ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਕੋਮਲ ਮਿੱਤਲ ਨੇ ਮਿਤੀ 31.03.2026 ਨੂੰ ਮਹਾਂਵੀਰ ਜੈਅੰਤੀ (ਅਹਿੰਸਾ ਦਿਵਸ) ਦੇ ਅਵਸਰ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਇਸ ਦਿਨ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਂਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ ਫਾਇਦਾ ਉਠਾਇਆ ਜਾ ਸਕਦਾ ਹੈ।
ਇਸ ਲਈ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਜ਼ਿਲ੍ਹੇ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ
ਇਸ ਦਿਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਿਤ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਜਾਂਦਾ ਹੈ। ਇਸ ਦਿਨ ਹੋਟਲ-ਢਾਬਿਆਂ ਅਤੇ ਅਹਾਤਿਆਂ ਵਿੱਚ ਮੀਟ ਅਤੇ ਆਂਡੇ ਬਣਾਉਣ 'ਤੇ ਪਾਬੰਦੀ ਲਾਈ ਜਾਂਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ.ਨਗਰ, ਕਮਿਸ਼ਨਰ, ਨਗਰ ਨਿਗਮ, ਐਸ.ਏ.ਐਸ. ਨਗਰ, ਸਬੰਧਤ ਕਾਰਜ ਸਾਧਕ ਅਫਸਰ, ਨਗਰ ਕੌਂਸਲ, ਸਮੂਹ ਬੀ.ਡੀ.ਪੀ.ਓ. ਅਤੇ ਡਿਪਟੀ ਡਾਇਰੈਕਟਰ, ਪਸ਼ੂ-ਪਾਲਣ ਇਸ ਹੁਕਮ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ। ਇਸ ਤੋਂ ਇਲਾਵਾ ਸਬੰਧਤ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੀ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣਗੇ।