ਅਜਨਾਲਾ : ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ, ਪੰਜਾਬ ਦੇ ਸਹਿਯੋਗ ਨਾਲ ਸੋਸ਼ਲ ਵੈਲਫੇਅਰ ਰੈਡ ਰਿਬਨ ਕਲੱਬ ਰਮਦਾਸ ਵੱਲੋਂ ਏਡਜ਼ ਰੋਕਥਾਮ ਅਤੇ ਨਸ਼ਿਆਂ ਵਿਰੁੱਧ ਇੱਕ ਰੋਜ਼ਾ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਅਤੇ ਖ਼ਤਰਨਾਕ ਬਿਮਾਰੀਆਂ ਬਾਰੇ ਸਚੇਤ ਕਰਨਾ ਸੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਡਿਪਟੀ ਐਡਵੋਕੇਟ ਜਨਰਲ ਰਾਜੀਵ ਮੈਦਾਨ ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਕਿਹਾ ਕਿ ਅੱਜਕੱਲ੍ਹ ਨਸ਼ਿਆਂ ਦੀ ਲਤ ਨੌਜਵਾਨ ਪੀੜ੍ਹੀ ਨੂੰ ਤੇਜ਼ੀ ਨਾਲ ਆਪਣੀ ਲਪੇਟ ਵਿੱਚ ਲੈ ਰਹੀ ਹੈ, ਜੋ ਕਿ ਬਹੁਤ ਹੀ ਚਿੰਤਾਜਨਕ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਆਪਣੀ ਜ਼ਿੰਦਗੀ ਨੂੰ ਸਹੀ ਦਿਸ਼ਾ ਵਿੱਚ ਲੈ ਜਾਣ ਲਈ ਖੇਡਾਂ ਅਤੇ ਸਿੱਖਿਆ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਏਡਜ਼ ਅਤੇ ਕਾਲਾ ਪੀਲੀਆ ਵਰਗੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਬਹੁਤ ਜ਼ਰੂਰੀ ਹੈ ਅਤੇ ਸਹੀ ਜਾਣਕਾਰੀ ਨਾਲ ਹੀ ਇਨ੍ਹਾਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਮਾਜ ਵਿੱਚ ਵੀ ਹੋਰ ਲੋਕਾਂ ਨੂੰ ਜਾਗਰੂਕ ਕਰਨ। ਸੈਮੀਨਾਰ ਦੌਰਾਨ ਵੱਖ-ਵੱਖ ਵਕਤਾਵਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜਕ ਬੁਰਾਈਆਂ ਦੇ ਖ਼ਿਲਾਫ਼ ਇਕੱਠੇ ਹੋਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਉਪਸਥਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ ਅਤੇ ਸਿਹਤ ਸੰਬੰਧੀ ਜਾਣਕਾਰੀ ਵੀ ਦਿੱਤੀ ਗਈ। ਮੁੱਖ ਮਹਿਮਾਨ ਰਾਜੀਵ ਮੈਦਾਨ ਨੇ ਇਸ ਮੌਕੇ ਅਜੇ ਕੁਮਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਜਾਗਰੂਕਤਾ ਸੈਮੀਨਾਰ ਸਮਾਜ ਲਈ ਬਹੁਤ ਹੀ ਲਾਭਕਾਰੀ ਹੁੰਦੇ ਹਨ ਅਤੇ ਇਹ ਨੌਜਵਾਨਾਂ ਨੂੰ ਸਹੀ ਰਸਤਾ ਦਿਖਾਉਂਦੇ ਹਨ। ਇਸ ਮੌਕੇ ਅਜੇ ਕੁਮਾਰ, ਮੈਡਮ ਗੁਰਦੀਪ ਕੌਰ, ਅਮਰਜੀਤ ਕੌਰ, ਮੈਡਮ ਪੂਜਾ, ਕਰਨਜੀਤ ਸਿੰਘ ਬਿੱਟੂ, ਮਿੱਠੂ ਰਮਦਾਸ ਅਤੇ ਹਰਪਾਲ ਸਿੰਘ ਸਮੇਤ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।