ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਸਰਕਾਰ
ਸੁਨਾਮ : ਖਨੌਰੀ ਅਤੇ ਸ਼ੰਭੂ ਮੋਰਚੇ ਦੀਆਂ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਅੰਮ੍ਰਿਤਸਰ ਵਿਖੇ ਸੁੱਤੇ ਪਏ ਕਿਸਾਨਾਂ ਤੇ ਕੀਤੇ ਲਾਠੀਚਾਰਜ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਕਾਰਕੁਨਾਂ ਨੇ ਮੰਗਲਵਾਰ ਨੂੰ ਛਾਜਲੀ ਵਿਖੇ ਸੂਬਾ ਸਰਕਾਰ ਦੀ ਅਰਥੀ ਫੂਕੀ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਗੁਰਚਰਨ ਸਿੰਘ ਬਿਗੜਵਾਲ, ਦਰਸ਼ਨ ਸਿੰਘ ਅਤੇ ਪਰਮਜੀਤ ਸਿੰਘ ਮੈਦੇਵਾਸ ਨੇ ਆਖਿਆ ਕਿ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈਕੇ ਅੰਮ੍ਰਿਤਸਰ ਵਿਖੇ ਕੀਤੇ ਜਾ ਰਹੇ ਸੰਘਰਸ਼ ਸਮੇਂ ਪੁਲਿਸ ਵੱਲੋਂ ਸੁੱਤੇ ਪਏ ਕਿਸਾਨਾਂ ਅਤੇ ਮਜ਼ਦੂਰਾਂ ਤੇ ਲਾਠੀਚਾਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਮੋਰਚੇ ਨੂੰ ਖਦੇੜਨ ਲਈ ਲਾਠੀਚਾਰਜ ਕੀਤਾ ਗਿਆ ਹੈ, ਅਜਿਹੇ ਵਰਤਾਰੇ ਨੂੰ ਕਦਾਚਿੱਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਵੱਲੋਂ ਸ਼ੰਭੂ ਖਨੌਰੀ ਮੋਰਚੇ ਨੂੰ ਉਜਾੜਕੇ ਪੰਜਾਬ ਦੇ ਕਿਸਾਨਾਂ ਦਾ 3 ਕਰੋੜ 77 ਲੱਖ ਰੁਪਏ ਦਾ ਨੁਕਸਾਨ ਕੀਤਾ ਗਿਆ ਉਹਦੀ ਭਰਪਾਈ ਲਈ ਕਿਸਾਨ ਮਜ਼ਦੂਰ ਮੋਰਚਾ ਲੰਮੇ ਸਮੇਂ ਤੋਂ ਲੜਾਈ ਲੜ ਰਿਹਾ ਹੈ ਲੇਕਿਨ ਪਰ ਮੰਗਲਵਾਰ ਨੂੰ ਸਵੇਰੇ ਫੇਰ ਭਗਵੰਤ ਮਾਨ ਸਰਕਾਰ ਵੱਲੋਂ ਮੋਦੀ ਸਰਕਾਰ ਦਾ ਹੱਥ ਠੋਕਾ ਬਣਕੇ ਮੋਰਚੇ ਨੂੰ ਖਦੇੜ ਕੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਜਸਵਿੰਦਰ ਸਿੰਘ ਲੌਂਗੋਵਾਲ ਤੇ ਸਰਵਨ ਸਿੰਘ ਪੰਧੇਰ ਸਮੇਤ ਸੈਂਕੜੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣਕੇ ਕੰਮ ਕਰ ਰਹੀ ਹੈ।