ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 15ਵੀਂ ਬੱਸ ਨੂੰ ਵਿਧਾਇਕ ਕੁਲਵੰਤ ਸਿੰਘ ਵੱਲੋਂ ਗੁਰਦੁਆਰਾ ਸਾਚਾ ਧੰਨ ਸਾਹਿਬ ਕੋਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਾਵੇਂ ਮੋਹਾਲੀ ਹਲਕੇ ਦੇ ਬਹੁਤ ਸਾਰੇ ਪਰਿਵਾਰ ਆਪਣੇ ਤੌਰ ‘ਤੇ ਤੀਰਥ ਯਾਤਰਾ ਕਰਨ ਦੇ ਸਮਰੱਥ ਹਨ, ਪਰ ਸੰਗਤੀ ਰੂਪ ਵਿੱਚ ਇਕੱਠੇ ਹੋ ਕੇ ਯਾਤਰਾ ਕਰਨ ਦਾ ਆਪਣਾ ਹੀ ਵਿਲੱਖਣ ਆਨੰਦ ਹੁੰਦਾ ਹੈ। ਉਨ੍ਹਾਂ ਕਿਹਾ ਕਿ ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਪਰਿਵਾਰਾਂ ਵਿੱਚ ਧਾਰਮਿਕਤਾ ਦੇ ਨਾਲ-ਨਾਲ ਆਪਸੀ ਭਾਈਚਾਰੇ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ। ਯਾਤਰਾ ਤੋਂ ਵਾਪਸੀ ਉਪਰੰਤ ਲੋਕ ਆਪਣੇ ਤਜਰਬੇ ਸਾਂਝੇ ਕਰਦੇ ਹਨ ਅਤੇ ਸਮਾਜਿਕ ਮਸਲਿਆਂ ‘ਤੇ ਵੀ ਇਕ-ਦੂਜੇ ਨਾਲ ਸਲਾਹ-ਮਸ਼ਵਰਾ ਕਰਦੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਹਰ ਬੱਸ ਵਿੱਚ ਮੈਡੀਕਲ ਮਾਹਿਰ ਅਤੇ ਗਾਈਡ ਦੀ ਸਹੂਲਤ ਉਪਲਬਧ ਹੈ, ਜਿਸ ਨਾਲ ਯਾਤਰਾ ਸੁਖਦ ਅਤੇ ਸੁਰੱਖਿਅਤ ਬਣਾਈ ਗਈ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀ ਪਾਰਟੀਆਂ ‘ਤੇ ਤੰਜ ਕੱਸਦਿਆਂ ਕਿਹਾ ਕਿ ਉਹਨਾਂ ਕੋਲ ਹੁਣ ਕੋਈ ਢੰਗ ਦਾ ਮੁੱਦਾ ਨਹੀਂ ਬਚਿਆ, ਇਸ ਲਈ ਧਾਰਮਿਕ ਯਾਤਰਾਵਾਂ ‘ਤੇ ਵੀ ਅਣਉਚਿਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਹੋਰ ਦੱਸਿਆ ਕਿ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਜਲਦੀ ਹੀ ਹਜ਼ੂਰ ਸਾਹਿਬ ਲਈ ਬੱਸਾਂ ਦੀ ਗਿਣਤੀ ਵਧਾਈ ਜਾਵੇਗੀ, ਕਿਉਂਕਿ ਇਸ ਵੇਲੇ ਕੇਵਲ ਇੱਕ ਬੱਸ ਹੀ ਇਸ ਯਾਤਰਾ ਲਈ ਚੱਲਦੀ ਹੈ।
ਇਸ ਮੌਕੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਖੁਦ ਇਸ ਯਾਤਰਾ ਦਾ ਅਨੁਭਵ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇੱਕ ਬਜ਼ੁਰਗ ਮਹਿਲਾ ਨੇ ਇਸ ਯਾਤਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕੀਤੇ ਪ੍ਰਬੰਧ ਪਹਿਲਾਂ ਨਾਲੋਂ ਕਾਫੀ ਬਿਹਤਰ ਹਨ ਅਤੇ ਸ਼ਰਧਾਲੂਆਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਫੂਲਰਾਜ ਸਿੰਘ, ਅਕਬਿੰਦਰ ਸਿੰਘ ਗੋਸਲ (ਚੇਅਰਮੈਨ), ਗਗਨਦੀਪ ਸਿੰਘ ਰਾਜਾ, ਹਰਿੰਦਰ ਸਿੰਘ, ਕੁਲਦੀਪ ਕੌਰ, ਕੁਲਵਿੰਦਰ ਜੀਤ ਕੌਰ, ਸ਼ਰਨਜੀਤ ਕੌਰ (ਬਲਾਕ ਪ੍ਰਧਾਨ), ਤਰਲੋਚਨ ਸਿੰਘ, ਡਾ. ਕੁਲਦੀਪ ਸਿੰਘ, ਹਰਮੇਸ਼ ਸਿੰਘ, ਗੁਰਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਵਿਕੀ ਸਮੇਤ ਹੋਰ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ:
ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 15ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ।