ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ ਐੱਸ.ਏ.ਐੱਸ. ਨਗਰ ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਦੀ ਅਗਵਾਈ ਹੇਠ ਅਤੇ ਸ਼੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਹਾਜ਼ਰੀ ਵਿੱਚ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐੱਸ.ਏ.ਐੱਸ. ਨਗਰ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਆਈ.ਈ.ਸੀ. ਕੰਪੋਨੈਂਟ ਅਧੀਨ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਈ.ਈ.ਸੀ. ਕੰਪੋਨੈਂਟ ਤਹਿਤ ਪਿੰਡ ਅਤੇ ਬਲਾਕ ਪੱਧਰ ‘ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਜਿਵੇਂ ਕਿ ਕੈਂਪ, ਨੁੱਕੜ ਨਾਟਕ ਆਦਿ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅਗਲੇ 40 ਦਿਨਾਂ ਤੱਕ ਪਬਲੀਸਿਟੀ ਵੈਨ ਰਾਹੀਂ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਇਸ ਵੈਨ ਰਾਹੀਂ ਵਿਭਾਗ ਵੱਲੋਂ ਤਿਆਰ ਕੀਤੇ ਜਾਗਰੂਕਤਾ ਪਰਚਿਆਂ ਦੀ ਵੰਡ ਕੀਤੀ ਜਾਵੇਗੀ ਅਤੇ ਆਡੀਓ ਸੁਨੇਹਿਆਂ ਰਾਹੀਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੁਰੱਖਿਆ, ਮਿੱਟੀ ਦੀ ਉਪਜਾਊਸ਼ਕਤੀ ਨੂੰ ਬਣਾਈ ਰੱਖਣ ਅਤੇ ਜੀਵ-ਜੰਤੂਆਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ. ਨਗਰ ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਤੂੜੀ ਤਿਆਰ ਕੀਤੀ ਜਾਵੇ ਅਤੇ ਇਸਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਿਆ ਜਾਵੇ। ਉਨ੍ਹਾਂ ਦੱਸਿਆ ਕਿ ਤੂੜੀ ਸੁੱਕੇ ਚਾਰੇ ਵਜੋਂ ਸਾਲ ਭਰ ਵਰਤੀ ਜਾ ਸਕਦੀ ਹੈ ਅਤੇ ਇਸ ਦਾ ਮੰਡੀ ਵਿੱਚ ਵਧੀਆ ਭਾਅ ਵੀ ਮਿਲਦਾ ਹੈ।ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ. ਗੁਰਦਿਆਲ ਕੁਮਾਰ, ਡਾ. ਜਸਵਿੰਦਰ ਸਿੰਘ, ਡਾ. ਹਰਮੀਤ ਕੌਰ (ਕੇ.ਵੀ.ਕੇ.), ਸ਼੍ਰੀ ਗੁਰਚਮਨ ਸਿੰਘ ਤਕਨੀਕੀ ਸਹਾਇਕ, ਸ਼੍ਰੀ ਰੁਪਿੰਦਰ ਸਿੰਘ ਅੰਕੜਾ ਸਹਾਇਕ, ਸ਼੍ਰੀ ਸੁਰਿੰਦਰ ਸਿੰਘ ਸੀਨੀਅਰ ਸਹਾਇਕ, ਸ਼੍ਰੀ ਲਖਵਿੰਦਰ ਸਿੰਘ ਜੂਨੀਅਰ ਤਕਨੀਸ਼ੀਅਨ ਸਮੇਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।