ਨਵੀਂ ਦਿੱਲੀ/ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਅਤੇ ਮੰਡੀਆਂ ਲਈ ਕਈ ਅਹਿਮ ਰਾਹਤ ਉਪਾਅ ਯਕੀਨੀ ਬਣਾਏ। ਇਸ ਦੌਰਾਨ ਕੇਂਦਰ ਨੇ ਪੰਜਾਬ ਵਿੱਚ ਪਏ 155 ਲੱਖ ਮੀਟ੍ਰਿਕ ਟਨ ਅਨਾਜ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਸਹਿਮਤੀ ਦਿੱਤੀ ਜਿਸ ਨਾਲ ਹਾੜੀ ਮੰਡੀਕਰਨ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਅਨਾਜ ਦੇ ਭੰਡਾਰਨ ਸਬੰਧੀ ਗੰਭੀਰ ਸੰਕਟ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ। ਇਸ ਦਖਲ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ 'ਤੇ ਬੋਝ ਬਣੇ ਢਾਂਚਾਗਤ ਮੁੱਦਿਆਂ ਦੇ ਹੱਲ 'ਤੇ ਜ਼ੋਰ ਦਿੱਤਾ, ਜਿਸ ਵਿੱਚ ਉੱਚ ਨਕਦ ਕਰਜ਼ਾ ਵਿਆਜ ਦਰਾਂ, ਪੇਂਡੂ ਵਿਕਾਸ ਫੰਡ ਅਧੀਨ ਲੰਬਿਤ 9,000 ਕਰੋੜ ਰੁਪਏ, ਗੜੇਮਾਰੀ ਨਾਲ ਪ੍ਰਭਾਵਿਤ ਫਸਲਾਂ ਲਈ ਮੁਆਵਜ਼ਾ ਅਤੇ ਆੜ੍ਹਤੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸ਼ਾਮਲ ਹਨ। ਕੇਂਦਰੀ ਮੰਤਰੀ ਨੇ ਇਹਨਾਂ ਮੁੱਦਿਆਂ ਦੇ ਸਬੰਧ ਵਿੱਚ ਸਕਾਰਾਤਮਕ ਹੁੰਗਾਰਾ ਭਰਿਆ ਅਤੇ ਲੰਬਿਤ ਮੁੱਦਿਆਂ ਦੇ ਹੱਲ ਲਈ ਸਕੱਤਰ ਪੱਧਰੀ ਪ੍ਰਣਾਲੀ ਸਿਰਜਣ ਸਮੇਤ ਠੋਸ ਕਦਮ ਚੁੱਕਣ ਦਾ ਭਰੋਸਾ ਦਿੱਤਾ। ਐਕਸ ਹੈਂਡਲ 'ਤੇ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: "ਅੱਜ ਦਿੱਲੀ ਵਿਖੇ ਮੈਂ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਜੀ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ, ਅਸੀਂ ਆੜ੍ਹਤੀਆਂ ਦੀਆਂ ਮੰਗਾਂ ਸਮੇਤ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਫਸਲਾਂ ਦੇ ਭੰਡਾਰਨ ਸਬੰਧੀ ਭਾਰੀ ਘਾਟ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਕਵਰਡ ਗੋਦਾਮਾਂ ਵਿੱਚ 180.88 ਲੱਖ ਮੀਟਰਕ ਟਨ ਅਨਾਜ (151.20 ਲੱਖ ਮੀਟਰਕ ਟਨ ਚੌਲ ਅਤੇ 29.67 ਲੱਖ ਮੀਟਰਕ ਟਨ ਕਣਕ) ਪਹਿਲਾਂ ਹੀ ਸਟੋਰ ਕੀਤੀ ਗਈ ਹੈ ਜਦੋਂ ਕਿ ਕੁੱਲ ਉਪਲਬਧ ਕਵਰਡ ਭੰਡਾਰਨ ਸਮਰੱਥਾ ਲਗਭਗ 183 ਲੱਖ ਮੀਟਰਕ ਟਨ (173 ਲੱਖ ਮੀਟਰਕ ਟਨ ਕਵਰਡ ਗੋਦਾਮ + 10 ਲੱਖ ਮੀਟਰਕ ਟਨ ਕਣਕ ਸਾਈਲੋਜ਼) ਹੈ। ਨਤੀਜੇ ਵਜੋਂ, ਚੌਲਾਂ ਲਈ ਸਿਰਫ਼ 0.50 ਲੱਖ ਮੀਟਰਕ ਟਨ ਕਵਰਡ ਸਪੇਸ ਅਤੇ ਕਣਕ ਲਈ 1.75 ਲੱਖ ਮੀਟਰਕ ਟਨ ਸਾਈਲੋ ਸਪੇਸ ਉਪਲਬਧ ਹੈ।” ਉਨ੍ਹਾਂ ਕਿਹਾ, “ਸੂਬੇ ਵਿੱਚ 1 ਅਪ੍ਰੈਲ, 2026 ਤੋਂ ਹਾੜੀ ਮੰਡੀਕਰਨ ਸੀਜ਼ਨ (ਆਰਐਮਐਸ) 2026-27 ਸ਼ੁਰੂ ਹੋ ਗਿਆ ਹੈ, ਜਿਸ ਦੌਰਾਨ ਸੰਭਾਵੀ ਤੌਰ 'ਤੇ 130-132 