲਈ ਸਿਰਫ਼ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ ਪਰ ਹੁਣ ਝਾੜੂ ਇਨ੍ਹਾਂ ਪਾਰਟੀਆਂ ਦੁਆਰਾ ਪੈਦਾ ਕੀਤੀ ਗਈ ਗੰਦਗੀ ਨੂੰ ਸਾਫ਼ ਕਰ ਰਿਹਾ ਹੈ।
ਅਕਾਲੀ ਲੀਡਰਸ਼ਿਪ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਆਪਣੀ ਪਾਰਟੀ ਦੀ ਕਮੇਟੀ ਬਣਾਉਣ ਲਈ 11 ਮੈਂਬਰ ਵੀ ਨਹੀਂ ਮਿਲ ਰਹੇ, ਉਹ ਸੂਬੇ ਵਿੱਚ 117 ਸੀਟਾਂ ਜਿੱਤਣ ਦੇ ਸੁਪਨੇ ਦੇਖ ਰਹੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਹੈ ਅਤੇ ਨਸ਼ਾ ਤਸਕਰਾਂ ਨੂੰ ਬਚਾ ਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਸੁੱਟ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਚੱਲੇ ਹੋਏ ਕਾਰਤੂਸਾਂ ਦੀ ਪਾਰਟੀ ਹੈ ਜਿਨ੍ਹਾਂ ਨੂੰ ਲੋਕਾਂ ਨੇ ਵਾਰ-ਵਾਰ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਧਰਮ ਦੀ ਦੁਰਵਰਤੋਂ ਕਰ ਸਕਦੇ ਹਨ ਪਰ ਲੋਕ ਹੁਣ ਇਹਨਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾ ਵਿੱਚ ਮਹਿਲ ਬਣਾ ਰਹੀ ਹੈ, ਪਰ ਪੰਜਾਬੀ ਇਹਨਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਮੁੜ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦਾਅਵਾ ਕਰਦੇ ਹਨ ਕਿ ਸੂਬੇ ਦਾ ਪੂਰਾ ਵਿਕਾਸ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਇਆ ਹੈ ਪਰ ਉਹ ਸੂਬੇ ਵਿੱਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਨਹੀਂ ਕਰਦੇ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸੌੜੇ ਹਿੱਤਾਂ ਲਈ ਧਰਮ ਦੀ ਵਰਤੋਂ ਕਰਕੇ ਆਮ ਲੋਕਾਂ ਦੀ ਭਾਵਨਾ ਨੂੰ ਠੇਸ ਪਹੁੰਚਾਈ ਹੈ, ਜੋ ਕਿ ਮੁਆਫ਼ੀਯੋਗ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਉਨ੍ਹਾਂ ਤਾਕਤਾਂ ਨਾਲ ਰਲੇ ਹੋਏ ਹਨ ਜੋ ਸਿੱਖ ਪੰਥ ਅਤੇ ਪੰਜਾਬ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਸਭ ਤੋਂ ਵੱਧ ਮੌਕਾਪ੍ਰਸਤ ਆਗੂ ਹਨ ਜੋ ਸੂਬੇ ਦੀ ਚਿੰਤਾ ਕਰਨ ਦੀ ਬਜਾਏ ਸਿਰਫ਼ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਕੰਮ ਕਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਰਵਾਇਤੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੇ ਆਮ ਲੋਕਾਂ ਦੀ ਭਲਾਈ ਨੂੰ ਮੁੱਖ ਏਜੰਡਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਭਾਜਪਾ ਵਾਰੋ-ਵਾਰੀ ਸੱਤਾ ਦਾ ਆਨੰਦ ਮਾਣ ਕੇ ਅਤੇ ਇੱਕ ਦੂਜੇ ਦੇ ਹਿੱਤਾਂ ਨੂੰ ਸੁਰੱਖਿਅਤ ਕਰਕੇ ਆਪਸੀ ਮਿਲੀਭੁਗਤ ਨਾਲ ਪੰਜਾਬ ਨੂੰ ਲੁੱਟਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਨੂੰ ਲੁੱਟਣ ਲਈ ਆਪਣੀ ਵਾਰੀ ਦੀ ਉਡੀਕ ਕਰਦੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਗੰਦੀ ਖੇਡ ਉਦੋਂ ਬੰਦ ਹੋ ਗਈ ਜਦੋਂ 'ਆਪ' ਨੇ ਦੇਸ਼ ਦੀ ਰਾਜਨੀਤੀ ਵਿੱਚ ਪੈਰ ਰੱਖਿਆ ਪਰ ਇਹ ਪਾਰਟੀਆਂ ਨਹੀਂ ਚਾਹੁੰਦੀਆਂ ਕਿ ਅਜਿਹਾ ਹੋਵੇ। ਉਨ੍ਹਾਂ ਕਿਹਾ ਕਿ ਜੋ ਵੀ ਭ੍ਰਿਸ਼ਟਾਚਾਰ ਅਤੇ ਉਨ੍ਹਾਂ ਦੇ ਘਿਣਾਉਣੇ ਕਾਰਨਾਮਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ, ਉਸ ਨੂੰ ਉਨ੍ਹਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭ੍ਰਿਸ਼ਟ ਆਗੂ ਇਮਾਨਦਾਰ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਉਨ੍ਹਾਂ ਵਿਰੁੱਧ ਝੂਠੇ ਕੇਸ ਦਰਜ ਕਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਲੋਕਾਂ ਦੀ ਭਲਾਈ ਜਾਂ ਲੋਕਾਂ ਦੀ ਖੁਸ਼ਹਾਲੀ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਉਦੇਸ਼ ਸਿਰਫ਼ ਸੱਤਾ ਹੜੱਪਣ ਤੱਕ ਸੀਮਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਦੀਆਂ ਮਾੜੀਆਂ ਅਤੇ ਪਿਛਾਂਹ-ਖਿੱਚੂ ਨੀਤੀਆਂ ਨੇ ਸੂਬੇ ਦੇ ਲੋਕਾਂ ਦਾ ਭਵਿੱਖ ਤਬਾਹ ਕਰ ਦਿੱਤਾ ਹੈ ਜਿਨ੍ਹਾਂ ਨੂੰ ਦੋ ਟਾਈਮ ਦੀ ਰੋਟੀ ਦਾ ਪ੍ਰਬੰਧ ਕਰਨ ਲਈ ਮਾਮੂਲੀ ਕੰਮ ਕਰਨੇ ਪੈਂਦੇ ਸਨ ਜਦੋਂ ਕਿ ਇਨ੍ਹਾਂ ਲੋਕਾਂ ਨੇ ਆਪਣੇ ਪੁਰਖਿਆਂ ਵੱਲੋਂ ਤਸਕਰੀ ਕੀਤੇ 'ਸੋਨੇ ਦੇ ਬਿਸਕੁਟਾਂ' ਦੇ ਆਧਾਰ 'ਤੇ ਜ਼ਿੰਦਗੀ ਦਾ ਆਨੰਦ ਮਾਣਿਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੀ ਪੂਰੀ ਸੂਝ-ਬੂਝ ਨਾਲ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫ਼ੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਹੁਣ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਕੇਂਦਰ ਸਰਕਾਰ ਵੱਲੋਂ ਆਪਣੇ ਕਰੀਬੀ ਦੋਸਤਾਂ ਨੂੰ ਦੇਸ਼ ਦੀਆਂ ਜਾਇਦਾਦਾਂ ਘੱਟ ਕੀਮਤਾਂ 'ਤੇ ਦਿੱਤੀਆਂ ਜਾ ਰਹੀਆਂ ਹਨ, ਉੱਥੇ ਦੂਜੇ ਪਾਸੇਂ ਪੰਜਾਬ ਸਰਕਾਰ ਨੇ ਖੁਦ ਨਿੱਜੀ ਥਰਮਲ ਪਲਾਂਟ ਖਰੀਦਿਆ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖਿਆ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ; ਜਨਰਲ ਵਰਗ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਵਜੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ, ਖਾਸ ਕਰਕੇ ਗਰੀਬ ਵਰਗ ਲਈ, 1000-1500 ਰੁਪਏ ਵੀ ਇੱਕ ਅਹਿਮ ਰਾਸ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰਾਸ਼ੀ ਮਾਵਾਂ ਅਤੇ ਧੀਆਂ ਲਈ ਸਤਿਕਾਰ ਦਾ ਪ੍ਰਤੀਕ ਹੈ ਅਤੇ ਇਸ ਸਕੀਮ ਸਦਕਾ ਔਰਤਾਂ ਦੇ ਚਿਹਰਿਆਂ 'ਤੇ ਆਈ ਮੁਸਕਰਾਹਟ ਉਨ੍ਹਾਂ ਨੂੰ ਬੇਹੱਦ ਸੰਤੁਸ਼ਟੀ ਦਿੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਆਪਣੀ ਮੁਹਾਰਤ ਨੂੰ ਹੋਰ ਬੇਹਤਰ ਬਣਾਉਣ ਲਈ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਭੇਜ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਵੱਲੋਂ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਵੀ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਸ਼ਨ, ਨੀਟ, ਜੇਈਈ, ਕਲਾਟ ਅਤੇ ਨਿਫਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਲਗਭਗ 300 ਵਿਦਿਆਰਥੀਆਂ ਨੇ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੁਣ ਪਹਿਲੀ ਵਾਰ ਖੇਤਾਂ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨੇ ਉਨ੍ਹਾਂ ਦੇ ਜੀਵਨ ਨੂੰ ਪੂਰੀ ਤਰ੍ਹਾਂ ਤਬਦੀਲ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਸੂਬਾ ਸਰਕਾਰ ਆਮ ਆਦਮੀ ਨੂੰ ਇੰਨੀਆਂ ਸਹੂਲਤਾਂ ਦੇ ਰਹੀ ਹੈ, ਦੂਜੇ ਪਾਸੇ ਦਿੱਲੀ ਦੀ ਭਾਜਪਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਜਨਤਾ ਨੂੰ ਦਿੱਤੀਆਂ ਜਾਣ ਵਾਲੀਆਂ ਅਜਿਹੀਆਂ ਸਾਰੀਆਂ ਸਹੂਲਤਾ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਪਾਰਟੀਆਂ ਆਮ ਆਦਮੀ ਦੇ ਲਾਭ ਲਈ ਕੋਈ ਵੀ ਨੀਤੀ ਸ਼ੁਰੂ ਕਰਨ ਦੇ ਖ਼ਿਲਾਫ਼ ਹਨ ਅਤੇ ਅਜਿਹੀਆਂ ਨੀਤੀਆਂ ਦਾ ਹਮੇਸ਼ਾ ਵਿਰੋਧ ਕਰਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਅਤੇ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਨਤਾ 'ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਕਾਹਨੂੰਵਾਨ ਨੂੰ ਇੱਕ ਸਬ ਡਿਵੀਜ਼ਨ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇੱਕ ਅਤਿ-ਆਧੁਨਿਕ ਸਟੇਡੀਅਮ ਵੀ ਸਥਾਪਿਤ ਕੀਤਾ ਜਾਵੇਗਾ ਅਤੇ ਬੰਦ ਆਈ.ਟੀ.ਆਈਜ਼. ਨੂੰ ਵੀ ਮੁੜ ਸ਼ੁਰੂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਦੀਆਂ ਅਤੇ ਧਾਲੀਵਾਲ ਵਿਖੇ ਸੀਵਰੇਜ ਵਿਛਾਉਣ ਦਾ ਕੰਮ ਵੀ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਝਾ ਖੇਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਅਕੈਡਮੀ ਦੀ ਤਰਜ਼ 'ਤੇ ਸਿਖਲਾਈ ਕੇਂਦਰ ਸਥਾਪਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਧਾਲੀਵਾਲ ਵੂਲਣ ਮਿੱਲ ਨੂੰ ਦੁਬਾਰਾ ਖੋਲ੍ਹਣ ਦਾ ਮੁੱਦਾ ਵੀ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਿਵੇਸ਼ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਬੇਮਿਸਾਲ ਯਤਨਾਂ ਨਾਲ ਸੂਬਾ ਸਰਕਾਰ ਨੇ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਕੀਤੇ ਹਨ ਜਿਸ ਨਾਲ ਨੌਜਵਾਨਾਂ ਲਈ 5.20 ਲੱਖ ਨੌਕਰੀਆਂ ਦੇ ਨਵੇਂ ਮੌਕੇ ਪੈਦਾ ਹੋ ਸਕਣਗੇ।