ਸੁਨਾਮ : ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਲੌਂਗੋਵਾਲ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਏ ਗਏ 'ਚੌਥੇ ਕਬੱਡੀ ਕੱਪ' ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਰਾਜਿੰਦਰ ਦੀਪਾ ਨੇ ਆਖਿਆ ਕਿ ਖੇਡਾਂ ਮਨੁੱਖ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰੱਖਦੀਆਂ ਹਨ। ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਟੂਰਨਾਮੈਂਟ ਕਮੇਟੀ ਦੇ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦਾ ਨੌਜਵਾਨ ਨਸ਼ਿਆਂ ਵਰਗੀਆਂ ਅਲਾਮਤਾਂ ਵਿੱਚ ਗ੍ਰਸਤ ਹੋ ਰਿਹਾ ਹੈ। ਖੇਡਾਂ ਵੱਲ ਧਿਆਨ ਦੇਣ ਨਾਲ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹੇਗੀ। ਉਨ੍ਹਾਂ ਆਖਿਆ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਕਦਮ ਹਨ। ਪ੍ਰਬੰਧਕ ਕਮੇਟੀ ਵੱਲੋਂ ਰਾਜਿੰਦਰ ਦੀਪਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਕਮਲ ਬਰਾੜ ਪ੍ਰਧਾਨ, ਬੱਲੀ ਰੰਧਾਵਾ, ਰਣਜੀਤ ਸਿੰਘ ਕੂਕਾ ਐਮ ਸੀ, ਗੁਰਮੀਤ ਲੱਲੀ ਐਮ ਸੀ, ਮੋਂਟੂ ਲੋਂਗੋਵਾਲ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।