ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ੍ਰੀਮਤੀ ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹੇ ਦੇ ਸਮੂਹ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਐਸੋਸੀਏਸ਼ਨ ਦੇ ਨਾਲ ਖੇਤੀ ਇਨਪੁਟਸ ਦੇ ਉਚਿਤ ਪ੍ਰਬੰਧਾਂ ਲਈ ਮੁੱਖ ਖੇਤੀਬਾੜੀ ਅਫਸਰ ਡਾ. ਸੁਖਜਿੰਦਰ ਸਿੰਘ ਬਾਜਵਾ ਵੱਲੋਂ ਬਲਾਕ ਪੱਧਰ ਤੇ ਮੀਟਿੰਗਾਂ ਕਰਨ ਦੀ ਹਦਾਇਤ ਕੀਤੀ ਗਈ ।
ਜ਼ਿਲ੍ਹੇ ਵਿੱਚ ਬਲਾਕ ਖੇਤੀਬਾੜੀ ਅਫਸਰ ਖਰੜ ਅਤੇ ਮਾਜਰੀ ਵੱਲੋਂ ਉਨ੍ਹਾਂ ਅਧੀਨ ਆਉਂਦੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ ਜਦਕਿ ਮੁੱਖ ਖੇਤੀਬਾੜੀ ਅਫਸਰ ਵੱਲੋਂ ਬਲਾਕ ਖੇਤੀਬਾੜੀ ਅਫਸਰ ਡੇਰਾਬਸੀ ਦੇ ਦਫਤਰ ਨਿੱਜੀ ਤੌਰ ਤੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਯੂਰੀਆ ਅਤੇ ਡੀ.ਏ.ਪੀ. ਦੀ ਘਾਟ ਸਬੰਧੀ ਫੈਲ ਰਹੀਆਂ ਅਫਵਾਹਾਂ ਤੇ ਗੰਭੀਰ ਚਰਚਾ ਕੀਤੀ ਗਈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਖਾਦਾਂ ਦੀ ਉਪਲਬੱਧਤਾ ਯਕੀਨੀ ਬਣਾਈ ਜਾ ਰਹੀ ਹੈ।
ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਸਮੂਹ ਡੀਲਰ ਖਾਦ, ਬੀਜ ਅਤੇ ਪੈਸਟੀਸਾਈਡ ਦੀ ਸਟਾਕ ਅਤੇ ਵਿਕਰੀ ਸਬੰਧੀ ਸਰਕਾਰੀ ਨਿਯਮਾਂ ਦੀ ਪੂਰੀ ਪਾਲਣਾ ਕਰਨ। ਕਿਸੇ ਵੀ ਤਰ੍ਹਾਂ ਦੀ ਕਾਲਾਬਜਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫਸਰ ਵੱਲੋਂ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਖਾਦਾਂ ਦੀ ਪਾਰਦਰਸ਼ੀ ਅਤੇ ਨਿਆਂਪੂਰਨ ਵੰਡ ਕਿਸਾਨਾਂ ਤੱਕ ਯਕੀਨੀ ਬਣਾਈ ਜਾਵੇ, ਨਾਲ ਹੀ ਚਿਤਵਾਨੀ ਦਿੱਤੀ ਗਈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਨੇ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਥਿਤੀ ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸਾਨਾਂ ਦੇ ਹਿੱਤ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।