ਲਾਲੜੂ : ਪੰਜਾਬ ਸ਼ਹਿਰੀ ਵਿਕਾਸ ਯੋਜਨਾ ਅਧੀਨ ਨਗਰ ਕੌਂਸਲ ਲਾਲੜੂ ਵੱਲੋਂ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਚੁਣੇ ਗਏ 57 ਲਾਭਪਾਤਰੀਆਂ ਨੂੰ ਪ੍ਰਤੀ ਲਾਭਪਾਤਰੀ 2.5 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਉਣ ਲਈ ਪ੍ਰਵਾਨਗੀ ਪੱਤਰ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵੰਡੇ ਗਏ। ਇਸ ਮੌਕੇ ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਦਾ ਮੁੱਖ ਉਦੇਸ਼ ਆਮ ਜਨਤਾ, ਖਾਸ ਕਰਕੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੀ ਜੀਵਨ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਕੱਚੀਆਂ ਛੱਤਾਂ ਨੂੰ ਪੱਕੀਆਂ ਬਣਾਉਣ ਲਈ ਦਿੱਤੀ ਜਾ ਰਹੀ ਇਹ ਮਦਦ ਰਾਸ਼ੀ ਲਾਭਪਾਤਰੀਆਂ ਲਈ ਵੱਡੀ ਰਾਹਤ ਸਾਬਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਨਾਲ ਨਾ ਸਿਰਫ਼ ਲੋਕਾਂ ਨੂੰ ਸੁਰੱਖਿਅਤ ਰਹਿਣ ਲਈ ਮਜ਼ਬੂਤ ਛੱਤਾਂ ਪ੍ਰਾਪਤ ਹੋਣਗੀਆਂ, ਸਗੋਂ ਉਨ੍ਹਾਂ ਦੀ ਜੀਵਨ ਗੁਣਵੱਤਾ ਵਿੱਚ ਵੀ ਮਹੱਤਵਪੂਰਨ ਸੁਧਾਰ ਆਵੇਗਾ। ਲਾਭਪਾਤਰੀਆਂ ਨੇ ਇਸ ਮੌਕੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸਹਾਇਤਾ ਨਾਲ ਉਹ ਆਪਣੇ ਘਰਾਂ ਨੂੰ ਪੱਕਾ ਅਤੇ ਸੁਰੱਖਿਅਤ ਬਣਾਉਣ ਵਿੱਚ ਸਮਰੱਥ ਹੋਣਗੇ। ਜ਼ਿਕਰਯੋਗ ਹੈ ਕਿ ਇਹ ਗ੍ਰਾਂਟ ਲਾਭਪਾਤਰੀਆਂ ਨੂੰ ਪੜਾਅਵਾਰ ਢੰਗ ਨਾਲ ਉਸਾਰੀ ਸ਼ੁਰੂ ਕਰਨ ਤੋਂ ਲੈ ਕੇ, ਮੁਕੰਮਲ ਕਰਨ ਤੱਕ ਵੱਖ ਵੱਖ ਕਿਸ਼ਤਾਂ ਵਿੱਚ ਮਿਲੇਗੀ।