ਅਣਮਨੁੱਖੀ ਕਾਰਿਆਂ ਤੋਂ ਤੰਗ-ਪ੍ਰੇਸ਼ਾਨ ਨੇ ਕਿਸਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਆਖਿਆ ਕਿ ਪਿੰਡਾਂ ਵਿੱਚ ਮੈਡੀਕਲ ਪ੍ਰੈਕਟਿਸ ਕਰ ਰਹੇ ਡਾਕਟਰਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਛਾਪੇਮਾਰੀ ਜਾਂ ਕਾਰਵਾਈ ਨੂੰ ਉਨ੍ਹਾਂ ਦੀ ਜਥੇਬੰਦੀ ਬਰਦਾਸ਼ਤ ਨਹੀਂ ਕਰੇਗੀ। ਜੇਕਰ ਸਿਹਤ ਜਾਂ ਡਰੱਗ ਵਿਭਾਗ ਨੇ ਅਜਿਹੀ ਕੋਈ ਕਾਰਵਾਈ ਕੀਤੀ ਤਾਂ ਜਥੇਬੰਦੀ ਇਸ ਦਾ ਤਿੱਖਾ ਵਿਰੋਧ ਕਰੇਗੀ।
ਐਤਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਪੇਂਡੂ ਡਾਕਟਰਾਂ ਦੇ ਹੱਕ ਵਿੱਚ ਮਜ਼ਬੂਤੀ ਨਾਲ ਆਵਾਜ਼ ਉਠਾਈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਿਹਤ ਸੇਵਾਵਾਂ ਦੇ ਰਹੇ ਇਹ ਡਾਕਟਰ ਪੇਂਡੂਆਂ ਲਈ 'ਮਸੀਹਾ' ਸਾਬਤ ਹੋ ਰਹੇ ਹਨ, ਜਿਹੜੇ 24 ਘੰਟੇ ਐਮਰਜੈਂਸੀ ਸੇਵਾਵਾਂ ਲਈ ਤਿਆਰ ਰਹਿੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਪੱਧਰ 'ਤੇ ਪਿੰਡਾਂ ਵਿੱਚ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਵਿੱਚ ਹੁਣ ਤੱਕ ਦੀਆਂ ਸਾਰੀਆਂ ਸਰਕਾਰਾਂ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ।
ਡੱਬੀ- ਖੇਤੀ ਨੀਤੀ ਅਤੇ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ -
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਤਿੱਖਾ ਹਮਲਾ ਬੋਲਿਆ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੀ 'ਖੇਤੀ ਨੀਤੀ' ਨੂੰ ਤੁਰੰਤ ਜਨਤਕ ਕਰੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਨੀਤੀ ਦਾ ਐਲਾਨ ਤਾਂ ਕੀਤਾ ਸੀ ਪਰ ਬਾਅਦ ਵਿੱਚ ਇਸ ਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀ ਨੀਤੀ ਨੂੰ ਸੰਦੂਕ ਵਿੱਚ ਬੰਦ ਰੱਖਣ ਨਾਲ ਕਿਸਾਨਾਂ ਦਾ ਭਲਾ ਨਹੀਂ ਹੋਣ ਵਾਲਾ।
' ਅਣਮਨੁੱਖੀ ਅੱਤਿਆਚਾਰ' ਤੋਂ ਤੰਗ ਹੈ ਕਿਸਾਨ -
ਮੁਲਕ ਦੇ ਦੂਜੇ ਰਾਜਾਂ ਵਿੱਚ 'ਆਪ' ਨੇਤਾਵਾਂ ਦੇ ਦਾਅਵਿਆਂ ਨੂੰ 'ਝੂਠ ਦਾ ਪੁਲੰਦਾ' ਕਰਾਰ ਦਿੰਦਿਆਂ ਉਗਰਾਹਾਂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਮੌਜੂਦਾ ਸਰਕਾਰ ਦੇ ਅਣਮਨੁੱਖੀ ਅੱਤਿਆਚਾਰਾਂ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਬਠਿੰਡਾ ਤੇ ਅੰਮ੍ਰਿਤਸਰ ਵਿੱਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਲੱਤਾਂ ਤੋੜੀਆਂ ਜਾ ਰਹੀਆਂ ਹਨ ਅਤੇ ਸਿਰ ਪਾੜੇ ਜਾ ਰਹੇ ਹਨ। ਉਨ੍ਹਾਂ ਸਵਾਲ ਉਠਾਇਆ ਕਿ ਸਰਕਾਰ ਦੱਸੇ ਕਿ ਆਖ਼ਰ ਪਿਛਲੇ ਪੰਜ ਸਾਲਾਂ ਵਿੱਚ 16 ਮੈਡੀਕਲ ਕਾਲਜ ਕਿੱਥੇ ਖੋਲ੍ਹੇ ਗਏ ਅਤੇ ਨਵੀਆਂ ਨਹਿਰਾਂ ਕਿੱਥੇ ਕੱਢੀਆਂ ਗਈਆਂ?
ਉਗਰਾਹਾਂ ਨੇ ਸੂਬੇ ਦੀਆਂ ਸਿਹਤ ਯੋਜਨਾਵਾਂ ਨੂੰ ਵੀ ਕਟਹਿਰੇ ਵਿੱਚ ਖੜ੍ਹਾ ਕੀਤਾ। ਉਨ੍ਹਾਂ ਪੁੱਛਿਆ ਕਿ ਸਰਕਾਰ ਇਹ ਸਪੱਸ਼ਟ ਕਰੇ ਕਿ ਕੀ ਉਨ੍ਹਾਂ ਦੀ ਮੌਜੂਦਾ ਸਿਹਤ ਯੋਜਨਾ 'ਆਯੂਸ਼ਮਾਨ ਭਾਰਤ' ਦਾ ਹੀ ਹਿੱਸਾ ਹੈ ਜਾਂ ਕੁਝ ਹੋਰ? ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਰਿਟੇਲ ਸੈਕਟਰ ਨੂੰ ਤਬਾਹ ਕਰ ਰਹੀ ਹੈ ਅਤੇ ਸਿਰਫ਼ ਵੱਡੇ ਪੂੰਜੀਪਤੀਆਂ ਦੇ ਹਿੱਤਾਂ ਨੂੰ ਸਾਧਣ ਵਿੱਚ ਜੁਟੀ ਹੈ।