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾਵੇਗੀ।” ਮੌਜੂਦਾ ਸਟਾਕ ਦੇ ਬੋਝ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੇ 38 ਲੱਖ ਮੀਟਰਕ ਟਨ ਕਣਕ ਦੇ ਸਟਾਕ ਵਿੱਚੋਂ ਲਗਭਗ 8.71 ਲੱਖ ਮੀਟਰਕ ਟਨ ਸਟਾਕ ਪਹਿਲਾਂ ਹੀ ਰਾਜ ਵਿੱਚ ਸੀਏਪੀ ਜਾਂ ਖੁੱਲ੍ਹੀ ਸਟੋਰੇਜ 'ਚ ਪਿਆ ਹੈ, ਜਿਸ ਕਾਰਨ ਵਿਗਿਆਨਕ ਢੰਗ ਨਾਲ ਭੰਡਾਰਨ ਸਮਰੱਥਾ ਦੀ ਘਾਟ ਹੋ ਗਈ ਹੈ ਅਤੇ ਲਗਭਗ 40 ਲੱਖ ਮੀਟਰਕ ਟਨ ਕਣਕ ਨੂੰ ਘੱਟ ਅਨੁਕੂਲ ਹਾਲਤਾਂ ਵਿੱਚ ਸਟੋਰ ਕਰਨਾ ਪਵੇਗਾ।ਅਨਾਜ ਦੀ ਹੌਲੀ ਚੁਕਾਈ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲਗਾਤਾਰ ਕਣਕ ਅਤੇ ਚੌਲਾਂ ਦੀ ਸੂਬੇ 'ਚੋਂ ਚੁਕਾਈ ਦੀਆਂ ਬੇਨਤੀਆਂ ਕਰਦੀ ਆ ਰਹੀ ਹੈ ਤਾਂ ਜੋ ਚੌਲਾਂ ਦੀ ਖਰੀਦ ਅਤੇ ਸਟੋਰੇਜ ਲਈ ਲੋੜੀਂਦੀ ਭੰਡਾਰਨ ਸਮਰੱਥਾ ਬਣਾਈ ਜਾ ਸਕੇ। ਉਨ੍ਹਾਂ ਅਪੀਲ ਕੀਤੀ, “ਭਾਰਤ ਸਰਕਾਰ ਨੂੰ ਡੀਐਫਪੀਡੀ ਰਾਹੀਂ ਆੜ੍ਹਤੀਆ ਕਮਿਸ਼ਨ ਵਿੱਚ ਇਸ ਮਾਮੂਲੀ ਵਾਧੇ ਦੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਪੰਜਾਬ ਖੇਤੀਬਾੜੀ ਉਪਜ ਬਾਜ਼ਾਰ ਐਕਟ, 1961 ਦੇ ਅਨੁਸਾਰ ਐਮਐਸਪੀ ਦੇ 2.5 ਫ਼ੀਸਦ ਦੀ ਦਰ ਨਾਲ ਕਮਿਸ਼ਨ ਨੂੰ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ।” ਮੁੱਖ ਮੰਤਰੀ ਨੇ ਕਿਹਾ, “ਰਾਜ ਦੀਆਂ ਏਜੰਸੀਆਂ ਆੜ੍ਹਤੀਆਂ ਤੋਂ ਅੰਡਰਟੇਕਿੰਗ ਜਾਂ ਹਲਫੀਆ ਬਿਆਨ ਪ੍ਰਾਪਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਭੁਗਤਾਨ ਕਰ ਰਹੀਆਂ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਈਪੀਐਫ ਅਧਿਕਾਰੀਆਂ ਦੁਆਰਾ ਕੋਈ ਦੇਣਦਾਰੀ ਨਿਰਧਾਰਤ ਕੀਤੀ ਜਾਂਦੀ ਹੈ, ਤਾਂ ਆੜ੍ਹਤੀਏ ਇਸਨੂੰ ਪੂਰਾ ਕਰਨਗੇ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਸ ਲਈ ਈਪੀਐਫ ਦੇ ਹਿਸਾਬ ਨਾਲ ਲੇਬਰ ਚਾਰਜ ਦਾ 30 ਫ਼ੀਸਦ ਆਪਣੇ ਕੋਲ ਰੱਖਣਾ ਕਿਸੇ ਵੀ ਢੰਗ ਨਾਲ ਸਹੀ ਨਹੀਂ ਹੈ।” ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਐਫਸੀਆਈ ਨੂੰ ਰਾਜ ਏਜੰਸੀਆਂ ਵਾਂਗ ਹਲਫੀਆ ਬਿਆਨ ਲੈ ਕੇ ਭੁਗਤਾਨ ਜਾਰੀ ਕਰਨ ਲਈ ਨਿਰਦੇਸ਼ ਦੇਣ। ਰਾਸ਼ਟਰੀ ਖੁਰਾਕ ਖਰੀਦ ਪ੍ਰਣਾਲੀ ਵਿੱਚ ਪੰਜਾਬ ਦੀ ਮੁੱਖ ਭੂਮਿਕਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ, ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ 'ਤੇ ਹੋਰ ਵਿੱਤੀ ਦਬਾਅ ਨੂੰ ਵਧਣ ਤੋਂ ਰੋਕਣ ਲਈ ਕੇਂਦਰ ਵੱਲੋਂ ਇਨ੍ਹਾਂ ਮੁੱਦਿਆਂ 'ਤੇ ਸਮੇਂ ਸਿਰ ਦਖ਼ਲ ਦੇਣ ਦੀ ਲੋੜ ਹੈ।