ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੀ ਸ਼ਹੀਦ ਊਧਮ ਸਿੰਘ ਚੇਅਰ ਵੱਲੋਂ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਆਈ. ਸੀ. ਐੱਸ. ਐੱਸ. ਆਰ. - ਐੱਨ. ਡਬਲਿਊ. ਆਰ. ਸੀ., ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸਪਾਂਸਰਸ਼ਿਪ ਨਾਲ਼ ਕਰਵਾਏ ਜਾ ਰਹੇ ਇਸ ਸੈਮੀਨਾਰ ਦਾ ਵਿਸ਼ਾ 'ਸ਼ਹੀਦ ਊਧਮ ਸਿੰਘ: ਜੀਵਨ ਅਤੇ ਭਾਰਤ ਦੀ ਆਜ਼ਾਦੀ ਦੀ ਲਹਿਰ ਵਿੱਚ ਉਨ੍ਹਾਂ ਦਾ ਯੋਗਦਾਨ' ਹੈ।
ਸੈਮੀਨਾਰ ਦੇ ਉਦਘਾਟਨੀ ਸੈਸ਼ਨ ਵਿੱਚ ਪੰਜਾਬ ਸਰਕਾਰ ਤੋਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਜਗਦੀਪ ਕੰਬੋਜ ਗੋਲਡੀ, ਵਿਧਾਇਕ (ਜਲਾਲਾਬਾਦ), ਅਤੇ ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਮਾਲੇਰਕੋਟਲਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਿਰ ਹੋਏ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਇਤਿਹਾਸ ਵਿਭਾਗ ਤੋਂ ਪ੍ਰੋਫ਼ੈਸਰ ਅੰਜੂ ਸੂਰੀ ਵੱਲੋਂ ਮੁੱਖ-ਸੁਰ ਭਾਸ਼ਣ ਦਿੱਤਾ ਗਿਆ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਹੀਦw ਦੀ ਦੇਸ਼ਭਗਤੀ ਨੂੰ ਪ੍ਰਣਾਮ ਕਰਦਿਆਂ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਸਾਰਥਕ ਜੀਵਨ ਜਿਊਣ ਦਾ ਸੱਦਾ ਦਿੱਤਾ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਕ੍ਰਾਂਤੀਕਾਰੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਯੂਨੀਵਰਸਿਟੀ ਵਿੱਚ ਸਥਾਪਿਤ 'ਸ਼ਹੀਦ ਊਧਮ ਸਿੰਘ ਚੇਅਰ' ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਅਜਿਹੇ ਨਾਇਕਾਂ ਦੇ ਜੀਵਨ-ਸੰਘਰਸ਼ ਅਤੇ ਉਨ੍ਹਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੈਮੀਨਾਰ ਨਾ ਸਿਰਫ਼ ਇਤਿਹਾਸਕ ਤੱਥਾਂ ਨੂੰ ਉਜਾਗਰ ਕਰੇਗਾ, ਸਗੋਂ ਖੋਜਾਰਥੀਆਂ ਲਈ ਸ਼ਹੀਦ ਊਧਮ ਸਿੰਘ ਦੇ ਜੀਵਨ ਦੇ ਅਣਗੌਲੇ ਪਹਿਲੂਆਂ 'ਤੇ ਕੰਮ ਕਰਨ ਲਈ ਇੱਕ ਨਵਾਂ ਰਾਹ ਵੀ ਦਸੇਰਾ ਬਣੇਗਾ। ਵਿਸ਼ੇਸ਼ ਮਹਿਮਾਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਮੁਹੰਮਦ ਜਮੀਲ ਉਰ ਰਹਿਮਾਨ ਨੇ ਸ਼ਹੀਦ ਊਧਮ ਸਿੰਘ ਦੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਵਾਲੇ ਅਟੱਲ ਵਿਸ਼ਵਾਸ ਦੀ ਸ਼ਲਾਘਾ ਕੀਤੀ। ਪ੍ਰੋਫ਼ੈਸਰ ਅੰਜੂ ਸੂਰੀ ਨੇ ਇਤਿਹਾਸਕ ਦਸਤਾਵੇਜ਼ਾਂ ਦੇ ਹਵਾਲੇ ਨਾਲ ਭਾਰਤੀ ਆਜ਼ਾਦੀ ਸੰਗਰਾਮ ਵਿੱਚ ਸ਼ਹੀਦ ਊਧਮ ਸਿੰਘ ਦੀ ਅੰਤਰ-ਰਾਸ਼ਟਰੀ ਪੱਧਰ 'ਤੇ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਸ਼ਹੀਦ ਊਧਮ ਸਿੰਘ ਚੇਅਰ ਦੇ ਇੰਚਾਰਜ ਪ੍ਰੋਫੈਸਰ ਮੁਹੰਮਦ ਇਦਰੀਸ ਨੇ ਸਾਰੇ ਡੈਲੀਗੇਟਾਂ ਦਾ ਨਿੱਘਾ ਸਵਾਗਤ ਕੀਤਾ। ਉਦਘਾਟਨੀ ਭਾਸ਼ਣ ਪ੍ਰੋਫੈਸਰ ਜਿਗਰ ਮੁਹੰਮਦ, ਸਾਬਕਾ ਪ੍ਰੋਫੈਸਰ, ਇਤਿਹਾਸ ਵਿਭਾਗ, ਜੰਮੂ ਯੂਨੀਵਰਸਿਟੀ ਦੁਆਰਾ ਪੇਸ਼ ਕੀਤਾ ਗਿਆ। ਸ਼ੈਸ਼ਨ ਦੇ ਅੰਤ ਵਿੱਚ ਪ੍ਰੋਫੈਸਰ ਜਸਵਿੰਦਰ ਸਿੰਘ ਬਰਾੜ, ਡੀਨ ਅਕਾਦਮਿਕ ਮਾਮਲੇ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਆਰਾ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਸਟੇਜ ਦਾ ਸੰਚਾਲਨ ਡਾ. ਕਰਮਜੀਤ ਕੌਰ ਮਲਹੋਤਰਾ ਦੁਆਰਾ ਕੀਤਾ ਗਿਆ। ਇਸ ਉਪਰੰਤ ਹੋਏ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਪ੍ਰੋਫੈਸਰ ਸੁਖਮਨੀ ਬਲ ਰਿਆੜ, ਸਾਬਕਾ ਪ੍ਰੋਫੈਸਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਕੀਤੀ ਅਤੇ ਡਾ. ਬਲਵਿੰਦਰਜੀਤ ਕੌਰ ਭੱਟੀ, ਸਾਬਕਾ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਸਹਿ-ਪ੍ਰਧਾਨਗੀ ਕੀਤੀ। ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਡੈਲੀਗੇਟਾਂ ਨੇ ਸੈਮੀਨਾਰ ਵਿੱਚ ਸਰਗਰਮੀ ਨਾਲ ਹਿੱਸਾ ਲਿਆ।