ਲਾਲੜੂ/ਡੇਰਾਬੱਸੀ : ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ “ਸ਼ਾਨਦਾਰ 4 ਸਾਲ — ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਐਮ.ਐਲ.ਏ. ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾਬੱਸੀ ਦੇ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਗਿਆ। ਇਸ ਤਹਿਤ ਉਨ੍ਹਾਂ ਪਿੰਡ ਰਾਣੀਮਾਜਰਾ ਅਤੇ ਬਰਟਾਨਾ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨਾਲ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ।
ਇਸ ਦੌਰਾਨ ਵਿਧਾਇਕ ਰੰਧਾਵਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵੱਲ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਸਿੱਖਿਆ ਖੇਤਰ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕਰਕੇ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ, ਜਦਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟ ਤੱਕ ਜ਼ੀਰੋ ਬਿੱਲ ਦੀ ਸਹੂਲਤ ਮਿਲ ਰਹੀ ਹੈ।
ਵਿਧਾਇਕ ਰੰਧਾਵਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ 65,000 ਤੋਂ ਵੱਧ ਨੌਜੁਆਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ।
ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ।
ਲੋੜਵੰਦ ਪਰਿਵਾਰਾਂ ਲਈ ਰਾਸ਼ਨ ਸਕੀਮ ਤਹਿਤ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਵਿੱਚ ਸਹੂਲਤ ਮਿਲ ਸਕੇ।
ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਬਚਤ ਹੋਵੇਗੀ।
ਇਸ ਮੌਕੇ ਪਿੰਡ ਵਾਸੀਆਂ ਨੇ ਵੀ ਆਪਣੇ ਮੁੱਦੇ ਅਤੇ ਸੁਝਾਅ ਸਾਂਝੇ ਕੀਤੇ, ਜਿਨ੍ਹਾਂ ਨੂੰ ਧਿਆਨ ਨਾਲ ਸੁਣਦੇ ਹੋਏ ਵਿਧਾਇਕ ਰੰਧਾਵਾ ਨੇ ਭਰੋਸਾ ਦਿਵਾਇਆ ਕਿ ਹਰ ਇਕ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।