ਅੰਮ੍ਰਿਤਸਰ : ਅੰਮ੍ਰਿਤਸਰ ਹਲਕਾ ਨੌਰਥ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ‘ਤੇ ਤਿੱਖਾ ਹਮਲਾ ਕਰਦੇ ਹੋਏ ਕਈ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਇਨਸਾਫ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਹੋ ਰਿਹਾ ਹੈ ਅਤੇ ਅੱਗੇ ਵੀ ਸੱਚ ਸਾਹਮਣੇ ਆਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਰਾਘਵ ਚੱਢਾ ਨੇ ਪੰਜਾਬ ਵਿੱਚ ਦੋ ਸਾਲ ਤੱਕ ਸਰਕਾਰੀ ਤੰਤਰ ‘ਤੇ ਪੂਰਾ ਕੰਟਰੋਲ ਬਣਾਇਆ ਰੱਖਿਆ। ਉਨ੍ਹਾਂ ਦੇ ਮੁਤਾਬਕ ਚੰਡੀਗੜ੍ਹ ਦੀ ਕੋਠੀ ਨੰਬਰ 50 ਵਿੱਚ ਬੈਠ ਕੇ ਡੀਜੀਪੀ, ਚੀਫ ਸੈਕਰੇਟਰੀ ਅਤੇ ਹੋਰ ਉੱਚ ਅਧਿਕਾਰੀ ਰਾਘਵ ਚੱਢਾ ਨੂੰ ਸਿੱਧੀ ਰਿਪੋਰਟ ਕਰਦੇ ਸਨ।
ਵਿਧਾਇਕ ਨੇ ਇਹ ਵੀ ਕਿਹਾ ਕਿ ਉਸ ਸਮੇਂ ਵਿਧਾਨ ਸਭਾ ਵਿੱਚ ਜਨਤਾ ਦੇ ਮੁੱਦੇ ਉਠਾਉਣ ਤੋਂ ਰੋਕਿਆ ਜਾਂਦਾ ਸੀ ਅਤੇ ਉਨ੍ਹਾਂ ਦੇ ਆਪਣੇ ਸਵਾਲਾਂ ਨੂੰ ਵੀ ਕਾਰਵਾਈ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਸਰ ਦੇ ਸੀਵਰੇਜ, ਪਾਣੀ ਸਪਲਾਈ, ਕੂੜਾ ਪ੍ਰਬੰਧਨ ਅਤੇ ਸਮਾਰਟ ਸਿਟੀ ਪ੍ਰੋਜੈਕਟ ਨਾਲ ਜੁੜੇ ਮੁੱਦੇ ਬਾਰ-ਬਾਰ ਉਠਾਏ ਜਾਣ ਦੇ ਬਾਵਜੂਦ ਕੋਈ ਜਵਾਬ ਨਹੀਂ ਮਿਲਿਆ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਮਾਰਟ ਸਿਟੀ ਪ੍ਰੋਜੈਕਟ ਵਿੱਚ ਵੱਡੇ ਪੱਧਰ ‘ਤੇ ਘਪਲੇ ਹੋਣ ਦਾ ਵੀ ਦੋਸ਼ ਲਗਾਇਆ। ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਪੁਲਿਸ ਅਤੇ ਕਾਨੂੰਨੀ ਮਸ਼ੀਨਰੀ ਦਾ ਗਲਤ ਇਸਤੇਮਾਲ ਕਰਦੇ ਹੋਏ ਕਈ ਸਿਆਸੀ ਮਾਮਲਿਆਂ ਵਿੱਚ ਕਾਰਵਾਈ ਕੀਤੀ ਗਈ।
ਉਨ੍ਹਾਂ ਸੁਖਪਾਲ ਸਿੰਘ ਖਹਿਰਾ, ਕੁਮਾਰ ਵਿਸ਼ਵਾਸ ਅਤੇ ਤਜਿੰਦਰ ਪਾਲ ਸਿੰਘ ਬੱਗਾ ਨਾਲ ਜੁੜੇ ਕੇਸਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਹ ਸਾਰੀ ਕਾਰਵਾਈ ਸਿਆਸੀ ਪ੍ਰੇਰਿਤ ਲੱਗਦੀ ਹੈ। ਉਨ੍ਹਾਂ ਅਖੀਰ ‘ਚ ਕਿਹਾ ਕਿ ਰਾਘਵ ਚੱਢਾ ਨੂੰ ਆਪਣੀ ਭੂਮਿਕਾ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਅਤੇ ਪੰਜਾਬ ਦੇ ਲੋਕਾਂ ਦੇ ਸਾਹਮਣੇ ਸੱਚ ਰੱਖਣਾ ਚਾਹੀਦਾ ਹੈ।