ਲੋਪੋਕੇ/ਅੰਮ੍ਰਿਤਸਰ : ਸੂਬੇ ਦੇ ਖ਼ਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਰਾਜ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਰਾਜ ਭਰ ਵਿੱਚ 3000 ਖੇਡ ਸਟੇਡੀਅਮ ਅਤੇ ਖੇਡ ਮੈਦਾਨ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਸਿੱਧ ਨਗਰ ਲੋਪੋਕੇ ਵਿਖੇ ਕਨੇਡਾ ਦੇ ਪਹਿਲੇ ਸਿੱਖ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦੀ ਯਾਦ ਨੂੰ ਸਮਰਪਿਤ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਸਟੇਡੀਅਮ ਵਿਖੇ ਕਰਵਾਏ ਗਏ ਪਹਿਲੇ ਕਬੱਡੀ ਕੱਪ ਦਾ ਉਦਘਾਟਨ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਉਪਰਾਲੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਅਹਿਮ ਰੋਲ ਅਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਮੇਵਾ ਸਿੰਘ ਜੀ ਲੋਪੋਕੇ ਦੀ ਯਾਦ ਵਿੱਚ ਅਜਿਹੇ ਖੇਡ ਮੇਲੇ ਕਰਵਾਉਣੇ ਬਹੁਤ ਵਧੀਆ ਉਪਰਾਲਾ ਹੈ ਅਤੇ ਉਹ ਇਸ ਸ਼ਾਨਦਾਰ ਉਪਰਾਲੇ ਲਈ ਨਸ਼ਾ ਮੁਕਤੀ ਮੋਰਚਾ ਦੀ ਇੰਚਾਰਜ ਮੈਡਮ ਸੋਨੀਆ ਮਾਨ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੰਦੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਪੰਜਾਬ ਦੇ ਨੌਜਵਾਨ ਇੱਕ ਵਾਰ ਫਿਰ ਕੌਮੀ ਤੇ ਕੌਮਾਂਤਰੀ ਪੱਧਰ `ਤੇ ਆਪਣਾ ਅਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਬਜਟ ਵਿੱਚ ਖੇਡਾਂ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਰਕਾਰ ਨੂੰ ਨਸ਼ਾ ਤਸਕਰਾਂ ਵਿਰੁੱਧ ਭਾਰੀ ਸਫਲਤਾ ਮਿਲੀ ਹੈ ਅਤੇ ਵੱਡੇ-ਵੱਡੇ ਤਸਕਰਾਂ ਨੂੰ ਜੇਲ੍ਹ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੀ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਕੇ ਹੀ ਸਾਹ ਲਵੇਗੀ। ਇਸ ਤੋਂ ਪਹਿਲਾਂ ਵਿੱਤ ਮੰਤਰੀ ਵੱਲੋਂ ਪਹਿਲੇ ਕਬੱਡੀ ਕੱਪ ਦੀ ਸ਼ੁਰੂਆਤ ਕਰਵਾਈ ਗਈ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਖੇਡ ਮੇਲਿਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜਾਂ ਉੱਪਰ 50 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਲੋਪੋਕੇ ਇੱਕ ਇਤਿਹਾਸਕ ਪਿੰਡ ਹੈ ਅਤੇ ਇਸ ਦੇ ਵਿਕਾਸ ਉੱਪਰ ਵੀ 20 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੀ ਇੰਚਾਰਜ ਮੈਡਮ ਸੋਨੀਆ ਨੇ ਕਿਹਾ ਕਿ ਪਿੰਡ ਲੋਪੋਕੇ ਦੇ ਵਸਨੀਕ ਰਹੇ ਕਨੇਡਾ ਦੇ ਪਹਿਲੇ ਸਿੱਖ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਉਹ ਮਹਾਨ ਇਨਸਾਨ ਸਨ ਜਿਨ੍ਹਾਂ ਨੇ ਆਪਣੇ ਦੇਸ਼-ਕੌਮ ਖਾਤਰ ਸ਼ਹਾਦਤ ਦਾ ਜ਼ਾਮ ਪੀਤਾ। ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਹੀਦ ਦੀ ਯਾਦ ਵਿੱਚ ਪਹਿਲਾ ਕਬੱਡੀ ਕੱਪ ਕਰਵਾਇਆ ਗਿਆ ਹੈ ਜਿਸ ਲਈ ਉਹ ਸਾਰੇ ਹੀ ਇਲਾਕਾ ਨਿਵਾਸੀਆਂ ਦੀ ਧੰਨਵਾਦੀ ਹੈ। ਮੈਡਮ ਸੋਨੀਆ ਮਾਨ ਨੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਸਾਬਕਾ ਸਰਪੰਚ ਅਮਰਦੀਪ ਸਿੰਘ, ਚੇਅਰਮੈਨ ਪ੍ਰਮਜੀਤ ਸਿੰਘ, ਬਲਜੀਤ ਸਿੰਘ ਸੈਦਪੁਰ, ਗੁਰਜੀਤ ਸਿੰਘ ਵਾਈਸ ਪ੍ਰਧਾਨ ਰਾਮ ਸਿੰਘ ਚੋਗਾਵਾਂ, ਕਬੱਡੀ ਕੋਚ ਰਾਮ ਸਿੰਘ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਹਤਬਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।